Procurement of Wheat in Punjab: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 1 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਪੰਜਾਬ ਦੀਆਂ ਸਾਰੀਆਂ ਮੰਡੀਆਂ ਵਿੱਚ ਖਰੀਦ ਦੇ ਸਾਰੇ ਪ੍ਰਬੰਧ ਵੀ ਮੁਕੰਮਲ ਕਰ ਲਏ ਗਏ ਹਨ, ਪਰ ਇਸ ਵਾਰ ਮੰਡੀ 'ਚ ਕਣਕ 10 ਤੋਂ 13 ਅਪ੍ਰੈਲ ਦੇ ਕਰੀਬ ਆਉਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਸਾਲ ਕਣਕ ਦਾ ਮੁੱਲ 2125 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ ਅਤੇ ਕਣਕ ਦੀ ਸਰਕਾਰੀ ਖਰੀਦ 31 ਮਈ 2023 ਤੱਕ ਜਾਰੀ ਰਹੇਗੀ।
ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਕਣਕ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਹੈ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੀ ਅਦਾਇਗੀ ਯਕੀਨੀ ਬਣਾਈ ਜਾਵੇਗੀ।
ਇਸ ਤੋਂ ਇਲਾਵਾ ਮੁੱਖ ਮੰਤਰੀ ਮਾਨ ਨੇ ਸਮੇਂ ਸਿਰ ਸੀਸੀਐਲ ਜਾਰੀ ਕਰਨ ਲਈ ਕੇਂਦਰ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਮੌਜੂਦਾ ਮੰਡੀਕਰਨ ਸੀਜ਼ਨ ਦੌਰਾਨ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਲਾਹੇਵੰਦ ਸਾਬਤ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਕਣਕ ਦੀ ਵਾਢੀ 'ਚ ਦੇਰੀ, ਵਿਸਾਖੀ ਤੋਂ ਬਾਅਦ ਫ਼ਸਲ ਦੀ ਆਮਦ ਸ਼ੁਰੂ ਹੋਣ ਦਾ ਅਨੁਮਾਨ
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਕਣਕ ਦੀ ਫਸਲ ਨੁਕਸਾਨੀ ਗਈ ਹੈ, ਇਸ ਕਾਰਨ ਕਣਕ ਦੀ ਵਾਢੀ ਵੀ ਪੱਛੜ ਗਈ ਹੈ। ਮੌਸਮ ਵਿਭਾਗ ਅਨੁਸਾਰ ਮੌਸਮ ਵਿੱਚ ਪੱਛਮੀ ਵਿਗਾੜ ਦੇ ਚਲਦਿਆਂ ਪੰਜਾਬ ਦੇ ਦੱਖਣੀ-ਪੱਛਮੀ ਖੇਤਰਾਂ ਨੂੰ ਛੱਡ ਕੇ ਹੋਰਨਾਂ ਜ਼ਿਲ੍ਹਿਆਂ ਵਿੱਚ ਮੀਂਹ ਪਿਆ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ 3 ਤੇ 4 ਅਪ੍ਰੈਲ ਤੋਂ ਮੁੜ ਮੀਂਹ ਪੈਣ ਦੀ ਸੰਭਾਵਨਾ ਹੈ।
ਗੌਰਤਲਬ ਹੈ ਕਿ ਇਸ ਵਾਰ ਬੇਮੌਸਮੀ ਬਰਸਾਤ ਕਾਰਨ ਪੰਜਾਬ ਵਿੱਚ ਕਰੀਬ ਇੱਕ ਹਫ਼ਤੇ ਤੋਂ ਵਾਢੀ ਦਾ ਕੰਮ ਪ੍ਰਭਾਵਿਤ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਬੇਮੌਸਮੀ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਕਾਰਨ ਸੂਬੇ ਵਿੱਚ 14 ਲੱਖ ਹੈਕਟੇਅਰ ਤੋਂ ਵੱਧ ਕਣਕ ਦੀ ਫ਼ਸਲ ਪ੍ਰਭਾਵਿਤ ਹੋਈ ਹੈ। ਹਾਲਾਂਕਿ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ 'ਤੇ ਸੂਬੇ 'ਚ ਫਸਲਾਂ ਦੀ ਗਿਰਦਾਵਰੀ ਦਾ ਕੰਮ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਸਿਫਾਰਸ ਕੀਤੇ ਹਾਈਬ੍ਰਿਡ ਕਪਾਹ ਦੇ ਬੀਜ ਵਰਤਣ 'ਤੇ ਕਿਸਾਨਾਂ ਨੂੰ ਮਿਲੇਗੀ 33% ਦੀ ਸਬਸਿਡੀ: PAU
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਵਿੱਚ ਖਰਾਬ ਹੋਈਆਂ ਫਸਲਾਂ ਦਾ ਜਲਦ ਨਿਪਟਾਰਾ ਕਰਨ ਦੇ ਹੁਕਮ ਦਿੱਤੇ ਹਨ। ਉਸ ਦਾ ਕਹਿਣਾ ਹੈ ਕਿ ਵਿਸਾਖੀ ਤੱਕ ਫਸਲਾਂ ਦਾ ਨੁਕਸਾਨ ਹੋਣ 'ਤੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਫਿਲਹਾਲ, ਮੁੱਖ ਮੰਤਰੀ ਮਾਨ ਨੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸਦੇ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ।
Summary in English: Government procurement of wheat in Punjab has started and will continue till May 31