ਪੰਜਾਬ ਵਿੱਚ ਝੋਨੇ ਦੀ ਪਰਾਲੀ ਸਾੜਨ ਕਰਕੇ ਪੈਦਾ ਹੋਣ ਵਾਲੇ ਪ੍ਰਦੂਸ਼ਣ ਨੂੰ ਘਟਾਉਣ ਲਈ ਪੰਜਾਬ ਸਰਕਾਰ ਵਲੋਂ ਇਕ ਅਹਿਮ ਹੁਕਮ ਜਾਰੀ ਕੀਤਾ ਗਿਆ ਹੈ। ਜਿਸ ਲਈ ਸਰਕਾਰ ਨੇ ਕੰਬਾਈਨ ਹਾਰਵੈਸਟਰ ’ਤੇ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਲਾਉਣਾ ਲਾਜ਼ਮੀ ਕਰ ਦਿੱਤਾ ਹੈ। ਦੱਸ ਦੇਈਏ ਕਿ ਝੋਨੇ ਦੀ ਕਟਾਈ ਸ਼ੁਰੂ ਹੋਣ ਵਿੱਚ ਅਜੇ ਕੁਝ ਸਮਾਂ ਬਾਕੀ ਹੈ ਪਰ ਸਰਕਾਰ ਨੇ ਹੁਣ ਤੋਂ ਹੀ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਨਿਰਦੇਸ਼ ਜਾਰੀ ਕਰ ਦਿੱਤੇ ਹਨ।
ਇਸ ਸਬੰਧੀ ਖੇਤੀਬਾੜੀ ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂ ਨੇ ਕਿਹਾ ਕਿ ਸੂਬੇ ਦੇ ਕੁੱਲ 13 ਹਜ਼ਾਰ ਵਿੱਚੋਂ ਕੁਝ ਕੰਬਾਈਨ ਮਾਲਕ ਪੈਸਾ ਤੇ ਸਮਾਂ ਬਚਾਉਣ ਲਈ ਇਸ ਪ੍ਰਣਾਲੀ ਨੂੰ ਫਿੱਟ ਨਹੀਂ ਕਰਦੇ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 67 ਲੱਖ ਏਕੜ ਰਕਬਾ ਝੋਨੇ ਦੀ ਕਾਸ਼ਤ ਅਧੀਨ ਹੈ ਅਤੇ ਦੂਜੇ ਪਾਸੇ ਝੋਨੇ ਦੀ ਕਟਾਈ ਸ਼ੁਰੂ ਹੋਣ ਨੂੰ ਹਾਲੇ ਇੱਕ ਮਹੀਨਾ ਬਾਕੀ ਹੈ। ਇਸ ਮੌਕੇ ਉਨ੍ਹਾਂ ਸਾਰੇ ਕਿਸਾਨਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਐੱਸ.ਐੱਮ.ਐੱਸ. ਤੋਂ ਬਿਨਾ ਕਿਸੇ ਨੂੰ ਵੀ ਕੰਬਾਈਨ ਨਾਲ ਫਸਲ ਦੀ ਕਟਾਈ ਨਹੀਂ ਕਰਨ ਦਿੱਤੀ ਜਾਵੇਗੀ। ਚਿਤਾਵਨੀ ਦੇ ਬਾਵਜੂਦ ਵੀ ਜੇਕਰ ਵਿਅਕਤੀ ਅਜਿਹਾ ਕਰਦੇ ਹਨ ਤਾਂ ਉਨ੍ਹਾਂ ਦੀਆਂ ਕੰਬਾਈਨਾਂ ਜ਼ਬਤ ਕਰ ਲਈਆਂ ਜਾਣਗੀਆਂ ਅਤੇ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਜਾਵੇਗਾ।
ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਲਗਾਉਣ ਦੇ ਫਾਇਦੇ
ਇਸ ਸਿਸਟਮ ਨੂੰ ਕੰਬਾਈਨ ‘ਤੇ ਲਾਉਣ ਨਾਲ ਝੋਨੇ ਦੀ ਕਟਾਈ ਉਪਰੰਤ ਰਹਿੰਦ-ਖੂੰਹਦ ਦੇ ਛੋਟੇ-ਛੋਟੇ ਟੁਕੜੇ ਹੋ ਕੇ ਖੇਤ ਵਿਚ ਖਿੱਲਰ ਜਾਂਦੇ ਹਨ। ਇਸ ਸਿਸਟਮ ਨਾਲ ਝੋਨੇ ਦੀ ਕਟਾਈ ਕਰਨ ਉਪਰੰਤ ਖੇਤ ‘ਚ ਅੱਗ ਲਾਉਣ ਦੀ ਲੋੜ ਨਹੀਂ ਰਹਿੰਦੀ ਅਤੇ ਕਿਸਾਨ ਆਸਾਨੀ ਨਾਲ ਕਣਕ ਦੀ ਬਿਜਾਈ ਕਰ ਸਕਦੇ ਹਨ। ਇਸ ਕਾਰਨ ਜਿਹੜੇ ਖੇਤਾਂ ‘ਚ ਝੋਨੇ ਦੀ ਕਟਾਈ ਇਸ ਸਿਸਟਮ ਵਾਲੀਆਂ ਕੰਬਾਈਨਾਂ ਨਾਲ ਕੀਤੀ ਗਈ ਉਨ੍ਹਾਂ ਵਿਚ ਕਿਸਾਨਾਂ ਨੂੰ ਅੱਗ ਲਾਉਣ ਦੀ ਜ਼ਰੂਰਤ ਨਹੀਂ ਪਈ। ਜ਼ਿਕਰਯੋਗ ਹੈ ਕਿ ਝੋਨੇ ਦੀ ਫ਼ਸਲ ਕੱਟਣ ਤੋਂ ਬਾਅਦ ਅਗਲੀ ਫ਼ਸਲ ਲਈ ਖੇਤ ਨੂੰ ਤਿਆਰ ਕਰਨਾ ਮੌਜੂਦਾ ਕਿਸਾਨ ਲਈ ਸਭ ਤੋਂ ਵੱਡਾ ਮਸਲਾ ਹੈ। ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਸਖ਼ਤ ਹੁਕਮਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਪਰਾਲੀ ਨੂੰ ਅੱਗ ਲਗਾਉਣ ‘ਤੇ ਪੂਰੀ ਤਰਾਂ ਰੋਕ ਲਗਾ ਦਿੱਤੀ।
Summary in English: Important announcement by Punjab Govt impose ban on burning straw.