ਪੰਜਾਬ ਪੱਖੀ ਨਵੀਂ ਖੇਤੀ ਨੀਤੀ 31 ਮਾਰਚ ਤੱਕ ਤਿਆਰ ਕਰ ਲਈ ਜਾਵੇਗੀ, ਨੀਤੀ ਦਾ ਖਰੜਾ ਤਿਆਰ ਕਰਨ ਲਈ ਖੇਤੀ ਮਾਹਿਰਾਂ ਦੀ 11 ਮੈਂਬਰੀ ਕਮੇਟੀ ਦਾ ਗਠਨ...
New Agriculture Policy: ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਦੀ ਵਿਵਸਥਾ ਵਿੱਚ ਸੁਧਾਰ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸ ਲੜੀ ਨੂੰ ਅੱਗੇ ਤੋਰਦਿਆਂ ਪੰਜਾਬ ਸਰਕਾਰ ਨੇ ਨਵੀਂ ਖੇਤੀ ਨੀਤੀ ਤਿਆਰ ਕਰਨ ਲਈ ਤਿਆਰੀ ਵਿੱਢ ਦਿੱਤੀ ਹੈ।
ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਦੀ ਨਵੀਂ ਖੇਤੀ ਨੀਤੀ ਦਾ ਖਰੜਾ ਤਿਆਰ ਕਰਨ ਲਈ ਖੇਤੀ ਮਾਹਿਰਾਂ ਦੀ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਪੱਖੀ ਨਵੀਂ ਖੇਤੀ ਨੀਤੀ 31 ਮਾਰਚ ਤੱਕ ਤਿਆਰ ਕਰ ਲਈ ਜਾਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਸੂਬੇ ਦੀ ਖੇਤੀ ਪ੍ਰਣਾਲੀ ਵਿੱਚ ਸੁਧਾਰ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਦਿਸ਼ਾ ਵਿੱਚ ਅੱਗੇ ਵਧਦੇ ਹੋਏ ਪੰਜਾਬ ਦੀ ਨਵੀਂ ਖੇਤੀ ਨੀਤੀ 31 ਮਾਰਚ, 2023 ਤੱਕ ਤਿਆਰ ਕਰ ਲਈ ਜਾਵੇਗੀ, ਜਿਸ ਲਈ ਖੇਤੀ ਮਾਹਿਰਾਂ ਦੀ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਨਕਲੀ ਬੀਜਾਂ ਦੀ ਵਿਕਰੀ 'ਤੇ ਨਕੇਲ, ਜਾਣੋ 'ਬੀਜ' ਐਪ ਦੀਆਂ ਵਿਸ਼ੇਸ਼ਤਾਵਾਂ
ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਲਈ ਨਵੀਂ ਖੇਤੀ ਨੀਤੀ 31 ਮਾਰਚ ਤੱਕ ਤਿਆਰ ਕਰ ਲਈ ਜਾਵੇਗੀ, ਜੋ ਕਿ ਪੂਰੀ ਤਰ੍ਹਾਂ ਕਿਸਾਨ ਅਤੇ ਵਾਤਾਵਰਨ ਪੱਖੀ ਹੋਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਖੇਤੀ ਨੀਤੀ ਤਿਆਰ ਕਰਨ ਲਈ 12 ਫਰਵਰੀ ਨੂੰ ਪੀਏਯੂ ਲੁਧਿਆਣਾ ਵਿਖੇ ਪਹਿਲੀ ਸਰਕਾਰੀ ਕਿਸਾਨ ਮੀਟਿੰਗ ਕੀਤੀ ਜਾ ਰਹੀ ਹੈ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸ਼ਿਰਕਤ ਕਰਨਗੇ।
ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਇਸ ਮੀਟਿੰਗ ਦੌਰਾਨ 2500 ਤੋਂ ਵੱਧ ਕਿਸਾਨਾਂ ਨਾਲ ਖੇਤੀ ਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਅਤੇ ਕਿਸਾਨਾਂ ਤੋਂ ਸੁਝਾਅ ਲਏ ਜਾਣਗੇ। ਇਸ ਮੌਕੇ ਖੇਤੀਬਾੜੀ ਮੰਤਰੀ ਧਾਲੀਵਾਲ ਨੇ ਕਿਹਾ ਕਿ ਨਵੀਂ ਖੇਤੀ ਨੀਤੀ ਪੰਜਾਬ ਦੇ ਕੁਦਰਤੀ ਸੋਮਿਆਂ ਜਿਵੇਂ ਧਰਤੀ ਹੇਠਲੇ ਪਾਣੀ, ਮਿੱਟੀ ਦੀ ਸਿਹਤ ਅਤੇ ਭੂਗੋਲਿਕ ਸਥਿਤੀਆਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤੀ ਜਾ ਰਹੀ ਹੈ।
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਨਵੀਂ ਖੇਤੀ ਨੀਤੀ ਵਿੱਚ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨ ਲਈ ਖੇਤੀ ਉਪਜਾਂ ਦੇ ਮੁਲਾਂਕਣ, ਨਿਰਯਾਤ ਅਤੇ ਖੇਤੀ ਵਿਭਿੰਨਤਾ ਵਰਗੇ ਪਹਿਲੂਆਂ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਨਵੀਂ ਖੇਤੀ ਨੀਤੀ ਵਿੱਚ ਬਾਸਮਤੀ ਨੂੰ ਪਰਮਲ ਝੋਨੇ ਦੇ ਬਦਲ ਵਜੋਂ ਅਪਣਾਉਣ ਅਤੇ ਬਾਸਮਤੀ ਦੀ ਬਰਾਮਦ ਨੂੰ ਉਤਸ਼ਾਹਿਤ ਕਰਨ ਦਾ ਪ੍ਰਸਤਾਵ ਵੀ ਸ਼ਾਮਲ ਹੋਵੇਗਾ।
ਇਹ ਵੀ ਪੜ੍ਹੋ : ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਲਈ 23 ਹਜ਼ਾਰ ਤੋਂ ਵੱਧ ਮਸ਼ੀਨਾਂ ਦਿੱਤੀਆਂ, ਬੁਕਿੰਗ ਮਸ਼ੀਨਾਂ ਲਈ ਆਈ-ਖੇਤ ਐਪ ਵੀ ਲਾਂਚ
