FARIDKOT KISAN MELA: ਪੀ.ਏ.ਯੂ. ਦੇ ਸਾਉਣੀ ਦੀਆਂ ਫਸਲਾਂ ਲਈ ਕਿਸਾਨ ਮੇਲਿਆਂ ਦੇ ਸਿਲਸਿਲੇ ਵਿਚ ਅੱਜ ਫਰੀਦਕੋਟ ਦੇ ਖੇਤਰੀ ਖੋਜ ਕੇਂਦਰ ਵਿਖੇ ਕਿਸਾਨ ਮੇਲਾ ਲਗਾਇਆ ਗਿਆ। ਇਸ ਮੇਲੇ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਮਾਣਯੋਗ ਸਪੀਕਰ ਸ਼੍ਰੀ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ, ਜਦੋਂਕਿ ਮੇਲੇ ਦੀ ਪ੍ਰਧਾਨਗੀ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ।
ਆਪਣੇ ਵਿਸ਼ੇਸ਼ ਭਾਸ਼ਣ ਵਿੱਚ ਸ਼੍ਰੀ ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਵਿੱਚ ਖੇਤੀਬਾੜੀ ਨੂੰ ਉਤਸਾਹਿਤ ਕਰਨ ਲਈ ਵਾਈਸ ਚਾਂਸਲਰ ਅਤੇ ਖੇਤੀਬਾੜੀ ਯੂਨੀਵਰਸਿਟੀ ਦੇ ਯਤਨਾਂ ਦੀ ਸਲਾਘਾ ਕੀਤੀ। ਮੁੱਖ ਮਹਿਮਾਨ, ਨੇ ਕਿਸਾਨ ਹਿਤੈਸੀ ਨੀਤੀਆਂ ਦੁਆਰਾ ਰਾਜ ਵਿੱਚ ਗੰਭੀਰ ਖੇਤੀ ਸੰਕਟ ਨੂੰ ਘੱਟ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜੋ ਖੇਤੀਬਾੜੀ ਆਮਦਨ ਵਿੱਚ ਵਾਧਾ ਕਰਨ ਅਤੇ ਸਰੋਤਾਂ ਦੀ ਸੰਭਾਲ ਲਈ ਸਥਿਰ ਖੇਤੀਬਾੜੀ ਨੂੰ ਉਤਸਾਹਿਤ ਕਰ ਸਕੇ।
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਦੇਸ਼ ਨੂੰ ਭੋਜਨ ਸੁਰੱਖਿਆ ਵੱਲ ਲੈ ਜਾਣ ਵਾਲੀ ਪਰੰਪਰਾ ਦੀ ਪਾਲਣਾ ਕਰਨ ਅਤੇ ਵਿਗਿਆਨਕ ਖੇਤੀ ਅਪਨਾਉਣ ਯੂਨੀਵਰਸਿਟੀ ਦੀਆਂ ਸਿਫਾਰਸਾਂ ਦੀ ਪਾਲਣਾ ਕਰਨ ਲਈ ਕਿਹਾ।
