Great Initiative: ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਉਦਯੋਗ ਕੇਂਦਰ ਦੇ ਸਹਿਯੋਗ ਨਾਲ ਮੋਗਾ ਵਿੱਚ "ਓਪਰੇਸ਼ਨ ਵਾਈਟ ਫਲੱਡ" ਨਾਮ ਦੀ ਇੱਕ ਵਿਲੱਖਣ ਲੋਕ-ਪੱਖੀ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਆਓ ਜਾਣਦੇ ਹਾਂ ਇਸ ਤਰ੍ਹਾਂ ਦੀ ਨਵੀਂ ਪਹਿਲ ਸ਼ੁਰੂ ਕਰਨ ਪਿੱਛੇ ਕੀ ਮਕਸਦ ਹੈ?
"ਓਪਰੇਸ਼ਨ ਵਾਈਟ ਫਲੱਡ" ਦਾ ਮੁੱਖ ਉਦੇਸ਼ ਜ਼ਿਲ੍ਹਾ ਮੋਗਾ ਵਿੱਚ ਦੁੱਧ ਦੇ ਉਤਪਾਦਨ ਵਿੱਚ ਤਿੰਨ ਗੁਣਾ ਵਾਧਾ ਕਰਕੇ ਪਿੰਡ ਵਾਸੀਆਂ ਦਾ ਜੀਵਨ ਪੱਧਰ ਉੱਚਾ ਚੁੱਕਣਾ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨਾ ਹੈ। ਕਿਸਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਾਈਟ ਫਲੱਡ ਓਪਰੇਸ਼ਨ ਨੂੰ ਸ਼ੁਰੂ ਕਰਨ ਵਾਲਾ ਮੋਗਾ ਪੰਜਾਬ ਦਾ ਪਹਿਲਾ ਜ਼ਿਲ੍ਹਾ ਬਣ ਜਾਵੇਗਾ।
ਇਸ ਸਬੰਧੀ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਕੁਲਵੰਤ ਸਿੰਘ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਟਾਕ ਹੋਲਡਰਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ਼) ਸ੍ਰੀ ਸੁਭਾਸ਼ ਚੰਦਰ, ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਸ੍ਰੀ ਸੁਖਮਿੰਦਰ ਸਿੰਘ ਰੇਖੀ, ਡੇਅਰੀ ਵਿਭਾਗ, ਪਸ਼ੂ ਪਾਲਣ ਵਿਭਾਗ ਤੋਂ ਡਿਪਟੀ ਡਾਇਰੈਕਟਰ ਡਾ. ਹਰਵੀਨ ਕੌਰ ਵੀ ਮੌਜੂਦ ਸਨ।
ਇਹ ਵੀ ਪੜ੍ਹੋ : Veterinary University ਦੇ ਇਨ੍ਹਾਂ ਕੋਰਸਾਂ ਵੱਲ ਉਮੀਦਵਾਰਾਂ ਦਾ ਵੱਧ ਰਿਹਾ ਰੁਝਾਨ
ਜ਼ਿਲ੍ਹੇ ਵਿੱਚ ਦੁੱਧ ਦੀ ਪੈਦਾਵਾਰ ਵਿੱਚ ਤਿੰਨ ਗੁਣਾ ਵਾਧਾ ਕਰਨ ਲਈ "ਓਪਰੇਸ਼ਨ ਵਾਈਟ ਫਲੱਡ" ਰਾਹੀਂ ਵੱਡੀ ਗਿਣਤੀ ਵਿੱਚ ਪਿੰਡ ਪੱਧਰੀ ਜਾਗਰੂਕਤਾ ਕੈਂਪ ਲਗਾਏ ਜਾਣਗੇ, ਜਿਸ ਵਿੱਚ ਪੰਜਾਬ ਸਰਕਾਰ, ਕੇਂਦਰ ਸਰਕਾਰ ਦੀਆਂ ਪਸ਼ੂ ਪਾਲਣ ਅਤੇ ਖੇਤੀਬਾੜੀ ਦੇ ਧੰਦੇ ਲਈ ਸਹਾਇਤਾ ਸਕੀਮਾਂ ਬਾਰੇ ਜਾਣਕਾਰੀਆਂ ਦਿੱਤੀਆਂ ਜਾਣਗੀਆਂ, ਕਿਉਂਕਿ ਇਹ ਦੇਖਿਆ ਗਿਆ ਹੈ ਕਿ ਪਿੰਡਾਂ ਦੇ ਬਹੁਤੇ ਲੋਕ ਪਸ਼ੂ ਪਾਲਣ ਦੇ ਧੰਦੇ ਵਿੱਚ ਵਿੱਤੀ ਸਹਾਇਤਾ ਦੇਣ ਵਾਲੀਆਂ ਸਰਕਾਰੀ ਸਕੀਮਾਂ ਤੋਂ ਜਾਣੂ ਨਹੀਂ ਹਨ।
