Veterinary Inspectors: ਇਕ ਪਾਸੇ ਜਿੱਥੇ ਪੰਜਾਬ ਦੇ ਲੋਕ ਨੌਕਰੀ ਲਈ ਵਿਦੇਸ਼ਾਂ ਵੱਲ ਭੱਜ ਰਹੇ ਹਨ, ਉਥੇ ਹੀ ਗੁਆਂਢੀ ਸੂਬਿਆਂ ਦੇ ਲੋਕ ਨੌਕਰੀ ਲਈ ਪੰਜਾਬ ਨੂੰ ਤਰਜੀਹ ਦੇ ਰਹੇ ਹਨ। ਜੀ ਹਾਂ, ਪਸ਼ੂ ਪਾਲਣ ਵਿਭਾਗ ਦੇ ਵੈਟਰਨਰੀ ਇੰਸਪੈਕਟਰਾਂ ਦੀ ਭਰਤੀ 'ਚ ਗੁਆਂਢੀ ਸੂਬੇ ਮੋਹਰੀ ਹਨ। ਦੱਸ ਦੇਈਏ ਕਿ 68 ਵੈਟਰਨਰੀ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ, ਜਿਨ੍ਹਾਂ 'ਚੋਂ 35 ਵੈਟਰਨਰੀ ਇੰਸਪੈਕਟਰ ਹਰਿਆਣਾ ਤੇ ਰਾਜਸਥਾਨ ਦੇ ਵਾਸੀ ਹਨ।
Appointment Letters: ਪੰਜਾਬ ਵਿੱਚ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਕੇ ਨੌਜਵਾਨਾਂ ਨੂੰ ਰੋਜ਼ੀ-ਰੋਟੀ ਕਮਾਉਣ ਦੇ ਕਾਬਲ ਬਣਾਉਣ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਪੂਰਾ ਕਰਦਿਆਂ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ 68 ਵੈਟਰਨਰੀ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵਿੱਚ 148 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ, ਜਿਨ੍ਹਾਂ ਵਿੱਚੋਂ 68 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ, ਜਦੋਂਕਿ ਕੁਝ ਦਿਨ ਪਹਿਲਾਂ 29 ਵੈਟਰਨਰੀ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਉਮੀਦਵਾਰਾਂ ਨੂੰ ਅਗਲੇ ਦਿਨਾਂ ਦੌਰਾਨ ਨਿਯੁਕਤੀ ਪੱਤਰ ਦਿੱਤੇ ਜਾਣਗੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ 8736 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਐਲਾਨ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵਿੱਚ ਭਰਤੀਆਂ ਜਾਰੀ ਹਨ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਵਿੱਚ ਹੋਰ ਵੈਟਰਨਰੀ ਇੰਸਪੈਕਟਰਾਂ (Veterinary Inspectors) ਅਤੇ ਸਟਾਫ਼ ਦੀ ਭਰਤੀ ਲਈ ਛੇਤੀ ਇਸ਼ਤਿਹਾਰ ਜਾਰੀ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਐਕਸ਼ਨ ਮੋਡ 'ਚ ਪੰਜਾਬ ਸਰਕਾਰ, ਪੰਚਾਇਤੀ ਜ਼ਮੀਨਾਂ ਤੋਂ ਨਜ਼ਾਇਜ ਕਬਜ਼ੇ ਹਟਾਉਣ ਦੀ ਮੁਹਿੰਮ 1 ਅਕਤੂਬਰ ਤੋਂ ਸ਼ੁਰੂ
ਇਸੇ ਦੌਰਾਨ ਨਵ-ਨਿਯੁਕਤ ਵੈਟਰਨਰੀ ਇੰਸਪੈਕਟਰਾਂ ਨੂੰ ਮੁਬਾਰਕਬਾਦ ਦਿੰਦਿਆਂ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਆ।
Summary in English: Appointment letters handed over to 68 veterinary inspectors, neighboring states leading in recruitment