ਪੰਜਾਬ ਸਰਕਾਰ ਵੱਲੋਂ ਸੂਬੇ ਦੀ ਨਵੀਂ ਖੇਤੀਬਾੜੀ ਨੀਤੀ ਤਿਆਰ ਕੀਤੀ ਜਾਵੇਗੀ। ਇਹ ਕਹਿਣਾ ਹੈ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਤੀ ਪ੍ਰਣਾਲੀ ਨੂੰ ਸੁਧਾਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਦਿਸ਼ਾ ਵਿੱਚ ਅੱਗੇ ਵਧਦੇ ਹੋਏ 31 ਮਾਰਚ, 2023 ਤੱਕ ਰਾਜ ਦੀ ਨਵੀਂ ਖੇਤੀ ਨੀਤੀ ਤਿਆਰ ਕੀਤੀ ਜਾਵੇਗੀ। ਇਹ ਜਾਣਕਾਰੀ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਾਂਝੀ ਕੀਤੀ। ਆਓ ਜਾਣਦੇ ਹਾਂ ਪੂਰੀ ਖ਼ਬਰ...
ਪੰਜਾਬ ਸਰਕਾਰ ਵੱਲੋਂ ਅਗਲੇ ਮਾਲੀ ਵਰ੍ਹੇ ਦੇ ਸ਼ੁਰੂ ਤੱਕ ਸੂਬੇ ਦੀ ਨਵੀਂ ਖੇਤੀਬਾੜੀ ਨੀਤੀ ਤਿਆਰ ਕੀਤੀ ਜਾਵੇਗੀ। ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਦੀ ਭੂਗੋਲਿਕ ਸਥਿਤੀ, ਫ਼ਸਲੀ ਸਿਹਤ ਅਤੇ ਪਾਣੀ ਦੀ ਉਪਲੱਭਧਤਾ ਨੂੰ ਨਵੀਂ ਖੇਤੀ ਨੀਤੀ ਦਾ ਆਧਾਰ ਬਣਾਇਆ ਜਾਵੇਗਾ। ਨਵੀਂ ਨੀਤੀ ਬਾਰੇ ਖੇਤੀਬਾੜੀ ਵਿਗਿਆਨੀਆਂ, ਮਾਹਿਰਾਂ ਤੇ ਕਿਸਾਨ ਜਥੇਬੰਦੀਆਂ ਨਾਲ ਸਲਾਹ ਮਸ਼ਵਰੇ ਕਰਨੇ ਸ਼ੁਰੂ ਕੀਤੇ ਗਏ ਹਨ।
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੀ ਖੇਤੀ ਨੀਤੀ ਦਾ ਖਰੜਾ ਬੀਤੇ ਦਸ ਸਾਲਾਂ ਵਿੱਚ ਦੋ ਵਾਰ ਤਿਆਰ ਹੋ ਚੁੱਕਿਆ ਹੈ। ਪਹਿਲੀ ਵਾਰ 2013 ਵਿੱਚ ਅਤੇ ਉਸ ਮਗਰੋਂ ਕਾਂਗਰਸ ਸਰਕਾਰ ਨੇ 2018 ਵਿੱਚ ਨਵੀਂ ਖੇਤੀ ਨੀਤੀ ਦਾ ਖਰੜਾ ਤਿਆਰ ਕੀਤਾ ਸੀ, ਪਰ ਸਰਕਾਰਾਂ ਨੇ ਕਦੇ ਵੀ ਇਸ ਨੂੰ ਨਵੀਂ ਖੇਤੀ ਨੀਤੀ ਵਿੱਚ ਤਬਦੀਲ ਨਹੀਂ ਕੀਤਾ।
ਇਸ ਮੌਕੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਰਾਜ ਕਿਸਾਨ ਅਤੇ ਖੇਤੀ ਮਜ਼ਦੂਰ ਕਮਿਸ਼ਨ ਵੱਲੋਂ 'ਪੰਜਾਬ ਦਾ ਖੇਤੀ ਵਿਕਾਸ ਮਾਡਲ-ਕੁਝ ਨੀਤੀਗਤ ਮੁੱਦੇ' ਵਿਸ਼ੇ 'ਤੇ ਕਰਵਾਈ ਕਿਸਾਨ ਗੋਸ਼ਟੀ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ ਦੌਰਾਨ ਧਾਲੀਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਗੈਰ ਜਿੰਮੇਵਾਰਾਨਾ ਰਵੱਈਏ ਤੇ ਗਲਤ ਨੀਤੀਆਂ ਕਾਰਨ ਪੰਜਾਬ ਦਾ ਸ਼ੁੱਧ ਪਾਣੀ, ਹਵਾ, ਵਾਤਾਵਰਣ ਅਤੇ ਸਿਹਤਮੰਦ ਉਪਜਾਊ ਭੂਮੀ ਹੁਣ ਦੂਸ਼ਤ ਪਾਣੀ, ਜ਼ਹਿਰੀਲੀ ਹਵਾ ਅਤੇ ਗੈਰ-ਉਪਜਾਊ ਭੂਮੀ ਵਿੱਚ ਤਬਦੀਲ ਹੋ ਰਹੀ ਹੈ, ਜਿਸ ਨੂੰ ਸਾਫ਼ ਨੀਤੀ ਤੇ ਨੀਅਤ ਨਾਲ ਬਦਲਣ ਦੀ ਲੋੜ ਹੈ।
