ਸਿਫਾਰਸ਼ ਕੀਤੇ ਗਏ ਖੇਤੀ ਰਸਾਇਣਾਂ ਦੇ ਵਧੀਆ ਨਤੀਜੇ ਲੈਣ ਲਈ ਇਨ੍ਹਾਂ ਨੁਕਤਿਆਂ ਨੂੰ ਅਪਨਾਉ...
ਖੇਤੀ ਰਸਾਇਣਾਂ (Agricultural chemicals) ਦੀ ਵਰਤੋਂ ਖੇਤੀਬਾੜੀ ਉਤਪਾਦਨ `ਚ ਕੀੜਿਆਂ, ਬਿਮਾਰੀਆਂ ਤੇ ਨਦੀਨਾਂ ਦੀ ਰੋਕਥਾਮ ਲਈ ਕੀਤੀ ਜਾਂਦੀ ਹੈ, ਤਾਂ ਜੋ ਉਨਾਂ ਤੋਂ ਹੋਣ ਵਾਲੇ ਝਾੜ ਦੇ ਨੁਕਸਾਨ ਨੂੰ ਘਟਾਇਆ ਜਾ ਸਕੇ ਤੇ ਉਤਪਾਦ ਦੀ ਉੱਚ ਗੁਣਵਤਾ ਨੂੰ ਬਣਾਏ ਰੱਖਿਆ ਜਾ ਸਕੇ। ਕੀਟਨਾਸ਼ਕਾਂ (Pesticides) ਦੀ ਵਿਆਪਕ, ਬੇਲੋੜੀ ਤੇ ਅਸੁਰਖਿੱਅਤ ਵਰਤੋਂ ਨਾਲ ਵਾਤਾਵਰਨ ਤੇ ਮਨੁੱਖੀ ਸਿਹਤ ਤੇ ਮਾੜਾ ਪ੍ਰਭਾਵ ਪੈਂਦਾ ਹੈ।
ਸੁਚੱਜੇ ਤੇ ਸੁਰਖਿੱਅਤ ਤਰੀਕਿਆਂ ਨਾਲ ਇਨਾਂ ਦੀ ਵਰਤੋਂ ਨਾ ਕਰਨ ਨਾਲ ਮਨੁੱਖਾਂ, ਪਾਲਤੂ ਪਸ਼ੂਆਂ ਆਦਿ `ਚ ਕੀਟਨਾਸ਼ਕਾਂ ਦੇ ਮਾੜੇ ਅਸਰ ਲੰਬੇ ਸਮੇਂ ਤੱਕ ਰਹਿ ਜਾਂਦੇ ਹਨ। ਇਸ ਲਈ ਕੀੜੇ-ਮਕੌੜੇ, ਬਿਮਾਰੀਆਂ (Diseases) ਤੇ ਨਦੀਨਾਂ (Weeds) ਦੀ ਰੋਕਥਾਮ ਲਈ ਛਿੜਕਾਅ ਦਾ ਸਹੀ ਢੰਗ ਵਰਤਣਾ ਬਹੁਤ ਜ਼ਰੂਰੀ ਹੈ। ਸਿਫਾਰਸ਼ ਕੀਤੀਆਂ ਗਈਆਂ ਖੇਤੀ ਰਸਾਇਣਾਂ ਦੇ ਵਧੀਆ ਨਤੀਜੇ ਲੈਣ ਲਈ ਹੇਠਾਂ ਲਿਖੇ ਨੁਕਤਿਆਂ ਨੂੰ ਅਪਨਾਉ।
ਰਸਾਇਣਾਂ ਦੀ ਚੋਣ (Choice of chemicals):