ਕੁਲਤਾਰ ਸਿੰਘ ਸੰਧਵਾਂ ਨੇ ਸੂਬਾ ਸਰਕਾਰ ਦੀਆਂ ਨੀਤੀਆਂ ਅਤੇ ਸਕੀਮਾਂ ਨੂੰ ਸਾਂਝਾ ਕੀਤਾ, ਜਿਸ ਤਹਿਤ ਬਜਟ ਦਾ ਵੱਡਾ ਹਿੱਸਾ ਖੇਤੀਬਾੜੀ ਲਈ ਰਾਖਵਾਂ ਰੱਖਿਆ ਗਿਆ ਹੈ। ਸ਼੍ਰੀ ਸੰਧਵਾਂ ਨੇ ਟਮਾਟਰ ਉਤਪਾਦਾਂ ਦੇ ਨਾਲ-ਨਾਲ ਗੰਨੇ ਦੇ ਰਸ ਦੀ ਸਟੋਰੇਜ ਅਤੇ ਬੋਤਲਬੰਦ ਤਕਨੀਕ ਸ਼ੁਰੂ ਕਰਨ ਦੀਆਂ ਯੋਜਨਾਵਾਂ ਦਾ ਖੁਲਾਸਾ ਕਰਦੇ ਹੋਏ ਕਿਹਾ ਦੁਬਾਰਾ ਸ਼ੁਰੂ ਕੀਤਾ ਗਿਆ ਗੰਨਾ ਖੋਜ ਕੇਂਦਰ ਖੇਤਰ ਦੇ ਕਿਸਾਨਾਂ ਲਈ ਵਰਦਾਨ ਸਾਬਤ ਹੋਵੇਗਾ ਅਤੇ ਪ੍ਰੋਸੈਸਿੰਗ ਲੋੜਾਂ ਨੂੰ ਪੂਰਾ ਕਰੇਗਾ।
ਅੱਗੇ ਬੋਲਦਿਆਂ ਉਨ੍ਹਾਂ ਨੇ ਏਜੰਟਾਂ ਦੇ ਹੱਥੋਂ ਕਿਸਾਨਾਂ ਦੀ ਲੁੱਟ ਨੂੰ ਰੋਕਣ ਲਈ ਉੱਨਤ ਤਕਨਾਲੋਜੀ ਦੀ ਲੋੜ ਤੇ ਜ਼ੋਰ ਦਿੱਤਾ ਅਤੇ ਸਬਜ਼ੀਆਂ ਦੀ ਕਾਸ਼ਤ ਨੂੰ ਖੇਤੀਬਾੜੀ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਕੀਤੀ।
ਇਹ ਵੀ ਪੜ੍ਹੋ : Kisan Mela 2023: ਮਾਰਚ ਮਹੀਨੇ 'ਚ ਹੋਣ ਵਾਲੇ ਕਿਸਾਨ ਮੇਲਿਆਂ ਦਾ ਪੂਰਾ ਵੇਰਵਾ, ਇੱਥੇ ਕਲਿੱਕ ਕਰੋ
ਵਾਈਸ ਚਾਂਸਲਰ ਡਾ.ਸਤਿਬੀਰ ਸਿੰਘ ਗੋਸਲ ਨੇ ਇਸ ਮੌਕੇ ਪ੍ਰਧਾਨਗੀ ਭਾਸ਼ਣ ਵਿਚ ਕਿਹਾ ਕਿ ਇਹ ਮੇਲੇ ਕਿਸਾਨਾਂ ਤੋਂ ਮਾਹਿਰਾਂ ਦੇ ਸਿੱਖਣ ਅਤੇ ਉਨ੍ਹਾਂ ਨੂੰ ਸਿਖਾਉਣ ਦਾ ਮੌਕਾ ਵੀ ਹਨ। ਡਾ. ਗੋਸਲ ਨੇ ਪੀ.ਏ.ਯੂ. ਦੀ ਕਿਸਮ ਪੀਬੀਡਬਲਊ 826 ਦਾ ਵਿਸ਼ੇਸ਼ ਜ਼ਿਕਰ ਕੀਤਾ, ਜਿਸਨੂੰ ਦੇਸ਼ ਦੇ ਵਡੇਰੇ ਹਿੱਸੇ ਵਿਚ ਕਾਸ਼ਤ ਲਈ ਜਾਰੀ ਕੀਤਾ ਗਿਆ ਹੈ।
ਇਸ ਮੌਕੇ ਡਾ.ਸਤਿਬੀਰ ਸਿੰਘ ਗੋਸਲ ਨੇ ਯੂਨੀਵਰਸਿਟੀ ਦੀਆਂ ਸਿਫਾਰਸਾਂ ’ਤੇ ਲਗਾਤਾਰ ਭਰੋਸਾ ਕਰਨ ਲਈ ਕਿਸਾਨਾਂ ਦਾ ਧੰਨਵਾਦ ਕੀਤਾ। ਯੂਨੀਵਰਸਿਟੀ ਦੇ ਸਾਰੇ ਮੇਲਿਆਂ ਵਿੱਚ ਭਾਰੀ ਗਿਣਤੀ ਵਿੱਚ ਸ਼ਾਮਿਲ ਹੋਣ ਲਈ ਕਿਸਾਨਾਂ ਦਾ ਧੰਨਵਾਦ ਕਰਨ ਦੇ ਨਾਲ-ਨਾਲ ਡਾ. ਗੋਸਲ ਨੇ ਯੂਨੀਵਰਸਿਟੀ ਤਕਨੀਕਾਂ ਅਪਨਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮੇਲਿਆਂ ਦਾ ਉਦੇਸ ’ਆਓ ਖੇਤੀ ਖਰਚ ਘਟਾਈਏ, ਵਾਧੂ ਪਾਣੀ ਖਾਦ ਨਾ ਪਾਈਏ’ ਰੱਖਿਆ ਗਿਆ ਹੈ। ਇਸ ਦਾ ਮੰਤਵ ਖੇਤੀ ਨੂੰ ਘੱਟ ਖਰਚੀਲੀ ਤੇ ਵਾਤਾਵਰਨ ਪੱਖੀ ਬਣਾਉਣ ਦੀ ਪਹਿਲਕਦਮੀ ਕਰਨਾ ਹੈ। ਵਾਈਸ ਚਾਂਸਲਰ ਨੇ ਕਿਸਾਨਾਂ ਨੂੰ ਆਉਂਦੇ ਦਿਨੀਂ ਅਨੁਕੂਲ ਮੌਸਮ ਲਈ ਸੁਭਕਾਮਨਾਵਾਂ ਦਿੱਤੀਆਂ।
ਇਹ ਵੀ ਪੜ੍ਹੋ : PAU ਵੱਲੋਂ 24 ਅਤੇ 25 ਮਾਰਚ ਨੂੰ Ludhiana Kisan Mela
ਪੀ.ਏ.ਯੂ. ਦੇ ਨਿਰਦੇਸਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਸਾਉਣੀ ਦੀਆਂ ਫਸਲਾਂ ਬਾਰੇ ਯੂਨੀਵਰਸਿਟੀ ਦੀਆਂ ਸਿਫਾਰਿਸਾਂ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਵੱਧ ਉਤਪਾਦਨ ਦੇ ਨਾਲ ਗੁਣਵੱਤਾ ਦਾ ਦੌਰ ਸਾਹਮਣੇ ਆਇਆ ਹੈ। ਡਾ. ਢੱਟ ਨੇ ਪੰਜਾਬ ਦੇ ਕਿਸਾਨਾਂ ਅਤੇ ਯੂਨੀਵਰਸਿਟੀ ਮਾਹਿਰਾਂ ਦੇ ਸਹਿਯੋਗ ਨਾਲ ਦੇਸ ਦੇ ਖੇਤੀ ਵਿਕਾਸ ਦਾ ਜ਼ਿਕਰ ਕੀਤਾ।
ਇਸ ਤੋਂ ਪਹਿਲਾਂ ਐੱਮਐੱਲਏ ਸ. ਗੁਰਦਿੱਤ ਸੇਖੋਂ ਨੇ ਕਿਸਾਨਾਂ ਨੂੰ ਇੱਕ ਦੂਜੇ ਕੋਲੋਂ ਸਿੱਖਣ ਅਤੇ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਪਨਾਉਣ ਲਈ ਕਿਹਾ। ਉਨ੍ਹਾਂ ਨੇ ਖੇਤੀ ਵਿਭਿੰਨਤਾ ਦੇ ਨਾਲ-ਨਾਲ ਪ੍ਰੋਸੈਸਿੰਗ ਨੂੰ ਵੀ ਅਜੋਕੇ ਸਮੇਂ ਦੀ ਸਭ ਤੋਂ ਅਹਿਮ ਲੋੜ ਦੱਸਦਿਆਂ ਪਾਣੀ ਬਚਾਉਣ ਵਾਲੀਆਂ ਤਕਨੀਕਾਂ ਤੇ ਅਮਲ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ।
