Sarkar Kisan Milni: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਪ੍ਰਸਤੀ ਹੇਠ ਪੀ.ਏ.ਯੂ. (Punjab Agricultural University) ਵਿਖੇ ਹੋਈ ਦੂਜੀ ਸਰਕਾਰ ਕਿਸਾਨ ਮਿਲਣੀ ਦੀ ਪ੍ਰਧਾਨਗੀ ਖੇਤੀਬਾੜੀ, ਕਿਸਾਨ ਭਲਾਈ ਅਤੇ ਪ੍ਰਵਾਸੀ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੀਤੀ। ਇਸ ਮੌਕੇ ਪੰਜਾਬ ਦੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਇਸ ਸਮਾਰੋਹ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ।
ਦੂਜੀ ਸਰਕਾਰ ਕਿਸਾਨ ਮਿਲਣੀ 'ਚ ਪੀਏਯੂ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ, ਕਿਸਾਨ ਭਲਾਈ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ, ਪਨਸੀਡ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਬੀ ਐੱਸ ਘੁੰਮਣ, ਗਡਵਾਸੂ ਦੇ ਵਾਈਸ ਚਾਂਸਲਰ ਡਾ. ਇੰਦਰਜੀਤ ਸਿੰਘ, ਸਾਬਕਾ ਨਿਰਦੇਸ਼ਕ ਬਾਗਬਾਨੀ ਡਾ. ਗੁਰਕੰਵਲ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
ਇਸ ਮੀਟਿੰਗ ਦਾ ਮਕਸਦ ਪੰਜਾਬ ਦੇ ਕਿਸਾਨਾਂ ਨਾਲ ਸਲਾਹ ਮਸ਼ਵਰਾ ਕਰਨਾ ਅਤੇ ਭਵਿੱਖ ਦੀ ਖੇਤੀ ਨੀਤੀ ਬਣਾਉਣ ਲਈ ਉਨ੍ਹਾਂ ਦੇ ਵਿਚਾਰ ਜਾਨਣਾ ਸੀ। ਇਸ ਮੀਟਿੰਗ ਵਿੱਚ ਪੰਜਾਬ ਭਰ ਤੋਂ ਹਜ਼ਾਰਾਂ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਦਰਜਨਾਂ ਸਟਾਲਾਂ 'ਤੇ ਕਿਸਾਨਾਂ ਨੇ ਫ਼ਸਲਾਂ ਦੀ ਬਿਜਾਈ ਅਤੇ ਉਨ੍ਹਾਂ ਦੀ ਦਿਲਚਸਪੀ ਦੇ ਹੋਰ ਮੁੱਦਿਆਂ ਬਾਰੇ ਮਾਹਿਰਾਂ ਤੋਂ ਸਲਾਹ ਲਈ।
ਦੱਸ ਦੇਈਏ ਕਿ ਸਲਾਹ-ਮਸ਼ਵਰੇ ਵਾਲੇ ਕਮਰੇ ਵਿੱਚ ਖੇਤੀਬਾੜੀ ਮੰਤਰੀ ਨੇ ਹਰ ਸਟਾਲ 'ਤੇ ਰੁਕ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ, ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਸੁਝਾਵਾਂ ਅਤੇ ਹੱਲ ਸਬੰਧੀ ਉਨ੍ਹਾਂ ਦੇ ਵਿਚਾਰ ਲਏ। ਬਾਅਦ ਵਿੱਚ ਮੁੱਖ ਪੰਡਾਲ ਵਿੱਚ ਪਹੁੰਚ ਕੇ ਕਿਸਾਨਾਂ ਨੂੰ ਸੰਬੋਧਨ ਕੀਤਾ।
