ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ਼ ਰੋਸ ਵਜੋਂ ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਅੱਜ ਨਵੀਂ ਬਣੀ ਵਜ਼ਾਰਤ ਦੀ ਹੰਗਾਮੀ ਮੀਟਿੰਗ ਸੱਦੀ। ਇਸ ਦੌਰਾਨ ਮੰਤਰੀ ਮੰਡਲ ਨੇ ਇਕ ਮਤਾ ਪਾਸ ਕਰਕੇ ਕਿਸਾਨਾਂ ਅਤੇ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਇਕਜੁਟਤਾ ਪ੍ਰਗਟ ਕੀਤੀ।
ਇਸ ਤੋਂ ਇਲਾਵਾ ਵੱਖ-ਵੱਖ ਸਰਕਾਰੀ ਏਜੰਸੀਆਂ ਵੱਲੋਂ ਐਕੁਵਾਇਰ ਕੀਤੀ ਜ਼ਮੀਨ ਦੇ ਮੱਦੇਨਜ਼ਰ ਢੁਕਵਾਂ ਮੁਆਵਜ਼ਾ ਨਾ ਮਿਲਣ ਕਰਕੇ ਕਿਸਾਨਾਂ ਦਰਮਿਆਨ ਵੱਡੀ ਪੱਧਰ ਉਤੇ ਪਾਏ ਜਾ ਰਹੇ ਗੁੱਸੇ ਦਾ ਨੋਟਿਸ ਲੈਂਦਿਆਂ ਸ. ਚੰਨੀ ਨੇ ਮੁੱਖ ਸਕੱਤਰ ਨੂੰ ਕਿਹਾ ਕਿ ਮੁਆਵਜ਼ੇ ਦੀ ਰਾਸ਼ੀ ਨੂੰ ਤਰਕਸੰਗਤ ਬਣਾਉਣ ਲਈ ਢੰਗ-ਤਰੀਕੇ ਤਲਾਸ਼ੇ ਜਾਣ ਤਾਂ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਸੰਤੁਸ਼ਟੀ ਮੁਤਾਬਕ ਰਾਸ਼ੀ ਮੁਹੱਈਆ ਕਰਵਾਈ ਜਾ ਸਕੇ।
ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ਼ ਚੱਲ ਰਹੇ ਸੰਘਰਸ਼ ਦੌਰਾਨ ਜਾਨਾਂ ਗੁਆ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨਾਲ ਇਕਜੁਟਤਾ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਨੇ ਇਨ੍ਹਾਂ ਦਾ ਭਰੋਸਾ ਜਿੱਤਣ ਦੀ ਲੋੜ ਉਤੇ ਜ਼ੋਰ ਦਿੱਤਾ ਕਿਉਂ ਜੋ ਕਾਂਗਰਸ ਸਰਕਾਰ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੀਆਂ ਮੰਗਾਂ ਦੇ ਹੱਕ ਵਿਚ ਹਮੇਸ਼ਾ ਡਟ ਕੇ ਖੜ੍ਹੀ ਹੈ, ਜਦੋਂ ਤੋਂ ਭਾਰਤ ਸਰਕਾਰ ਨੇ ਇਹ ਕਿਸਾਨ ਵਿਰੋਧੀ ਕਾਨੂੰਨ ਉਨ੍ਹਾਂ ਉਪਰ ਥੋਪੇ ਹਨ।
ਉਨ੍ਹਾਂ ਨੇ ਸਾਰੇ ਮੰਤਰੀਆਂ ਨੂੰ ਮ੍ਰਿਤਕ ਕਿਸਾਨਾਂ ਦੇ ਘਰਾਂ ਵਿਚ ਨਿੱਜੀ ਤੌਰ ਉਤੇ ਜਾ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਦੇਣ ਲਈ ਆਖਿਆ। ਉਨ੍ਹਾਂ ਦੱਸਿਆ ਕਿ ਤਕਰੀਬਨ 155 ਅਜਿਹੇ ਨਿਯੁਕਤੀ ਪੱਤਰ ਤਿਆਰ ਹਨ ਅਤੇ ਇਨ੍ਹਾਂ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਸੌਂਪਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਮੁੱਖ ਸਕੱਤਰ ਨੂੰ ਬਾਕੀ ਅਜਿਹੇ ਕੇਸਾਂ ਦੀ ਪੜਤਾਲ ਵੀ ਛੇਤੀ ਕੀਤੇ ਜਾਣ ਨੂੰ ਯਕੀਨੀ ਬਣਾਉਣ ਲ਼ਈ ਆਖਿਆ ਤਾਂ ਕਿ ਯੋਗ ਵਾਰਸਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਪ੍ਰਕਿਰਿਆ ਮੁਕੰਮਲ ਕੀਤੀ ਜਾ ਸਕੇ।
ਇਹ ਵੀ ਪੜ੍ਹੋ ਸੁਲਤਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ, 21 ਕਰੋੜ ਰੁਪਏ ਸੀ ਕੀਮਤ
Summary in English: CM Charanjit Singh Channi makes big announcement for farmers