ਇਸ ਵਾਰ ਗਰਮੀ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਮਾਰਚ ਮਹੀਨੇ ਤੋਂ ਹੀ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦਾ ਬੁਰਾ ਹਾਲ ਕਿੱਤਾ ਹੋਇਆ ਸੀ, ਪਰ ਹੁਣ ਦਿਨੋਂ-ਦਿਨ ਵੱਧ ਰਹੇ ਤਾਪਮਾਨ ਨੇ ਲੋਕਾਂ ਨੂੰ ਤੜਫਾਉਣਾ ਸ਼ੁਰੂ ਕਰ ਦਿੱਤਾ ਹੈ।
ਸਮੁੱਚਾ ਉੱਤਰ ਭਾਰਤ ਗਰਮੀ ਕਾਰਨ ਤੱਪ ਰਿਹਾ ਹੈ। ਇੱਕ ਪਾਸੇ ਜਿੱਥੇ ਲੋਕਾਂ ਦਾ ਬੁਰਾ ਹਾਲ ਹੋ ਰਿਹਾ ਹੈ, ਉੱਥੇ ਹੀ ਪਸ਼ੂ-ਪੰਛੀ ਵੀ ਗਰਮੀ ਦਾ ਤਾਪ ਸਹਾਰ ਰਹੇ ਹਨ। ਦੱਸ ਦਈਏ ਕਿ ਇਸ ਵਾਰ ਦੇਸ਼ ‘ਚ ਗਰਮੀ ਸਮੇਂ ਤੋਂ ਪਹਿਲਾਂ ਹੀ ਪੈਣੀ ਸ਼ੁਰੂ ਹੋ ਗਈ ਹੈ। ਲੋਕ ਮਾਰਚ ਮਹੀਨੇ ਤੋਂ ਹੀ ਅੱਤ ਦੀ ਗਰਮੀ ਦਾ ਸਾਹਮਣਾ ਕਰ ਰਹੇ ਹਨ। ਆਲਮ ਇਹ ਬਣ ਗਿਆ ਹੈ ਕਿ ਆਉਣ ਵਾਲੇ ਜੂਨ-ਜੁਲਾਈ ਮਹੀਨਿਆਂ ‘ਚ ਇਸ ਤੋਂ ਵੀ ਵੱਧ ਗਰਮੀ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਹੈਰਾਨੀ ਵਾਲੀ ਗੱਲ ਇਹ ਹੈ ਕਿ ਦੇਸ਼ ਦੇ ਕਈ ਸੂਬਿਆਂ ‘ਚ ਪਾਰਾ 45 ਡਿਗਰੀ ਤੋਂ ਪਾਰ ਪੁੱਜ ਗਿਆ ਹੈ।
ਪੰਜਾਬ ਵਿੱਚ ਗਰਮੀ ਨੇ ਤੋੜੇ ਰਿਕਾਰਡ
ਪੰਜਾਬ ‘ਚ ਵੀ ਗਰਮੀ ਦਾ ਕਹਿਰ ਪੂਰੀ ਤਰ੍ਹਾਂ ਜਾਰੀ ਹੈ, ਇਸ ਵਾਰ ਗਰਮੀ ਨੇ ਪਿਛਲੇ ਪੰਜ ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ।ਇਸ ਦੌਰਾਨ ਮੌਸਮ ਵਿਭਾਗ ਨੇ ਗਰਮੀ ਨੂੰ ਲੈ ਕੇ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ ਤੇ ਦੁਪਹਿਰ ‘ਚ ਬਿਨ੍ਹਾਂ ਕਾਰਨ ਤੋਂ ਬਾਹਰ ਨਾ ਜਾਣ ਦੀ ਸਲਾਹ ਦਿੱਤੀ ਹੈ।
ਮੌਸਮ ਵਿਭਾਗ ਵੱਲੋਂ 'ਹੀਟ ਵੇਵ' ਦੀ ਸੰਭਾਵਨਾ
ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਗਰਮੀ ਦਾ ਪ੍ਰਕੋਪ ਜਾਰੀ ਰਹਿਣ ਵਾਲਾ ਹੈ। ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਮੌਸਮ ਖੁਸ਼ਕ ਰਹੇਗਾ ਅਤੇ ਤੇਜ਼ ਧੁੱਪ ਨਿਕਲਣ ਦੀ ਸੰਭਾਵਨਾ ਹੈ, ਜਿਸ ਨਾਲ ਤਾਪਮਾਨ ਵਿੱਚ ਵਾਧਾ ਹੋ ਸਕਦਾ ਹੈ। ਦੱਸ ਦਈਏ ਕਿ ਇਸ ਸਮੇਂ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉਪਰ ਦਰਜ ਕੀਤਾ ਜਾ ਰਿਹਾ ਹੈ। ਇਸ ਕਾਰਨ 28 ਤੋਂ 30 ਅਪ੍ਰੈਲ ਦੌਰਾਨ ਸੂਬੇ ਦੀਆਂ ਵੱਖ-ਵੱਖ ਥਾਵਾਂ 'ਤੇ 'ਹੀਟ ਵੇਵ' ਚੱਲਣ ਦੀ ਸੰਭਾਵਨਾ ਹੈ।
ਹਾਲਾਂਕਿ, ਮੌਸਮ ਵਿਭਾਗ ਨੇ 29 ਅਪ੍ਰੈਲ ਨੂੰ ਕੁੱਝ ਥਾਵਾਂ 'ਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਧੂੜ ਭਰੀ ਹਨੇਰੀ, ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਦਸਿਆ ਹੈ ਕਿ ਤਾਪਮਾਨ ਆਮ ਨਾਲੋਂ ਵੱਧ ਦਰਜ ਕੀਤਾ ਜਾ ਰਿਹਾ ਹੈ। ਆਉਣ ਵਾਲੇ ਦਿਨਾਂ 'ਚ ਤਾਪਮਾਨ ਹੋਰ ਵਧੇਗਾ, ਨਾਲ ਹੀ ਪੰਜਾਬ ਅਤੇ ਹਰਿਆਣਾ 'ਚ ਕੁੱਝ ਥਾਵਾਂ 'ਤੇ 'ਲੂ' ਦੀ ਚੇਤਾਵਨੀ ਵੀ ਦਿੱਤੀ ਹੈ। ਦੂਜੇ ਪਾਸੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ਮੱਧਮ ਸ਼੍ਰੇਣੀ ਵਿੱਚ ਹੈ।
