ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਅਨੁਸਾਰ ਪੰਜਾਬ ਦੀ ਆਬੋ ਹਵਾ ਹਰਿਆਣਾ ਨਾਲੋਂ ਬਿਹਤਰ ਹੈ। ਖੇਤੀਬਾੜੀ ਮੰਤਰੀ ਦਾ ਕਹਿਣਾ ਹੈ ਕਿ ਪੰਜਾਬ ਨਾਲੋਂ ਹਰਿਆਣਾ 'ਚ ਪਰਾਲੀ ਨੂੰ ਵੱਧ ਅੱਗ ਲਾਈ ਜਾ ਰਹੀ ਹੈ।
ਅਕਤੂਬਰ-ਨਵੰਬਰ ਦੇ ਮਹੀਨੇ ਜਦੋਂ ਸਰਦੀਆਂ ਦਾ ਆਗਾਜ਼ ਹੋਣ ਵਾਲਾ ਹੁੰਦਾ ਹੈ, ਉਦੋਂ ਉੱਤਰ ਭਾਰਤ 'ਚ ਪ੍ਰਦੂਸ਼ਣ ਦਾ ਪੱਧਰ ਵੀ ਵਧਣਾ ਸ਼ੁਰੂ ਹੋ ਜਾਂਦਾ ਹੈ। ਹਾਲਾਤ ਇਸ ਕਦਰ ਵਿਗੜਨੇ ਸ਼ੁਰੂ ਹੋ ਜਾਂਦੇ ਹਨ ਕਿ ਲੋਕਾਂ ਦਾ ਸਾਹ ਤੱਕ ਲੈਣਾ ਵੀ ਮੁਹਾਲ ਹੋ ਜਾਂਦਾ ਹੈ। ਭਾਰਤ ਦੀ ਰਾਜਧਾਨੀ ਦਿੱਲੀ ਦਾ ਮਾਹੌਲ ਇਸ ਦਾ ਸਭ ਤੋਂ ਵੱਡਾ ਉਦਾਹਰਣ ਹੈ, ਜਿੱਥੇ ਹਰ ਸਾਲ ਹਵਾ ਦੀ ਗੁਣਵੱਤਾ ਵਿੱਚ ਵੱਡੀ ਗਿਰਾਵਟ ਦਰਜ ਕੀਤੀ ਜਾਂਦੀ ਹੈ। ਦਿੱਲੀ ਦੇ AQI (Air Quality Index) ਦੀ ਗੱਲ ਕਰੀਏ ਤਾਂ ਇਸ ਸਾਲ ਇਹ 500 ਦੇ ਪੱਧਰ ਨੂੰ ਪਾਰ ਕਰ ਚੁੱਕਿਆ ਹੈ। ਜਿਸ 'ਤੇ ਹੁਣ ਸਿਆਸਤ ਵੀ ਪੂਰੀ ਤਰ੍ਹਾਂ ਨਾਲ ਭਖੀ ਹੋਈ ਹੈ।
ਦਿੱਲੀ-ਐੱਨ.ਸੀ.ਆਰ 'ਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪ੍ਰਦੂਸ਼ਣ ਕਾਰਨ ਸਾਹ ਲੈਣਾ ਮੁਸ਼ਕਿਲ ਹੋ ਰਿਹਾ ਹੈ। ਦਰਅਸਲ, ਦਿੱਲੀ ਵਿੱਚ ਹਵਾ ਪ੍ਰਦੂਸ਼ਣ ਦੀ ਸਥਿਤੀ ਅਜਿਹੀ ਹੈ ਕਿ ਸਰਕਾਰ ਨੇ ਸਕੂਲ ਵੀ ਬੰਦ ਕਰ ਦਿੱਤੇ ਹਨ। ਇਨ੍ਹਾਂ ਹੀ ਨਹੀਂ, ਦਿੱਲੀ ਸਰਕਾਰ ਦੇ ਕਰਮਚਾਰੀਆਂ ਨੂੰ ਘਰੋਂ ਕੰਮ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਦੋਂਕਿ, ਪਰਾਲੀ ਦੇ ਮੁੱਦੇ 'ਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ।
ਇਸ ਮੌਕੇ ਉਨ੍ਹਾਂ ਕਿਹਾ ਕਿ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਅਨੁਸਾਰ ਪੰਜਾਬ ਦੀ ਆਬੋ ਹਵਾ ਹਰਿਆਣਾ ਨਾਲੋਂ ਬਿਹਤਰ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅੰਕੜਿਆਂ ਅਨੁਸਾਰ ਹਰਿਆਣਾ ਦੇ ਕਈ ਸ਼ਹਿਰ ਭਾਰਤ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਦੀ ਸੂਚੀ 'ਚ ਪਹਿਲੇ 10 ਸ਼ਹਿਰਾਂ 'ਚ ਸ਼ਾਮਲ ਹਨ।
ਇਹ ਵੀ ਪੜ੍ਹੋ: ਆਓ ਪੰਜਾਬ ਨੂੰ ਗੰਧਲਾ ਹੋਣ ਤੋਂ ਬਚਾਈਏ, ਪ੍ਰਦੂਸ਼ਨ ਘਟਾ ਕੇ ਰੰਗਲਾ ਬਣਾਈਏ