ਕਿਸਾਨਾਂ ਨੂੰ ਸੰਬੋਧਿਤ ਕਰਦਿਆਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੀਟਿੰਗ ਦੇ ਦੋ ਉਦੇਸ਼ ਹਨ, ਪਹਿਲਾ ਖੇਤੀ ਨੂੰ ਰਵਾਇਤੀ ਫ਼ਸਲੀ ਚੱਕਰ ਵਿੱਚੋਂ ਬਾਹਰ ਕੱਢਣ ਲਈ ਕਿਸਾਨਾਂ ਦੀ ਰਾਇ ਅਤੇ ਸੁਝਾਅ ਹਾਸਲ ਕਰਨਾ ਅਤੇ ਦੂਜਾ ਇਨ੍ਹਾਂ ਸੁਝਾਵਾਂ ਦੇ ਆਧਾਰ ’ਤੇ ਪੰਜਾਬ ਦੀ ਨਵੀਂ ਖੇਤੀ ਨੀਤੀ ਬਣਾਉਣਾ।
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਫਸਲਾਂ ਦੀ ਖਰੀਦ ਲਈ ਤੁਰੰਤ ਅਤੇ ਪਾਰਦਰਸ਼ੀ ਨੀਤੀ ਬਣਾਈ ਗਈ ਹੈ। ਸਰਕਾਰ ਨੇ ਕਿਸਾਨਾਂ ਦੇ ਗੰਨੇ ਦੇ ਬਕਾਏ ਨੂੰ ਕਲੀਅਰ ਕਰ ਦਿੱਤਾ ਹੈ ਅਤੇ ਗੰਨੇ ਦੀ ਕੀਮਤ ਵੀ ਵਧਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨਾ ਸਿਰਫ਼ ਖੇਤੀ ਸਗੋਂ ਪੰਜਾਬ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣਾ ਜ਼ਰੂਰੀ ਹੈ।
ਖੇਤੀਬਾੜੀ ਮੰਤਰੀ ਧਾਲੀਵਾਲ ਨੇ ਕਿਹਾ ਕਿ 30 ਜੂਨ ਨੂੰ ਲਾਗੂ ਹੋਣ ਜਾ ਰਹੀ ਖੇਤੀ ਨੀਤੀ ਵਿੱਚ ਕਿਸਾਨਾਂ ਦੇ ਸੁਝਾਵਾਂ ਨੂੰ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ NRI ਕਿਸਾਨਾਂ ਦੀ ਸ਼ਮੂਲੀਅਤ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪੰਜਾਬ ਦੇ ਕਿਸਾਨਾਂ ਨਾਲ ਆਪਣੇ ਤਜ਼ਰਬੇ ਸਾਂਝੇ ਕਰਨ ਲਈ ਪ੍ਰੇਰਿਤ ਕੀਤਾ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਰਕਾਰ ਪਾਣੀ ਦੇ ਸੁਚੱਜੇ ਹੱਲ ਲਈ ਵਚਨਬੱਧ ਹੈ। ਨਰਮਾ ਪੱਟੀ ਵਿੱਚ 97 ਫੀਸਦੀ ਨਹਿਰੀ ਪਾਣੀ ਸਮੇਂ ਸਿਰ ਪਹੁੰਚ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਪਾਣੀ, ਬਿਜਲੀ ਅਤੇ ਬੀਜਾਂ ਦੀ ਵੰਡ ਨੂੰ ਪਾਰਦਰਸ਼ੀ ਬਣਾਉਣਾ ਹੈ।
ਖੇਤੀਬਾੜੀ ਮੰਤਰੀ ਨੇ ਪੀਏਯੂ ਦੀਆਂ ਸਿਫਾਰਸ਼ਾਂ ਅਨੁਸਾਰ ਪਰਾਲੀ ਦੇ ਪ੍ਰਬੰਧਨ ਦੀ ਅਪੀਲ ਕੀਤੀ। ਧਾਲੀਵਾਲ ਨੇ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿੱਚੋਂ ਕੱਢ ਕੇ ਖੇਤੀ ਵਿਭਿੰਨਤਾ ਦੇ ਰੂਪ ਵਿੱਚ ਸਬਜ਼ੀਆਂ, ਫਲਾਂ ਅਤੇ ਮੱਕੀ ਆਦਿ ਦੀ ਕਾਸ਼ਤ, ਮੰਡੀਕਰਨ ਅਤੇ ਪ੍ਰੋਸੈਸਿੰਗ ਲਈ ਢੁਕਵੀਂ ਨੀਤੀ ਬਣਾਉਣ ਲਈ ਸਰਕਾਰ ਦੀ ਪਹਿਲਕਦਮੀ ਦਾ ਜ਼ਿਕਰ ਕੀਤਾ।