ਧਾਲੀਵਾਲ ਨੇ ਜ਼ੋਰ ਦਿੰਦਿਆਂ ਆਖਿਆ ਕਿ ਪੰਜਾਬ ਅੱਜ ਵਾਤਾਵਰਨ ਅਤੇ ਸਿਹਤ ਸੰਕਟ ਨਾਲ ਜੂਝ ਰਿਹਾ ਹੈ, ਜਿਸ ਵਿੱਚ ਉਪਜਾਊ ਭੂਮੀ ਹੁਣ ਗੈਰ-ਉਪਜਾਊ ਭੂਮੀ ਵਿੱਚ ਬਦਲ ਰਹੀ ਹੈ ਅਤੇ ਜ਼ਮੀਨੀ ਪਾਣੀ ਵਿੱਚ ਜ਼ਹਿਰਾਂ ਦੀ ਮਾਤਰਾ ਦਿਨੋਂ-ਦਿਨ ਵੱਧ ਰਹੀ ਹੈ। ਇਸ ਵਰਤਾਰੇ ਵਿੱਚੋਂ ਬਾਹਰ ਨਿਕਲਣ ਅਤੇ ਕੁਦਰਤੀ ਖੇਤੀ ਲਈ ਨਵੀਂ ਨੀਤੀ ਬਣਾਉਣ ਦਾ ਵਾਅਦਾ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਛੇਤੀ ਹੀ ਪੰਜਾਬ ਦੇ ਕਿਸਾਨਾਂ ਨੂੰ ਜ਼ਹਿਰ ਮੁਕਤ ਖੇਤੀ ਮਾਡਲ ਦਿੱਤਾ ਜਾਵੇਗਾ।
ਖੇਤੀਬਾੜੀ ਮੰਤਰੀ ਨੇ ਅੱਗੇ ਦੱਸਿਆ ਕਿ ਦਰਿਆਵਾਂ ਦੇ ਵਾਧੂ ਪਾਣੀਆਂ ਨੂੰ ਪੰਜਾਬ ਦੇ ਹਰ ਖੇਤ ਤੱਕ ਪਹੁੰਚਾਉਣ ਲਈ ਨਵੀਂ ਖੇਤੀ ਨੀਤੀ ਅਧੀਨ ਵਿਚਾਰਿਆ ਜਾ ਰਿਹਾ ਹੈ। ਉਨ੍ਹਾਂ ਨੇ ਖੇਤੀ ਸੈਕਟਰ ਵਿੱਚ ਆਈ ਖੜੋਤ ਨੂੰ ਦੂਰ ਕਰਨ ਦੀ ਲੋੜ `ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਖੇਤੀਬਾੜੀ ਨੂੰ ਬਚਾਉਣ ਦੀ ਦਿਸ਼ਾ ਵਿੱਚ ਸਭ ਦੇ ਸਹਿਯੋਗ ਨਾਲ ਅੱਗੇ ਵਧੇਗੀ। ਉਨ੍ਹਾਂ ਦੱਸਿਆ ਕਿ ਨਵੀਂ ਨੀਤੀ ਖੇਤੀਬਾੜੀ ਵਿਗਿਆਨੀਆਂ, ਮਾਹਿਰਾਂ ਅਤੇ ਖੇਤੀਬਾੜੀ ਜਥੇਬੰਦੀਆਂ ਨਾਲ ਸਲਾਹ-ਮਸ਼ਵਰੇ ਉਪਰੰਤ ਮੁਕੰਮਲ ਕਰਕੇ 31 ਮਾਰਚ ਤੱਕ ਪੰਜਾਬ ਦੀ ਕਿਸਾਨੀ ਨੂੰ ਸਮਰਪਿਤ ਕੀਤੀ ਜਾਵੇਗੀ।
11 ਮੈਂਬਰੀ ਕਮੇਟੀ ਵਿੱਚ ਕੌਣ-ਕੌਣ ਸ਼ਾਮਲ?
ਖੇਤੀ ਨੀਤੀ ਤਿਆਰ ਕਰਨ ਲਈ ਬਣਾਈ ਗਈ 11 ਮੈਂਬਰੀ ਕਮੇਟੀ ਵਿੱਚ ਸਕੱਤਰ ਖੇਤੀਬਾੜੀ ਰਾਹੁਲ ਤਿਵਾੜੀ ਨੂੰ ਮੈਂਬਰ, ਡਾ. ਸੁਖਪਾਲ ਸਿੰਘ ਨੂੰ ਕਨਵੀਨਰ, ਡਾ. ਐੱਸਐੱਸ ਗੋਸਲ, ਡਾ. ਇੰਦਰਜੀਤ ਸਿੰਘ, ਅਰਥਸ਼ਾਸਤਰੀ ਡਾ. ਸੁੱਚਾ ਸਿੰਘ ਗਿੱਲ ਤੇ ਡਾ. ਬੀਐੱਸ ਘੁੰਮਣ, ਡਾ. ਗੁਰਕੰਵਲ ਸਿੰਘ, ਰਾਜੇਸ਼ ਵਸ਼ਿਸ਼ਟ, ਡਾ. ਬਲਵਿੰਦਰ ਸਿੰਘ ਸਿੱਧੂ, ਅਮਰਿੰਦਰ ਸਿੰਘ ਅਤੇ ਮਹਿੰਦਰ ਸਿੰਘ ਸਿੱਧੂ ਆਦਿ ਨੂੰ ਬਤੌਰ ਮੈਂਬਰ ਸ਼ਾਮਲ ਕੀਤਾ ਗਿਆ ਹੈ।
Summary in English: Formation of 11 member committee for preparation of new agriculture policy, target till March 31