ਖੇਤੀ ਮੰਤਰੀ ਨੇ ਕਿਹਾ ਕਿ ਖੇਤੀ ਵਿੱਚ ਰਸਾਇਣਕ ਖਾਦਾਂ, ਨਦੀਨਨਾਸ਼ਕਾਂ ਅਤੇ ਕੀਟਨਾਸ਼ਕਾਂ ਦੀ ਹੱਦੋਂ ਵੱਧ ਵਰਤੋਂ ਕਾਰਨ ਲੋਕਾਂ ਨੂੰ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨ ਪੈ ਰਿਹਾ ਹੈ। ਉਨ੍ਹਾਂ ਸਹਿਕਾਰੀ ਪ੍ਰਣਾਲੀ ਨੂੰ ਆਬਾਦ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਖੇਤੀ ਨੂੰ ਜ਼ਰੂਰਤ ਮੁਤਾਬਕ ਕਰਨ ਦੀ ਜ਼ਰੂਰਤ ਹੈ।
ਇਹ ਵੀ ਪੜ੍ਹੋ: ਸੀਬੀਜੀ ਪਲਾਂਟਾਂ ਤੋਂ ਪੈਦਾ ਹੋਣ ਵਾਲੀ ਜੈਵਿਕ ਖਾਦਾਂ ਦੀ ਖੇਤੀ ਅਤੇ ਬਾਗਬਾਨੀ ਵਿੱਚ ਵਰਤੋਂ ਨੂੰ ਉਤਸ਼ਾਹਿਤ ਕਰੇਗੀ ਸਰਕਾਰ: ਅਮਨ ਅਰੋੜਾ
ਖੇਤੀ ਮੰਤਰੀ ਨੇ ਖੇਤੀ ਵਿੱਚ ਆਏ ਅਸਾਵੇਂਪਣ ਨੂੰ ਦੂਰ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਖੇਤੀਬਾੜੀ ਨੂੰ ਬਚਾਉਣ ਦੀ ਦਿਸ਼ਾ ਵਿੱਚ ਸਭ ਦੇ ਸਹਿਯੋਗ ਨਾਲ ਅੱਗੇ ਵਧੇਗੀ। ਪੰਜਾਬ ਦੀਆਂ ਫ਼ਸਲਾਂ, ਪਾਣੀ ਅਤੇ ਮਿੱਟੀ ਤੇ ਵਾਤਾਵਰਨ ਨੂੰ ਕੇਂਦਰ 'ਚ ਰੱਖ ਕੇ ਵੱਖ-ਵੱਖ ਕਾਨਫ਼ਰੰਸਾਂ ਕਰਨ ਦਾ ਐਲਾਨ ਕਰਦਿਆਂ ਉਨ੍ਹਾਂ ਕਿਹਾ ਸੂਬਾ ਸਰਕਾਰ ਕਿ ਖੇਤੀ ਮਾਹਿਰਾਂ ਤੇ ਖੇਤੀ ਵਿਗਿਆਨੀਆਂ ਤੇ ਤਜਰਬੇਕਾਰ ਲੋਕਾਂ ਦੀ ਮਦਦ ਨਾਲ ਖੇਤੀ ਖੇਤਰ ਨੂੰ ਮਜ਼ਬੂਤ ਕਰਨ ਦਾ ਹਰ ਸੰਭਵ ਯਤਨ ਕਰੇਗੀ।
ਇਸ ਮੌਕੇ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ, ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ, ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਡਾ. ਗੁਰਵਿੰਦਰ ਸਿੰਘ, ਡਾ. ਦਵਿੰਦਰ ਸ਼ਰਮਾ, ਡਾ. ਗੁਰਕੰਵਲ ਸਿੰਘ, ਡਾ. ਕੁਲਦੀਪ ਸਿੰਘ ਆਦਿ ਤੋਂ ਇਲਾਵਾ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਰਵਿੰਦਰ ਸਿੰਘ ਤੇ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਆਦਿ ਨੇ ਵੀ ਕਾਨਫ਼ਰੰਸ ਨੂੰ ਸੰਬੋਧਨ ਕੀਤਾ।
Summary in English: A new agricultural policy will be prepared soon, a separate policy will also be made for natural farming: Dhaliwal