ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਨਗਰ ਕੀਰਤਨ ਸਜਾਇਆ ਗਿਆ। ਦੱਸ ਦੇਈਏ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਇਆ ਗਿਆ। ਇਸਦੇ ਨਾਲ ਹੀ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਗੁਰਦੁਆਰਾ ਰਕਾਬ ਗੰਜ ਸਾਹਿਬ ਤੱਕ ਵੀ ਸੋਮਵਾਰ ਨੂੰ ਨਗਰ ਕੀਰਤਨ ਕੱਢਿਆ ਜਾਵੇਗਾ।
ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਕਰਨ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਪਵਿੱਤਰ ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ਵਿੱਚ ਸੁਸ਼ੋਭਿਤ ਕੀਤਾ। ਇਸ ਮੌਕੇ ਕਈ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਤੋਂ ਆਰੰਭ ਹੋ ਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਪੁੱਜ ਕੇ ਸੰਪੂਰਨ ਹੋਇਆ। ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਤੋਂ ਆਰੰਭ ਹੋ ਕੇ ਸ੍ਰੀ ਗੁਰੂ ਰਾਮਦਾਸ ਨਿਵਾਸ, ਚੌਕ ਪਰਾਗਦਾਸ, ਚੌਕ ਮੰਨਾ ਸਿੰਘ, ਚੌਕ ਕਰੋੜੀ, ਚੌਕ ਬਾਬਾ ਸਾਹਿਬ, ਗੁਰਦੁਆਰਾ ਕੌਲਸਰ ਸਾਹਿਬ, ਆਟਾ ਮੰਡੀ, ਬਾਜ਼ਾਰ ਪਾਪੜਾਂ, ਗੁਰੂ ਬਜ਼ਾਰ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਪੁੱਜਿਆ।
ਇਹ ਵੀ ਪੜ੍ਹੋ : PM ਮੋਦੀ ਪਹੁੰਚੇ ਰਕਾਬਗੰਜ ਗੁਰੂਦੁਆਰਾ, ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਦੀਤੀ ਸ਼ਰਧਾਂਜਲੀ
ਨਗਰ ਕੀਰਤਨ `ਚ ਗਤਕਾ ਤੇ ਬੈਂਡ ਪਾਰਟੀਆਂ ਸਮੇਤ ਵੱਡੀ ਗਿਣਤੀ `ਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਲ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਨੂੰ ਵੀ ਯਾਦ ਕੀਤਾ ਗਿਆ। ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਧਰਮ ਦੀ ਰੱਖਿਆ ਲਈ ਸ਼ਹਾਦਤ ਦੇ ਕੇ ਸੰਸਾਰ ’ਚ ਵਿਲੱਖਣ ਇਤਿਹਾਸ ਦੀ ਸਿਰਜਣਾ ਕੀਤੀ ਹੈ। ਉਨ੍ਹਾਂ ਦੀ ਸ਼ਹਾਦਤ ਪੂਰੀ ਮਨੁੱਖਤਾ ਲਈ ਪ੍ਰੇਰਣਾ ਸਰੋਤ ਹੈ।
Summary in English: Nagar Kirtan was organized on the occasion of the martyrdom day of Sri Guru Teg Bahadur Ji