ਵਿਧਾਇਕ ਸ. ਅਮਨਪ੍ਰੀਤ ਬਰਾੜ ਨੇ ਕਿਸਾਨਾਂ ਅਤੇ ਖੇਤੀਬਾੜੀ ਵਿਭਾਗ ਨੂੰ ਮਿਲ ਕੇ ਖੇਤੀ ਵਿਕਾਸ ਲਈ ਕੰਮ ਕਰਨ ਦੀ ਅਪੀਲ ਕੀਤੀ। ਨਾਲ ਹੀ ਉਨ੍ਹਾਂ ਨੇ ਵਿਸ਼ੇਸ਼ ਖਿੱਤਾ ਅਧਾਰਿਤ ਫਸਲਾਂ ਅਤੇ ਕਾਸ਼ਤ ਵਿਧੀਆਂ ਉੱਪਰ ਜ਼ੋਰ ਦਿੱਤਾ। ਫਰੀਦਕੋਟ ਦੇ ਡਿਪਟੀ ਕਮਿਸ਼ਨਰ ਡਾ. ਦੁੱਗ ਨੇ ਇਹ ਮੇਲਾ ਲਾਉਣ ਲਈ ਯੂਨੀਵਰਸਿਟੀ ਨੂੰ ਵਧਾਈ ਦਿੱਤੀ।
ਸਵਾਗਤੀ ਸਬਦ ਨਿਰਦੇਸਕ ਪਸਾਰ ਸਿੱਖਿਆ ਡਾ. ਗੁਰਮੀਤ ਸਿੰਘ ਬੁੱਟਰ ਨੇ ਕਹੇ| ਉਨ੍ਹਾਂ ਕਿਹਾ ਕਿ ਕਿਸਾਨ ਮੇਲਿਆਂ ਦੀ ਲੜੀ ਵਿਚ ਸੱਤ ਕਿਸਾਨ ਮੇਲੇ ਹਾੜ੍ਹੀ ਸਾਉਣੀ ਦੀ ਬਿਜਾਈ ਤੋਂ ਪਹਿਲਾਂ ਲਾਏ ਜਾਂਦੇ ਹਨ। ਇਨ੍ਹਾਂ ਮੇਲਿਆਂ ਦਾ ਉਦੇਸ ਖੇਤੀ ਲਾਗਤਾਂ ਨੂੰ ਘੱਟ ਕਰਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨਾ ਹੈ ਤਾਂ ਜੋ ਖੇਤੀ ਨੂੰ ਵੱਧ ਮੁਨਾਫੇਯੋਗ ਬਣਾਇਆ ਜਾ ਸਕੇ।
ਤੁਹਾਨੂੰ ਦੱਸ ਦੇਈਏ ਕਿ ਸਮਾਗਮ ਦਾ ਸੰਚਾਲਨ ਅਪਰ ਨਿਰਦੇਸਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਕੀਤਾ। ਇਸ ਮੌਕੇ ਯੋਜਨਾ ਬੋਰਡ ਦੇ ਚੇਅਰਮੈਨ ਸ. ਸੁਰਜੀਤ ਢਿੱਲਵਾਂ ਤੋਂ ਇਲਾਵਾ ਅਗਾਂਹਵਧੂ ਕਿਸਾਨ ਅਤੇ ਪੀ.ਏ.ਯੂ. ਦੇ ਨਾਲ-ਨਾਲ ਖੇਤੀਬਾੜੀ ਵਿਭਾਗ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ। ਕਿਸਾਨਾਂ ਨੇ ਸਾਉਣੀ ਦੀਆਂ ਫਸਲਾਂ ਦੇ ਬੀਜ, ਫਲਦਾਰ ਬੂਟੇ ਅਤੇ ਖੇਤੀ ਸਾਹਿਤ ਖਰੀਦਣ ਵਿਚ ਵਿਸ਼ੇਸ਼ ਦਿਲਚਸਪੀ ਦਿਖਾਈ।
Summary in English: Efforts to increase farmers' income, now storage of sugarcane juice with tomato products