Relief to Farmers: ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਦਰਅਸਲ, ਬੇਮੌਸਮੀ ਮੀਂਹ ਅਤੇ ਗੜ੍ਹੇਮਾਰੀ ਨਾਲ ਨੁਕਸਾਨੀ ਗਈ ਫ਼ਸਲ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੇ ਦੁੱਖ ਨੂੰ ਸਮਝਦਿਆਂ ਹੋਇਆਂ ਪੰਜਾਬ ਰਾਜ ਸਹਿਕਾਰੀ ਬੈਂਕ ਤੋਂ ਲਏ ਹਾੜ੍ਹੀ ਦੇ ਫ਼ਸਲੀ ਕਰਜ਼ੇ ਦੀ ਵਸੂਲੀ ਮੁਲਤਵੀ ਕਰ ਦਿੱਤੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਮਾਨ ਨੇ ਕਰਜ਼ਾ ਵਸੂਲੀ ਮੁਲਤਵੀ ਸਮੇਂ ਦੌਰਾਨ ਕਿਸਾਨਾਂ ਨੂੰ ਪੈਣ ਵਾਲੇ ਵਿਆਜ ਨੂੰ ਵੀ ਮੁਆਫ਼ ਕਰ ਦਿੱਤਾ ਹੈ।
ਦੱਸ ਦੇਈਏ ਕਿ ਇੱਕ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਕਿਸਾਨਾਂ ਦੇ ਹੱਕ 'ਚ ਫੈਸਲਾ ਲੈਂਦਿਆਂ ਕਿਹਾ ਕਿ ਫਸਲਾਂ ਦੇ ਨੁਕਸਾਨ ਦੀ ਭਰਪਾਈ ਕਰਨ ਤੋਂ ਬਾਅਦ ਕਿਸਾਨ ਕਰਜ਼ਾ ਮੋੜ ਸਕਦੇ ਹਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਫਸਲ ਖਰਾਬ ਹੋਣ ਦੇ ਮੱਦੇਨਜ਼ਰ ਪੰਜਾਬ ਰਾਜ ਸਹਿਕਾਰੀ ਬੈਂਕ ਤੋਂ ਕਿਸਾਨਾਂ ਵੱਲੋਂ ਲਏ ਹਾੜ੍ਹੀ ਦੇ ਫਸਲੀ ਕਰਜ਼ੇ ਦੀ ਵਸੂਲੀ ਮੁਲਤਵੀ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਦੇ ਕਿਸਾਨ ਮੈਂਬਰਾਂ ਦੇ ਫ਼ਸਲੀ ਕਰਜ਼ੇ ਦੀ ਮੁੜ ਅਦਾਇਗੀ ਰੋਕ ਦਿੱਤੀ ਗਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਰਜ਼ਾ ਵਸੂਲੀ ਮੁਲਤਵੀ ਸਮੇਂ ਦੌਰਾਨ ਕਿਸਾਨਾਂ ਨੂੰ ਪੈਣ ਵਾਲੇ ਵਿਆਜ ਨੂੰ ਵੀ ਮੁਆਫ਼ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਵਿਆਜ ਦੀ ਭਰਪਾਈ ਹੁਣ ਸਰਕਾਰ ਵੱਲੋਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Good News: ਹਾੜ੍ਹੀ ਦੇ ਫ਼ਸਲੀ ਕਰਜ਼ੇ ਦੀ ਵਸੂਲੀ ਮੁਲਤਵੀ, ਕਿਸਾਨਾਂ ਦਾ ਵਿਆਜ ਵੀ ਮੁਆਫ਼: CM
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਫੈਸਲੇ ਤੋਂ ਬਾਅਦ ਵੱਡੀ ਗਿਣਤੀ ਕਿਸਾਨ ਡਿਫਾਲਟਰ ਹੋਣ ਤੋਂ ਬਚਣਗੇ ਅਤੇ ਅਗਲੀ ਫਸਲ ਲਈ ਕਰਜ਼ਾ ਲੈ ਸਕਣਗੇ। ਜ਼ਿਕਰਯੋਗ ਹੈ ਕਿ ਪੰਜਾਬ ਦੇ ਕਈ ਜ਼ਿਲ੍ਹੇ ਗੜ੍ਹੇਮਾਰੀ ਅਤੇ ਮੀਂਹ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ ਅਤੇ ਕਿਸਾਨਾਂ ਦਾ ਕਈ ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰੀਆਂ ਨੂੰ ਮੀਂਹ ਅਤੇ ਗੜੇਮਾਰੀ ਕਾਰਨ ਨੁਕਸਾਨੀਆਂ ਫਸਲਾਂ ਦੀ ਵਿਸ਼ੇਸ਼ ਗਿਰਦਾਵਰੀ ਦਾ ਕੰਮ ਮੁਕੰਮਲ ਕਰਨ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਨਿਰਧਾਰਤ ਸਮੇਂ ਵਿੱਚ ਵੰਡਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁਆਵਜ਼ੇ ਦੀ ਵੰਡ ਤੋਂ ਪਹਿਲਾਂ ਜਨਤਕ ਐਲਾਨ ਕੀਤਾ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ: Punjab 'ਚ ਕਿੰਨੂ ਦੀ ਪੈਦਾਵਾਰ `ਚ ਆਈ ਗਿਰਾਵਟ, ਕਿਸਾਨਾਂ ਵੱਲੋਂ ਖਜੂਰ ਦੀ ਕਾਸ਼ਤ ਲਈ Subsidy ਦੀ ਮੰਗ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 75 ਫੀਸਦੀ ਤੋਂ ਵੱਧ ਨੁਕਸਾਨ ਹੋਣ ਦੀ ਸੂਰਤ ਵਿੱਚ ਸੂਬਾ ਸਰਕਾਰ ਕਿਸਾਨਾਂ ਨੂੰ 15000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਵੇਗੀ। ਜੇਕਰ ਨੁਕਸਾਨ 33 ਤੋਂ 75 ਫੀਸਦੀ ਤੱਕ ਹੁੰਦਾ ਹੈ ਤਾਂ ਕਿਸਾਨਾਂ ਨੂੰ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਮਜ਼ਦੂਰਾਂ ਨੂੰ 10 ਫੀਸਦੀ ਮੁਆਵਜ਼ਾ ਦਿੱਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਹਾਲ ਹੀ ਵਿੱਚ ਪਏ ਮੀਂਹ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ। ਸੀਐਮ ਮਾਨ ਨੇ ਅਧਿਕਾਰੀਆਂ ਨੂੰ ਇੱਕ ਹਫ਼ਤੇ ਵਿੱਚ ਕੰਮ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਫਸਲਾਂ ਦੇ ਨੁਕਸਾਨ ਦੀ ਭਰਪਾਈ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ।
Summary in English: Interest waiver for Punjab farmers, more than 6 lakh farmers will get relief