ਵੱਖ-ਵੱਖ ਕੀੜੇ-ਮਕੌੜੇ, ਬਿਮਾਰੀਆਂ ਅਤੇ ਨਦੀਨਾਂ ਦੀ ਰੋਕਥਾਮ ਲਈ ਵੱਖ-ਵੱਖ ਰਸਾਇਣਾਂ ਦੀ ਸਿਫਾਰਸ਼ ਕੀਤੀ ਗਈ ਹੈ। ਇਸ ਲਈ ਰਸਾਇਣ ਦੀ ਚੋਣ ਕਰਨ ਤੋ ਪਹਿਲਾਂ ਫ਼ਸਲ ਦੇ ਕੀੜੇ-ਮਕੌੜੇ, ਬਿਮਾਰੀਆਂ ਅਤੇ ਨਦੀਨਾਂ ਦੀ ਸਹੀ ਪਹਿਚਾਣ ਕਰਨੀ ਬਹੁਤ ਜ਼ਰੂਰੀ ਹੈ ਤਾਂ ਕਿ ਸਹੀ ਰਸਾਇਣ ਦੀ ਚੋਣ ਕੀਤੀ ਜਾ ਸਕੇ।
ਪੰਪ ਅਤੇ ਨੋਜ਼ਲ ਦੀ ਚੋਣ (Selection of Pump and Nozzle):
ਰਸਾਇਣਾਂ ਦੀ ਸਪੇਰਅ ਕਰਨ ਲਈ ਹੱਥ ਨਾਲ ਜਾਂ ਬੈਟਰੀ ਨਾਲ ਚੱਲਣ ਵਾਲੇ ਪਿੱਠੂ ਪੰਪ (ਨੈਪਸੈਕ ਸਪਰੇਅਰ) ਜਾਂ ਟਰੈਕਟਰ ਨਾਲ ਚੱਲਣ ਵਾਲੇ ਪੰਪ ਦੀ ਵਰਤੋਂ ਕੀਤੀ ਜਾ ਸਕਦੀ ਹੈ। ਨਦੀਨਾਂ ਦੀ ਰੋਕਥਾਮ ਲਈ ਬਿਜਾਈ ਸਮੇ ਫਲੈਟ ਫੈਨ ਜਾਂ ਫਲੱਡ ਜੈਟ ਅਤੇ ਖੜੀ ਫ਼ਸਲ ਵਿੱਚ ਸਿਰਫ ਫਲੈਟ ਫੈਨ ਨੋਜ਼ਲ ਦੀ ਵਰਤੋ ਕਰੋ। ਕੀੜੇ-ਮਕੌੜੇ ਅਤੇ ਬਿਮਾਰੀਆ ਦੀ ਰੋਕਥਾਮ ਲਈ ਕੋਨ ਵਾਲੀ ਨੋਜ਼ਲ ਹੀ ਵਰਤੋ।
ਪਾਣੀ ਦੀ ਮਾਤਰਾ (Amount of water):
ਨਦੀਨ ਨਾਸ਼ਕਾਂ (Weedicides) ਦੇ ਛਿੜਕਾਅ ਲਈ ਫਸਲ ਦੀ ਬਿਜਾਈ ਸਮੇਂ 200 ਲਿਟਰ ਅਤੇ ਖੜੀ ਫ਼ਸਲ ਲਈ 150 ਲਿਟਰ ਪਾਣੀ ਪ੍ਰਤੀ ਏਕੜ ਵਰਤੋ। ਬਿਮਾਰੀਆਂ ਦੀ ਰੋਕਥਾਮ ਲਈ ਆਮ ਹਾਲਤ ਵਿੱਚ 200 ਲਿਟਰ ਅਤੇ ਕੀੜੇ-ਮਕੌੜਿਆਂ ਦੀ ਰੋਕਥਾਮ ਲਈ 100-150 ਲਿਟਰ ਪਾਣੀ ਪ੍ਰਤੀ ਏਕੜ ਵਰਤੋ। ਪਾਣੀ ਦਾ ਅੰਦਾਜਾ ਲਾਉਣ ਲਈ ਸਪਰੇ ਪੰਪ ਵਿੱਚ ਮਿਣਕੇ ਪਾਣੀ ਪਾਉ ਅਤੇ ਖੇਤ ਵਿੱਚ ਛਿੜਕਾਅ ਕਰੋ। ਇਸ ਤੋਂ ਬਾਅਦ ਛਿੜਕਾਅ ਕੀਤੇ ਰਕਬੇ ਨੂੰ ਮਿਣ ਲਵੋ ਅਤੇ ਪ੍ਰਤੀ ਏਕੜ ਪਾਣੀ ਦੀ ਲੋੜੀਂਦੀ ਮਾਤਰਾ ਕੱਢ ਲਉ।