ਇਹ ਜਾਗਰੂਕਤਾ ਕੈਂਪ ਇਸ ਤਰੀਕੇ ਨਾਲ ਲਗਾਏ ਜਾਣਗੇ ਤਾਂ ਜੋ ਕਿਸਾਨ ਜਾਂ ਲਾਭਪਾਤਰੀ ਆਪਣੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਪ੍ਰਾਪਤ ਕਰ ਸਕਣ ਜਿਵੇਂ ਕਿ ਉਹ ਕਿਸ ਸਕੀਮ ਅਧੀਨ ਆਪਣੇ ਪਸ਼ੂ ਪਾਲਣ ਦੇ ਧੰਦੇ ਨੂੰ ਪ੍ਰਫੁੱਲਤ ਕਰਨ ਲਈ ਵਿੱਤੀ ਸਹਾਇਤਾ ਪ੍ਰਾਪਤ ਕਰਨਾ ਚਾਹੁੰਦਾ ਹੈ ਅਤੇ ਨੁਮਾਇੰਦੇ ਬੈਂਕ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਮਿਲ ਸਕਦੇ ਹਨ। ਕਿਸਾਨ ਜਾਂ ਲਾਭਪਾਤਰੀ ਨੂੰ ਉਸੇ ਕੈਂਪ ਵਿੱਚ ਸਹਾਇਤਾ ਕਰੇਗਾ, ਜਿਸ ਵਿੱਚ ਉਹ ਜਾਣਾ ਚਾਹੁੰਦਾ ਹੈ।
ਇਹ ਵੀ ਪੜ੍ਹੋ : IFFCO Nano Urea - Nano DAP ਸਬੰਧੀ ਜਾਗਰੂਕਤਾ ਕੈਂਪ
ਪਿੰਡਾਂ ਦੇ ਜ਼ਿਆਦਾਤਰ ਲੋਕ ਖੇਤੀਬਾੜੀ ਅਤੇ ਦੁੱਧ ਦੇ ਧੰਦੇ ਰਾਹੀਂ ਆਪਣਾ ਗੁਜ਼ਾਰਾ ਚਲਾ ਰਹੇ ਹਨ, ਪਰ ਦੇਖਣ ਵਿੱਚ ਆਉਂਦਾ ਹੈ ਕਿ ਤਕਨੀਕੀ ਜਾਣਕਾਰੀ ਦੀ ਘਾਟ ਕਾਰਨ ਲੋਕ ਦੁੱਧ ਦਾ ਸਹਾਇਕ ਧੰਦਾ ਛੱਡ ਰਹੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ "ਓਪਰੇਸ਼ਨ ਵਾਈਟ ਫਲੱਡ" ਨਾਲ ਦੁੱਧ ਦੀ ਗੁਣਵੱਤਾ ਵਿੱਚ ਸੁਧਾਰ ਦੇ ਨਾਲ-ਨਾਲ ਦੁੱਧ ਉਤਪਾਦਨ ਵਿੱਚ ਵਾਧਾ ਹੋਵੇਗਾ।
ਤੁਹਾਨੂੰ ਦੱਸ ਦੇਈਏ ਕਿ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਡਿਪਟੀ ਕਮਿਸ਼ਨਰ ਨੇ ਦੁੱਧ ਦੇ ਖੇਤਰ ਨਾਲ ਜੁੜੇ ਸਟਾਕ ਧਾਰਕਾਂ ਤੋਂ ਵੀ ਸਹਿਯੋਗ ਮੰਗਿਆ ਹੈ ਅਤੇ ਇਸ ਨੂੰ ਸਫ਼ਲ ਬਣਾਉਣ ਲਈ ਸਬੰਧਤ ਵਿਭਾਗਾਂ ਦੀ ਹਾਜ਼ਰੀ ਵਿੱਚ ਇੱਕ ਰੂਪ ਰੇਖਾ ਵੀ ਤਿਆਰ ਕੀਤੀ ਹੈ।
ਸਰੋਤ: ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਮੋਗਾ (District Public Relations Office Moga)
Summary in English: Moga is the first district of Punjab to run Operation White Flood