ਧਾਲੀਵਾਲ ਨੇ ਝੋਨੇ ਦੀਆਂ ਘੱਟ ਪਾਣੀ ਖਪਾਉਣ ਵਾਲੀਆਂ ਕਿਸਮਾਂ ਪੀਆਰ 126 ਅਤੇ ਬਾਸਮਤੀ ਦੀ ਕਾਸ਼ਤ 'ਤੇ ਵਿਸ਼ੇਸ਼ ਜ਼ੋਰ ਦਿੱਤਾ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੌਜੂਦਾ ਸਰਕਾਰ ਦਾ ਸੁਪਨਾ ਹੈ ਕਿ ਪੰਜਾਬ ਦੀ ਖੇਤੀ ਨੂੰ ਮੁੜ ਲੀਹਾਂ ’ਤੇ ਲਿਜਾਣ ਲਈ ਹਰ ਸੰਭਵ ਯਤਨ ਕੀਤਾ ਜਾਵੇ।
ਇਹ ਵੀ ਪੜ੍ਹੋ : SARKAR KISAN MILNI: ਨਵੇਂ ਬੀਜ, ਬਿਜਾਈ, ਸਿੰਚਾਈ ਅਤੇ ਮੰਡੀਕਰਨ ਨਾਲ ਨਵੀਂ ਖੇਤੀ ਸੰਭਵ: CM
ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸਰਕਾਰ ਦਾ ਇਹ ਉਪਰਾਲਾ ਕਿਸਾਨਾਂ ਦੇ ਤਜ਼ਰਬਿਆਂ ਦਾ ਸਤਿਕਾਰ ਕਰਨ ਲਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪਸ਼ੂ ਪਾਲਕਾਂ ਨਾਲ ਵੀ ਅਜਿਹੀ ਹੀ ਮਿਲਣੀ ਕਰਨ ਦੀ ਯੋਜਨਾ ਹੈ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਸਬੰਧੀ ਚੰਗੀ ਨੀਤੀ ਬਣਾ ਕੇ ਕਾਰੋਬਾਰਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ, ਤਾਂ ਜੋ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੁੱਧ ਦੀ ਘਰੇਲੂ ਲੋੜ ਨੂੰ ਪੂਰਾ ਕਰਨ ਲਈ ਪਸ਼ੂ ਪਾਲਣ ’ਤੇ ਜ਼ੋਰ ਦਿੱਤਾ।
ਪੀਏਯੂ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਨੇ ਇਸ ਮੌਕੇ ਸਵਾਗਤੀ ਭਾਸ਼ਣ ਦਿੰਦਿਆਂ ਕਿਹਾ ਕਿ ਪੀ.ਏ.ਯੂ. ਇਹ ਵਿਸ਼ੇਸ਼ ਮੀਟਿੰਗ ਦੂਜੀ ਵਾਰ ਹੋ ਰਹੀ ਹੈ ਜਿਸ ਵਿੱਚ ਪੰਜਾਬ ਭਰ ਦੇ ਕਿਸਾਨ ਭਾਗ ਲੈ ਰਹੇ ਹਨ। ਡਾ. ਗੋਸਲ ਨੇ ਦੱਸਿਆ ਕਿ 12 ਫਰਵਰੀ ਨੂੰ ਹੋਈ ਪਹਿਲੀ ਮੀਟਿੰਗ ਵਿੱਚ ਕਰੀਬ 15 ਹਜ਼ਾਰ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਸੀ, ਇਸ ਵਾਰ ਇਹ ਗਿਣਤੀ ਪਹਿਲਾਂ ਨਾਲੋਂ ਵੱਧ ਹੈ।
ਇਹ ਵੀ ਪੜ੍ਹੋ : Pesticides: 70 ਹਜ਼ਾਰ ਨਕਲੀ ਯੂਰੀਆ ਦੀਆਂ ਬੋਰੀਆਂ ਜ਼ਬਤ, ਕਈਆਂ ਨੂੰ ਜੇਲ੍ਹ ਭੇਜਿਆ
ਡਾ. ਗੋਸਲ ਨੇ ਕਿਹਾ ਕਿ ਪਹਿਲੀ ਮੀਟਿੰਗ ਵਿੱਚ ਆਏ ਕਿਸਾਨਾਂ ਦੇ ਸੁਝਾਵਾਂ ਅਨੁਸਾਰ ਪੀਏਯੂ ਆਪਣੀ ਖੇਤੀ ਖੋਜ ਅਤੇ ਪਸਾਰ ਨੂੰ ਨਵੀਂ ਦਿਸ਼ਾ ਦੇ ਰਿਹਾ ਹੈ। ਪ੍ਰਵਾਸੀ ਕਿਸਾਨਾਂ ਦਾ ਸੁਆਗਤ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨ ਸੰਮੇਲਨ ਵਿੱਚ ਪੰਜ ਦੇਸ਼ਾਂ ਦੇ 15 ਅਗਾਂਹਵਧੂ ਕਿਸਾਨਾਂ ਦਾ ਇਕੱਠੇ ਹੋਣਾ ਸਾਡੇ ਹੌਂਸਲੇ ਨੂੰ ਹੁਲਾਰਾ ਦੇਣ ਲਈ ਇੱਕ ਪ੍ਰਭਾਵਸ਼ਾਲੀ ਕਦਮ ਹੈ।
ਡਾ. ਗੋਸਲ ਨੇ ਕਿਹਾ ਕਿ ਯੂਨੀਵਰਸਿਟੀ ਨੇ ਆਉਣ ਵਾਲੇ ਮਾਨਸੂਨ ਸੀਜ਼ਨ ਲਈ ਘੱਟ ਪਾਣੀ ਦੀ ਖਪਤ ਵਾਲੀਆਂ ਕਿਸਮਾਂ ਦੀ ਸਿਫ਼ਾਰਸ਼ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਯੂਨੀਵਰਸਿਟੀ ਦਾ ਉਦੇਸ਼ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨਾ ਅਤੇ ਵਾਤਾਵਰਣ ਪੱਖੀ ਖੇਤੀ ਨੂੰ ਉਤਸ਼ਾਹਿਤ ਕਰਨਾ ਹੈ।
ਇਹ ਵੀ ਪੜ੍ਹੋ : Krishi Jagran’s Agriculture World ਵੱਲੋਂ ‘Wings to Career’ ਲਾਂਚ
ਯੂਨੀਵਰਸਿਟੀ ਵੱਲੋਂ ਖੇਤੀਬਾੜੀ ਮੰਤਰੀ ਅਤੇ ਪਸ਼ੂ ਪਾਲਣ ਮੰਤਰੀ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਦੋ ਪੁਸਤਕਾਂ ਰਿਲੀਜ਼ ਕੀਤੀਆਂ ਗਈਆਂ। ਇਨ੍ਹਾਂ ਵਿੱਚ ਡਾ: ਤੇਜਿੰਦਰ ਸਿੰਘ ਰਿਆੜ, ਸ੍ਰੀਮਤੀ ਸ਼ੀਤਲ ਚਾਵਲਾ ਅਤੇ ਕੁਲਬੀਰ ਕੌਰ ਦੀ ਕੌਫੀ ਟੇਬਲ ਬੁੱਕ ਦ ਇੰਨੈਕਸਟ੍ਰੀਬਲ ਰਿਲੇਸ਼ਨਸ਼ਿਪ ਆਫ਼ ਫਾਰਮਰਜ਼ ਐਂਡ ਐਗਰੋਨੋਮਿਸਟਜ਼ ਅਤੇ ਡਾ: ਸ਼ੀਤਲ ਥਾਪਰ, ਦਿੰਦਰਪਾਲ ਸਿੰਘ, ਡਾ: ਵਿਸ਼ਾਲ ਬੈਕਟਰ ਅਤੇ ਡਾ. .ਆਸ਼ੂ ਤੂਰ ਨੂੰ ਜਾਰੀ ਕੀਤਾ ਗਿਆ।
ਇਹ ਵੀ ਪੜ੍ਹੋ : Dhanuka Agritech Limited ਵੱਲੋਂ Kohinoor Distributor Meet 'ਚ ਨਵੇਂ ਉਤਪਾਦਾਂ ਅਤੇ ਬ੍ਰਾਂਡ ਦਾ ਉਦਘਾਟਨ
ਅੰਤ ਵਿੱਚ ਧੰਨਵਾਦ ਦੀ ਜ਼ਿੰਮੇਵਾਰੀ ਡਾ. ਗੁਰਵਿੰਦਰ ਸਿੰਘ, ਨਿਰਦੇਸ਼ਕ ਖੇਤੀਬਾੜੀ ਨੇ ਨਿਭਾਈ । ਮੰਚ ਸੰਚਾਲਨ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਕੀਤਾ।
ਸਰੋਤ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (PAU)
Summary in English: New agriculture policy will be implemented on June 30: Kuldeep Singh Dhaliwal