ਘੋਲ ਬਣਾਉਣਾ (making solution):
ਉੱਪਰ ਦੱਸੇ ਪਾਣੀ ਦੀ ਮਾਤਰਾ ਅਨੁਸਾਰ ਜਿੰਨ੍ਹੇ ਪੰਪ ਇੱਕ ਏਕੜ ਛਿੜਕਾਅ ਕਰਨ ਲਈ ਲੱਗਦੇ ਹਨ ਉਹਨੇ ਲਿਟਰ ਪਾਣੀ ਵਿੱਚ ਰਸਾਇਣ ਦਾ ਘੋਲ ਬਣਾ ਲਉ। ਉਦਾਹਰਣ ਦੇ ਤੌਰ ਤੇ ਜੇਕਰ 150 ਲਿਟਰ ਪਾਣੀ ਲੱਗਣਾ ਹੈ ਅਤੇ ਸਪਰੇਅ ਪੰਪ (Spray Pump) ਦੀ ਸਮਰੱਥਾ 15 ਲਿਟਰ ਹੈ ਤਾਂ ਇੱਕ ਏਕੜ ਵਿੱਚ ਛਿੜਕਾਅ ਲਈ 10 ਸਪਰੇਅ ਪੰਪ ਲੱਗਣਗੇ। ਇਸ ਲਈ ਇੱਕ ਏਕੜ ਲਈ ਲੋੜੀਂਦੇ ਰਸਾਇਣ ਨੂੰ ਥੋੜ੍ਹੇ ਪਾਣੀ ਵਿੱਚ ਘੋਲ ਕੇ ਬਾਅਦ ਵਿੱਚ 10 ਲਿਟਰ ਘੋਲ ਤਿਆਰ ਕਰ ਲਉ। ਛਿੜਕਾਅ ਕਰਨ ਸਮੇਂ ਇਸ ਘੋਲ ਵਿੱਚੋਂ 1 ਲਿਟਰ ਹਰ ਪੰਪ ਵਿੱਚ ਪਾ ਲਉ। ਜੇਕਰ ਟਰੈਕਟਰ ਵਾਲੇ ਪੰਪ ਨਾਲ ਛਿੜਕਾਅ ਕਰਨਾ ਹੋਵੇ ਤਾਂ ਉਸਦੇ ਟੈਂਕ ਦੀ ਸਮਰੱਥਾ ਅਨੁਸਾਰ ਰਸਾਇਣ ਦਾ ਘੋਲ ਬਣਾਉ।
ਇਹ ਵੀ ਪੜ੍ਹੋ: ਜੀਵਨਾਸ਼ਕ ਰਸਾਇਣਾਂ ਦੀ ਸੁਰਖਿੱਅਤ ਵਰਤੋਂ
ਛਿੜਕਾਅ ਦਾ ਤਰੀਕਾ (Method of spraying):
ਛਿੜਕਾਅ ਕਰਦੇ ਸਮੇਂ ਨੋਜ਼ਲ ਦੀ ਉਚਾਈ ਦਾ ਧਿਆਨ ਰੱਖਣਾ ਬਹੁਤ ਹੀ ਜ਼ਰੂਰੀ ਹੈ। ਫ਼ਸਲ ਉੱਪਰ ਨਦੀਨਨਾਸ਼ਕ, ਕੀਟਨਾਸ਼ਕ ਅਤੇ ਉੱਲੀਨਾਸ਼ਕ ਦੇ ਛਿੜਕਾਅ ਸਮੇਂ ਨੋਜ਼ਲ ਦੀ ਉਚਾਈ ਫ਼ਸਲ ਦੀ ਉੱਪਰਲੀ ਸਤਹ ਤੋਂ ਤਕਰੀਬਨ 1.5 ਫੁੱਟ ਉੱਚੀ ਅਤੇ ਫ਼ਸਲ ਦੀ ਬਿਜਾਈ ਸਮੇਂ ਨਦੀਨਾਂ ਦੀ ਰੋਕਥਾਮ ਲਈ ਨੋਜ਼ਲ ਦੀ ਉਚਾਈ ਜ਼ਮੀਨ ਤੋਂ 1.5 ਫੁੱਟ ਉੱਚੀ ਰੱਖੋ। ਛਿੜਕਾਅ ਸਿੱਧੀ ਪੱਟੀ ਵਿੱਚ ਕਰੋ ਅਤੇ ਛਿੜਕਾਅ ਕਰਦੇ ਸਮੇਂ ਨੋਜ਼ਲ ਨੂੰ ਇੱਧਰ-ਉੱਧਰ ਨਾ ਘੁਮਾਓ। ਇਕਸਾਰ ਛਿੜਕਾਅ ਲਈ ਮਲਟੀ ਬੂਮ ਨੋਜ਼ਲਾਂ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ। ਇਲੈਕਟਰੋਸਟੈਟਿਕ ਸਪਰੇਅਰ ਦੀ ਵਰਤੋ ਸਮੇਂ ਸਪਰੇਅ ਗੰਨ ਨੂੰ ਮੋਢਿਆਂ ਤੋਂ ਉੱਪਰ ਨਾ ਚੁੱਕੋ ਅਤੇ ਨੋਜ਼ਲ ਦੀ ਟਿੱਪ ਨੂੰ ਪੌਦਿਆਂ ਦੇ ਪੱਤਿਆਂ ਤੋਂ 1 ਤੋਂ 1.5 ਫੁੱਟ ਦੀ ਉਚਾਈ ਤੇ ਰੱਖਕੇ ਛਿੜਕਾਅ ਕਰੋ। ਇਲੈਕਟਰੋਸਟੈਟਿਕ ਸਪਰੇਅਰ ਨਾਲ ਛਿੜਕਾਅ ਕਰਨ ਲਈ ਸਿਰਫ 15 ਲਿਟਰ ਪਾਣੀ ਪ੍ਰਤੀ ਏਕੜ ਵਰਤੋ।
ਰਸਾਇਣਾਂ ਦੇ ਛਿੜਕਾਅ ਲਈ ਸਾਵਧਾਨੀਆਂ (Precautions for spraying chemicals):
● ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਕੀਤੇ ਗਏ ਮਾਰਕੇ ਵਾਲੇ ਖੇਤੀ ਰਸਾਇਣ ਹੀ ਪੱਕੀ ਰਸੀਦ ਲੈਕੇ ਖਰੀਦੋ।
● ਰਸਾਇਣ ਦੀ ਸ਼ੀਸ਼ੀ/ਡੱਬੇ ਉੱਤੇ ਲੱਗੇ ਲੇਬਲਾਂ ਨੂੰ ਪੜ੍ਹੋ ਅਤੇ ਦਿੱਤੀਆਂ ਹਦਾਇਤਾਂ ਅਨੁਸਾਰ ਅਮਲ ਕਰੋ।
● ਛਿੜਕਾਅ ਕਰਨ ਤੋਂ ਪਹਿਲਾਂ ਅਤੇ ਬਾਅਦ ਵਿੱਚ ਸਪਰੇਅ ਪੰਪ ਨੂੰ ਸਰਫ਼ ਨਾਲ ਚੰਗੀ ਤਰ੍ਹਾਂ ਧੋ ਲਵੋ। ਜੇ ਹੋ ਸਕੇ ਤਾਂ ਨਦੀਨਨਾਸ਼ਕਾਂ ਅਤੇ ਕੀਟਨਾਸ਼ਕਾਂ/ਉੱਲ੍ਹੀਨਾਸ਼ਕਾਂ (Fungicides) ਲਈ ਵੱਖੋ-ਵੱਖਰੇ ਸਪਰੇਅ ਪੰਪ ਰੱਖੋ।
