ਪਿਛਲੇ ਕਈ ਦਿਨਾਂ ਤੋਂ ਗਰਮੀ ਦੀ ਮਾਰ ਝੱਲ ਰਹੇ ਲੋਕਾਂ ਨੂੰ ਹੁਣ ਕੁਝ ਰਾਹਤ ਮਿਲੀ ਹੈ। ਦਰਅਸਲ, ਮੰਗਲਵਾਰ ਸਵੇਰ ਤੋਂ ਹੀ ਪੰਜਾਬ ਵਿੱਚ ਧੂੜ ਭਰੀਆਂ ਹਵਾਵਾਂ ਚੱਲ ਰਹੀਆਂ ਹਨ, ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ ਅਤੇ ਲੋਕਾਂ ਨੇ ਸੁਖ ਦਾ ਸਾਂਹ ਲਿਆ ਹੈ। ਇਕ ਪਾਸੇ ਜਿੱਥੇ ਕਈ ਜ਼ਿਲ੍ਹਿਆਂ 'ਚ ਬੱਦਲਵਾਈ ਰਹਿਣ ਨਾਲ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਕੁਝ ਜ਼ਿਲ੍ਹਿਆਂ ਵਿੱਚ ਤੇਜ਼ ਧੁੱਪ ਕਾਰਨ ਲੋਕ ਬੇਹਾਲ ਹੋ ਰਹੇ ਹਨ।
ਦਰਅਸਲ, ਮੌਸਮ ਵਿਭਾਗ ਨੇ ਪਹਿਲਾਂ ਹੀ ਪੰਜਾਬ ਵਿੱਚ ਧੂੜ ਭਰੀ ਹਨ੍ਹੇਰੀ ਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਸੀ। ਕਈ ਜ਼ਿਲ੍ਹਿਆਂ ਵਿੱਚ ਬਾਰਸ਼ ਪੈਣ ਦੀ ਵੀ ਸੰਭਾਵਨਾ ਹੈ। ਇਸ ਤੋਂ ਬਾਅਦ 5 ਮਈ ਤੋਂ ਮੁੜ ਤਾਪਮਾਨ ਵਧਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਪਟਿਆਲਾ, ਸੰਗਰੂਰ ਤੇ ਲੁਧਿਆਣਾ ਸਣੇ ਕਈ ਜ਼ਿਲ੍ਹਿਆਂ 'ਚ ਮੰਗਲਵਾਰ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਸਵੇਰ ਤੋਂ ਹੀ ਧੂੜ ਭਰੀਆਂ ਹਵਾਵਾਂ ਨਾਲ ਮੌਸਮ ਖੁਸ਼ਗਵਾਰ ਹੋ ਗਿਆ ਹੈ।
ਮੌਸਮ ਵਿਭਾਗ ਦਾ ਪੱਖ
ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ਵਿੱਚ ਬਦਲਾਅ ਆਇਆ ਹੈ। ਅਗਲੇ ਕੁਝ ਦਿਨਾਂ 'ਚ ਭਿਆਨਕ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਆਈਐਮਡੀ ਦੇ ਸੀਨੀਅਰ ਵਿਗਿਆਨੀ ਦੀ ਮੰਨੀਏ ਤਾਂ ਦਿੱਲੀ, ਪੰਜਾਬ, ਹਰਿਆਣਾ ਅਤੇ ਯੂਪੀ ਸਮੇਤ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਪਿਛਲੇ ਦੋ-ਤਿੰਨ ਹਫ਼ਤਿਆਂ ਤੋਂ ਚੱਲ ਰਹੀ ਹੀਟਵੇਵ ਹੁਣ ਖ਼ਤਮ ਹੋ ਗਈ ਹੈ।
ਦਿੱਲੀ ਦਾ ਮੌਸਮ
ਮੌਸਮ ਵਿਭਾਗ ਅਨੁਸਾਰ ਅੱਜ ਦਿੱਲੀ ਵਿੱਚ ਮੌਸਮ ਸੁਹਾਵਣਾ ਰਹੇਗਾ ਅਤੇ ਆਉਣ ਵਾਲੇ ਕੁਝ ਦਿਨਾਂ ਤੱਕ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਅੱਜ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 27 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਤੱਕ ਰਹੇਗਾ।
ਮੁੰਬਈ ਵਿੱਚ ਮੌਸਮ