ਸੂਚੀ ਵਿੱਚ ਪੰਜਾਬ ਦਾ ਇੱਕ ਵੀ ਸ਼ਹਿਰ ਨਹੀਂ : ਧਾਲੀਵਾਲ
ਉਨ੍ਹਾਂ ਕਿਹਾ ਕਿ ਅੰਕੜਿਆਂ ਅਨੁਸਾਰ ਹਰਿਆਣਾ ਦਾ ਹਿਸਾਰ, ਫਰੀਦਾਬਾਦ, ਸਿਰਸਾ, ਰੋਹਤਕ, ਸੋਨੀਪਤ ਅਤੇ ਭਿਵਾਨੀ ਆਦਿ ਪ੍ਰਦੂਸ਼ਿਤ ਸ਼ਹਿਰਾਂ ਦੀ ਸੂਚੀ 'ਚ ਸ਼ਾਮਲ ਹੈ। ਜਦੋਂਕਿ, ਪੰਜਾਬ ਦਾ ਕੋਈ ਵੀ ਸ਼ਹਿਰ ਇਸ ਸੂਚੀ ਦੇ ਪਹਿਲੇ ਦਸਾਂ 'ਚ ਸ਼ਾਮਿਲ ਨਹੀਂ ਹੈ। ਇਸ ਤੋਂ ਸਾਫ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਪੰਜਾਬ ਨਾਲੋਂ ਹਰਿਆਣਾ 'ਚ ਪਰਾਲੀ ਨੂੰ ਅੱਗ ਜ਼ਿਆਦਾ ਲਾਈ ਜਾ ਰਹੀ ਹੈ।
ਭਾਜਪਾ ਦੇ ਇਸ਼ਾਰੇ 'ਤੇ ਰਾਜਨੀਤੀ: ਧਾਲੀਵਾਲ
ਖੇਤੀਬਾੜੀ ਮੰਤਰੀ ਧਾਲੀਵਾਲ ਨੇ ਕਿਹਾ ਕਿ ਪਰਾਲੀ ਦੇ ਮੁੱਦੇ 'ਤੇ ਦਿੱਲੀ ਦਾ ਲੈਫਟੀਨੈਂਟ ਗਵਰਨਰ (LG) ਵੀ ਭਾਜਪਾ ਦੇ ਇਸ਼ਾਰੇ 'ਤੇ ਰਾਜਨੀਤੀ ਕਰ ਰਿਹਾ ਹੈ ਅਤੇ ਬਿਨਾਂ ਕਿਸੇ ਅਧਿਕਾਰ ਦੇ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਮਾਮਲੇ 'ਤੇ ਚਿੱਠੀਆਂ ਲਿਖ ਰਿਹਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦੀ ਸਾਂਭ ਸੰਭਾਲ ਉੱਤਰ ਭਾਰਤ ਦੇ ਕਈ ਸੂਬਿਆਂ ਦਾ ਸਾਂਝਾ ਮੁੱਦਾ ਹੈ, ਪਰ ਕੇਂਦਰ ਸਰਕਾਰ ਇਸ ਮਾਮਲੇ 'ਚ ਪੰਜਾਬ ਦਾ ਸਾਥ ਦੇਣ ਦੀ ਬਜਾਏ ਰਾਜਨੀਤੀ ਕਰ ਰਹੀ ਹੈ।
ਇਹ ਵੀ ਪੜ੍ਹੋ: ਦਿੱਲੀ, ਪੰਜਾਬ ਸਣੇ ਚਾਰ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ 10 ਨਵੰਬਰ ਲਈ ਕੀਤਾ ਤਲਬ
ਕੇਂਦਰ ਸਰਕਾਰ ਵਲੋਂ ਕੋਈ ਮਦਦ ਨਹੀਂ: ਮੀਤ ਹੇਅਰ
ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਪਰਾਲੀ ਦੀ ਸਾਂਭ ਸੰਭਾਲ ਲਈ ਕੋਈ ਮਦਦ ਨਹੀਂ ਦਿੱਤੀ ਗਈ ਹੈ, ਬਾਵਜੂਦ ਇਸਦੇ ਕੇਂਦਰ ਵਲੋਂ ਪਰਾਲੀ ਦੀ ਸਾਂਭ ਸੰਭਾਲ ਲਈ ਪੰਜਾਬ ਨੂੰ ਦਿੱਤੇ ਟੀਚੇ ਨੂੂੰ ਆਪਣੇ ਪੱਧਰ 'ਤੇ 100 ਫੀਸਦੀ ਪੂਰਾ ਕੀਤਾ ਜਾ ਰਿਹਾ ਹੈ ਤੇ ਆਉਣ ਵਾਲੇ ਇਕ ਦੋ ਸਾਲਾਂ 'ਚ ਪਰਾਲੀ ਦੀ ਸਮੱਸਿਆ 'ਤੇ ਪੂਰੀ ਤਰ੍ਹਾਂ ਨਾਲ ਕਾਬੂ ਪਾ ਲਿਆ ਜਾਵੇਗਾ।
Summary in English: Haryana, Delhi and UP most polluted cities, not a single city of Punjab in the list: Dhaliwal