● ਰਸਾਇਣਾਂ ਦੇ ਪੈਕਟ ਪਾੜ ਕੇ ਨਹੀਂ ਖੋਲਣੇ ਚਾਹੀਦੇ ਸਗੋਂ ਉਨ੍ਹਾਂ ਨੂੰ ਚਾਕੂ/ਕੈਂਚੀ ਨਾਲ ਕੱਟਣਾ ਚਾਹੀਦਾ ਹੈ।
● ਸਿਫ਼ਾਰਸ਼ ਅਨੁਸਾਰ ਰਸਾਇਣ ਦੀ ਮਿਕਦਾਰ ਅਤੇ ਛਿੜਕਾਅ ਦੇ ਸਮੇਂ ਦਾ ਪਾਲਣ ਕਰੋ।
● ਰਸਾਇਣਾਂ ਦਾ ਘੋਲ ਬਨਾਉਣ ਲਈ ਡਰੰਮ ਅਤੇ ਰਸਾਇਣ ਘੋਲਣ ਲਈ ਲੰਮੇ ਦਸਤੇ ਵਾਲੀ ਕੋਈ ਚੀਜ਼ ਵਰਤਣੀ ਚਾਹੀਦੀ ਹੈ, ਤਾਂ ਜੋ ਰਸਾਇਣ ਦੇ ਛਿੱਟੇ ਰਸਾਇਣ ਘੋਲਣ ਵਾਲੇ ਵਿਅਕਤੀ ਉੱਤੇ ਨਾ ਪੈਣ।
● ਸਪਰੇਅ ਲਈ ਹਮੇਸ਼ਾਂ ਸਾਫ਼ ਪਾਣੀ ਹੀ ਵਰਤੋ।
● ਛਿੜਕਾਅ ਕਰਨ ਵੇਲੇ ਦਸਤਾਨੇ, ਗੈਸਮਾਸਕ (Gas Mask) , ਪੂਰੀ ਬਾਂਹ ਦੀ ਕਮੀਜ਼ ਅਤੇ ਪਜ਼ਾਮਾ/ਪੈਂਟ ਜ਼ਰੂਰ ਪਾਉ।
● ਛਿੜਕਾਅ ਕਰਨ ਵਾਲੇ ਬੰਦਾ ਪੂਰੀ ਤਰ੍ਹਾਂ ਤੰਦਰੁਸਤ ਹੋਣਾ ਚਾਹੀਦਾ ਹੈ ਅਤੇ ਉਸਦੇ ਸਰੀਰ ਤੇ ਕੋਈ ਫੋੜਾ/ਜ਼ਖਮ ਨਾ ਹੋਵੇ।
● ਛਿੜਕਾਅ ਕਦੇ ਵੀ ਖਾਲੀ ਪੇਟ ਨਾ ਕਰੋ।
● ਹਵਾ ਦੇ ਰੁੱਖ ਦੇ ਉਲਟ ਕਦੇ ਵੀ ਛਿੜਕਾਅ ਨਾ ਕਰੋ। ਛਿੜਕਾਅ ਹਮੇਸ਼ਾ ਘੱਟ ਹਵਾ ਵਾਲੇ ਦਿਨ ਕਰੋ।
● ਬੰਦ ਨੋਜ਼ਲ ਨੂੰ ਮੂੰਹ ਨਾਲ ਫੂਕ ਮਾਰ ਕੇ ਖੋਲਣ ਦੀ ਗਲਤੀ ਕਦੇ ਨਾ ਕਰੋ, ਉਸਨੂੰ ਖੋਲ ਕੇ ਚੰਗੀ ਤਰ੍ਹਾਂ ਅੰਦਰੋ ਸਾਫ ਕਰ ਲਉ।
● ਜੇਕਰ ਲੰਮੇ ਸਮੇਂ ਤੋਂ ਵਰਤੀ ਜਾ ਰਹੀ ਨੋਜ਼ਲ ਦੀ ਪਾਣੀ ਕੱਢਣ ਦੀ ਦਰ ਮੁੱਢਲੀ ਦਰ ਨਾਲੋਂ 10-15% ਵੱਧ ਜਾਵੇ ਤਾਂ ਇਸ ਨੂੰ ਬਦਲ ਲਉ।