ਮੌਸਮ ਵਿਭਾਗ ਮੁਤਾਬਕ ਮੁੰਬਈ ਸ਼ਹਿਰ ਵਿੱਚ ਬੱਦਲਵਾਈ ਰਹੇਗੀ। ਜੇਕਰ ਤਾਪਮਾਨ ਦੀ ਗੱਲ ਕਰੀਏ ਤਾਂ ਇੱਥੇ ਘੱਟੋ-ਘੱਟ ਤਾਪਮਾਨ 26 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਤੱਕ ਰਹਿ ਸਕਦਾ ਹੈ।
ਲਖਨਊ ਅਤੇ ਰਾਜਸਥਾਨ ਦਾ ਮੌਸਮ
ਮੌਸਮ ਵਿੱਚ ਆਏ ਬਦਲਾਵ ਕਾਰਨ ਲਖਨਊ ਅਤੇ ਰਾਜਸਥਾਨ ਵਿੱਚ ਵੀ ਪਾਰਾ ਹੇਠਾਂ ਡਿਗਿਆ ਹੈ। ਇੱਥੇ ਘੱਟੋ-ਘੱਟ ਤਾਪਮਾਨ 27 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਤੱਕ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਮੁਤਾਬਕ ਇਨ੍ਹਾਂ ਸੂਬਿਆਂ ਵਿੱਚ ਕੁਝ ਦਿਨਾਂ ਤੱਕ ਹੀਟਵੇਵ ਦੀ ਕੋਈ ਚਿਤਾਵਨੀ ਨਹੀਂ ਹੈ।
ਇਨ੍ਹਾਂ ਸੂਬਿਆਂ ਵਿੱਚ ਮੀਂਹ ਪਵੇਗਾ
ਆਈਐਮਡੀ ਮੁਤਾਬਕ ਪੱਛਮੀ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਦਿੱਲੀ, ਕਰਨਾਟਕ, ਬਿਹਾਰ, ਤੇਲੰਗਾਨਾ, ਆਂਧਰਾ ਪ੍ਰਦੇਸ਼, ਉੜੀਸਾ, ਛੱਤੀਸਗੜ੍ਹ ਆਦਿ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ 'ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਕਟਕ ਅਤੇ ਭੁਵਨੇਸ਼ਵਰ 'ਚ ਬਾਰਿਸ਼ ਦੇ ਨਾਲ ਤੇਜ ਤੂਫਾਨ ਆਉਣ ਦੀ ਵੀ ਸੰਭਾਵਨਾ ਹੈ, ਜਿਸ ਕਾਰਨ ਮੌਸਮ ਵਿਭਾਗ ਨੇ ਲੋਕਾਂ ਨੂੰ ਸੁਰੱਖਿਅਤ ਰਹਿਣ ਦੀ ਚਿਤਾਵਨੀ ਦਿੱਤੀ ਹੈ।
ਇਹ ਵੀ ਪੜ੍ਹੋ : ਮੌਸਮ ਵਿੱਚ ਬਦਲਾਵ! ਇਨ੍ਹਾਂ ਥਾਵਾਂ 'ਤੇ ਬੱਦਲਵਾਈ ਦੇ ਨਾਲ ਪਵੇਗਾ ਮੀਂਹ!
ਫਿਲਹਾਲ, ਗਰਮੀ ਦੀ ਮਾਰ ਝੱਲ ਰਹੇ ਲੋਕਾਂ ਲਈ ਮਈ ਦਾ ਮਹੀਨਾ ਰਾਹਤ ਲੈ ਕੇ ਆਇਆ ਹੈ। ਦੇਸ਼ ਵਿੱਚ ਪਿਛਲੇ ਦੋ-ਤਿੰਨ ਹਫ਼ਤਿਆਂ ਤੋਂ ਚੱਲ ਰਹੀ ਹੀਟਵੇਵ ਦਾ ਅੰਤ ਹੋ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਕੁਝ ਦਿਨਾਂ ਤੱਕ ਵਧਦੇ ਪਾਰੇ ਵਿੱਚ ਵੀ ਇਸੇ ਤਰ੍ਹਾਂ ਦੀ ਰਾਹਤ ਮਿਲੇਗੀ। ਪੰਜਾਬ, ਹਰਿਆਣਾ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਉੱਤਰੀ ਰਾਜਸਥਾਨ ਵਿੱਚ ਮੌਸਮ ਬਦਲ ਜਾਵੇਗਾ ਅਤੇ ਕਈ ਇਲਾਕਿਆਂ ਵਿੱਚ ਧੂੜ ਭਰੀ ਹਨੇਰੀ ਆਵੇਗੀ। ਕੁਝ ਥਾਵਾਂ 'ਤੇ ਬੱਦਲ ਛਾਏ ਰਹਿਣਗੇ ਅਤੇ ਗਰਜ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ। ਇਹ ਸਥਿਤੀ ਅਗਲੇ ਤਿੰਨ ਦਿਨਾਂ ਤੱਕ ਜਾਰੀ ਰਹਿ ਸਕਦੀ ਹੈ।
Summary in English: People get relief from heat! Temperature drops!