ਦਿੱਲੀ ਵਿੱਚ ਤਾਪਮਾਨ
ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਇਨ੍ਹੀਂ ਦਿਨੀਂ ਵੱਧ ਤੋਂ ਵੱਧ ਤਾਪਮਾਨ 44 ਤੋਂ ਵੱਧ ਡਿਗਰੀ ਦੇ ਆਸ-ਪਾਸ ਬਣਿਆ ਹੋਇਆ ਹੈ। ਸਥਿਤੀ ਨੂੰ ਦੇਖਦੇ ਹੋਏ ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਤੱਕ ਤੇਜ਼ ਗਰਮੀ ਦੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ ਇਸ ਤੋਂ ਬਾਅਦ ਮੌਸਮ ਕਰਵਟ ਲੈ ਸਕਦਾ ਹੈ। ਗਰਮੀ ਕਾਰਨ ਤਾਪਮਾਨ ਨੂੰ ਲੈ ਕੇ ‘ਯੈਲੋ ਅਲਰਟ’ ਕੀਤਾ ਗਿਆ ਹੈ। ਉੱਤਰੀ ਭਾਰਤ ਵਿੱਚ ਗਰਮ ਮੌਸਮ ਨੇ ਲੋਕਾਂ ਨੂੰ ਪ੍ਰੇਸ਼ਾਨ ਕਰ ਦਿੱਤਾ ਹੈ। ਰਾਜਧਾਨੀ ਦਿੱਲੀ ਵਿੱਚ ਵੀ ਇਨ੍ਹੀਂ ਦਿਨੀਂ ਲੋਕ ਭਿਆਨਕ ਗਰਮੀ ਨਾਲ ਜੂਝ ਰਹੇ ਹਨ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਕੁੱਝ ਦਿਨ ਦਿੱਲੀ ਵਾਸੀਆਂ ਲਈ ਹੋਰ ਗਰਮ ਸਾਬਤ ਹੋ ਸਕਦੇ ਹਨ।
ਇਹ ਵੀ ਪੜ੍ਹੋ : ਗਰਮੀਆਂ ਚ' ਸ਼ਰੀਰ ਨੂੰ ਠੰਡਾ ਰੱਖਣ ਲਈ ਕਰੋ ਇਨ੍ਹਾਂ ਚੀਜਾਂ ਦਾ ਸੇਵਨ !
ਰਾਜਸਥਾਨ ਵਿੱਚ ਗਰਮੀ ਦਾ ਕਹਿਰ
ਮਿਲੀ ਜਾਣਕਾਰੀ ਮੁਤਾਬਿਕ ਰਾਜਸਥਾਨ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਪਿਛਲੇ 2-3 ਦਿਨਾਂ ਤੋਂ ਵੱਧ ਤੋਂ ਵੱਧ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਸੂਬੇ ਦੇ ਜੰਗਲਾਂ 'ਚ ਬੁੱਧਵਾਰ ਨੂੰ ਸਭ ਤੋਂ ਵੱਧ 45.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ, ਜਦਕਿ ਬੀਕਾਨੇਰ-ਫਲੋਦੀ 'ਚ ਪਾਰਾ 45.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜੈਪੁਰ ਮੌਸਮ ਵਿਗਿਆਨ ਕੇਂਦਰ ਦੇ ਨਿਰਦੇਸ਼ਕ ਨੇ ਦੱਸਿਆ ਕਿ ਸੂਬੇ ਦੇ ਜ਼ਿਆਦਾਤਰ ਸਥਾਨਾਂ 'ਤੇ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਦੇ ਆਸ-ਪਾਸ ਦਰਜ ਕੀਤਾ ਗਿਆ।
ਇਸ ਤੋਂ ਇਲਾਵਾ ਮੌਸਮ ਵਿਗਿਆਨੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਗਰਮੀ ਤੋਂ ਬਚੇ ਰਹਿਣ ਲਈ ਆਪਣੇ ਘਰਾਂ ਦੇ ਅੰਦਰ ਹੀ ਰਹਿਣ, ਬਗੈਰ ਕਿਸੇ ਕਾਰਨ ਘਰਾਂ ਤੋਂ ਬਾਹਰ ਨਾ ਨਿਕਲਣ। ਨਾਲ ਹੀ, ਪਸ਼ੂ-ਪੰਛੀਆਂ ਦੀ ਸਾਂਭ-ਸੰਭਾਲ ਲਈ ਵੀ ਖਾਸ ਧਿਆਨ ਦੇਣ ਦੀ ਗੱਲ ਕਹੀ ਹੈ। ਦੱਸ ਦਈਏ ਕਿ ਮੌਸਮ ਵਿਗਿਆਨੀਆਂ ਨੇ ਗਰਮੀ ਦਾ ਅਸਰ ਫਸਲਾਂ ‘ਤੇ ਵੀ ਪੈਣ ਦਾ ਖ਼ਦਸ਼ਾ ਪ੍ਰਗਟਾਇਆ ਹੈ।
Summary in English: North India in the grip of heat! Summer breaks record in Punjab!