● ਇਲੈਕਟਰੋਸਟੈਟਿਕ ਸਪਰੇਅਰ (Electrostatic sprayer) ਦੀ ਨੋਜ਼ਲ ਨੂੰ ਕਦੇ ਵੀ ਹੱਥ ਨਾ ਲਾਉ।
● ਰਸਾਇਣ ਦਾ ਛਿੜਕਾਅ ਕਰਨ ਵਾਲੇ ਬੰਦੇ ਨੂੰ ਦਿਹਾੜੀ ਵਿੱਚ ਅੱਠ ਘੰਟੇ ਤੋਂ ਵੱਧ ਕੰਮ ਨਹੀਂ ਕਰਨਾ ਚਾਹੀਦਾ। ਰਸਾਇਣਾਂ ਦੀ ਵਰਤੋਂ ਕਰਨ ਵਾਲੇ ਆਦਮੀਆਂ ਨੂੰ ਕੁਝ ਸਮੇਂ ਪਿੱਛੋਂ ਡਾਕਟਰ ਨੂੰ ਜ਼ਰੂਰ ਦਿਖਾਉਣਾ ਚਾਹੀਦਾ ਹੈ।
● ਸਪਰੇਅ ਕਰਨ ਵੇਲੇ ਕੁਝ ਵੀ ਖਾਣਾ ਪੀਣਾ, ਚਬਾਉਣਾ ਜਾਂ ਸਿਗਰਟਨੋਸ਼ੀ ਨਹੀਂ ਕਰਨੀ ਚਾਹੀਦੀ ਅਤੇ ਕੰਮ ਖਤਮ ਹੋਣ ਤੋਂ ਬਾਅਦ ਹੱਥਾਂ-ਪੈਰਾਂ ਨੂੰ ਚੰਗੀ ਤਰ੍ਹਾਂ ਸਾਬਣ ਨਾਲ ਧੋ ਲਵੋ।
● ਰਸਾਇਣਾਂ ਨੂੰ ਲੇਬਲ ਲੱਗੇ ਡੱਬੇ ਜਾਂ ਸ਼ੀਸ਼ੀ ਵਿੱਚ ਹੀ ਰੱਖੋ।
● ਰਸਾਇਣਾਂ ਨੂੰ ਸੁਰੱਖਿਅਤ ਥਾਂ ਤੇ ਜੰਦਰਾ ਲਾ ਕੇ ਰੱਖੋ ਤਾਂ ਜੋ ਬੱਚੇ, ਗੈਰ ਜ਼ਿੰਮੇਵਾਰ ਆਦਮੀ ਅਤੇ ਪਾਲਤੂ ਜਾਨਵਰ ਉਨ੍ਹਾਂ ਤੱਕ ਨਾ ਪਹੁੰਚ ਸਕਣ।
● ਇਨ੍ਹਾਂ ਖੇਤੀ ਰਸਾਇਣਾਂ ਨੂੰ ਕਦੀ ਵੀ ਖਾਣ-ਪੀਣ ਵਾਲੀਆਂ ਚੀਜਾਂ ਜਾਂ ਹੋਰ ਰਸਾਇਣਾਂ ਦੇ ਨੇੜੇ ਨਹੀਂ ਰੱਖਣਾ ਚਾਹੀਦਾ।
● ਰਸਾਇਣਾਂ ਦੇ ਖਾਲੀ ਡੱਬੇ ਕਿਸੇ ਹੋਰ ਵਰਤੋਂ ਵਿੱਚ ਨਾ ਲਿਆਓ। ਇਨ੍ਹਾਂ ਵਿੱਚ ਮੋਰੀਆਂ ਕਰਕੇ ਨਸ਼ਟ ਕਰ ਦਿਉ।
Summary in English: Correct method of spraying for control of insects, diseases and weeds