ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਲਖੀਮਪੁਰ ਖੀਰੀ ਕਾਂਡ ਸੰਬੰਧਿਤ 3 ਅਕਤੂਬਰ ਨੂੰ ਦੇਸ਼ ਭਰ ’ਚ ਰੋਸ ਪ੍ਰਦਰਸ਼ਨ ਕਰਨ ਦੀ ਤਿਆਰੀ ਕਰ ਲਈ ਹੈ। ਇਨ੍ਹਾਂ ਨੇ ਭਾਜਪਾ ਸਰਕਾਰ ਦੇ ਵਿਰੁੱਧ ਰੋਸ ਮੁਜ਼ਾਹਰੇ ਕਰਕੇ 29 ਸਤੰਬਰ ਨੂੰ ਚੱਕਾ ਜਾਮ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਚੱਕਾ ਜਾਮ ਗੰਨਾ ਕਾਸ਼ਤਕਾਰਾਂ ਦੀਆਂ ਮੰਗਾਂ ਸਬੰਧੀ ਕੀਤਾ ਜਾਵੇਗਾ। ਸੰਯੁਕਤ ਕਿਸਾਨ ਮੋਰਚੇ ਨੇ ਮੋਦੀ ਸਰਕਾਰ ਖਿਲਾਫ ਰੋਸ ਪ੍ਰਗਟ ਕਰਨ ਦਾ ਇਹ ਰਸਤਾ ਚੁਣਿਆ ਹੈ।
ਮੋਰਚੇ ਦੀਆਂ ਕਿਸਾਨ ਜਥੇਬੰਦੀਆਂ ਦੀ ਹੋਈ ਮੀਟਿੰਗ `ਚ ਸੰਯੁਕਤ ਕਿਸਾਨ ਮੋਰਚੇ ਵੱਲੋਂ 3 ਅਕਤੂਬਰ ਨੂੰ ਦੇਸ਼ ਭਰ ਵਿੱਚ ਮੋਦੀ ਸਰਕਾਰ ਖ਼ਿਲਾਫ਼ ਮੁਜ਼ਾਹਰਿਆਂ ਦਾ ਐਲਾਨ ਕੀਤਾ ਗਿਆ। ਇਸ ਤੋਂ ਇਲਾਵਾ ਇਸ ਮੀਟਿੰਗ `ਚ ਬੰਦ ਪਈਆਂ ਖੰਡ ਮਿੱਲਾਂ ਨੂੰ ਚਾਲੂ ਕਰਨ ਤੇ ਗੰਨਾ ਕਾਸ਼ਤਕਾਰਾਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ ਚਰਚਾ ਕੀਤੀ ਗਈ।
3 ਅਕਤੂਬਰ ਨੂੰ ਹੋਣ ਵਾਲੇ ਇਸ ਰੋਸ ਪ੍ਰਦਰਸ਼ਨ `ਚ ਪਿੰਡਾਂ `ਚ ਲਖੀਮਪੁਰ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕਰਨ ਮਗਰੋਂ 12 ਤੋਂ 3 ਵਜੇ ਤੱਕ ਤਹਿਸੀਲ ਤੇ ਜ਼ਿਲ੍ਹਾ ਕੇਂਦਰ ’ਚ ਭਾਜਪਾ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਨਾਲ ਹੀ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਨੂੰ ਮੰਤਰੀ ਮੰਡਲ `ਚੋਂ ਬਰਖਾਸਤ ਕਰਕੇ ਮੁੱਖ ਸਾਜਿਸ਼ਘਾੜੇ ਵਜੋਂ ਗ੍ਰਿਫ਼ਤਾਰ ਕਰਾਉਣ ਦੀ ਮੰਗ ਕੀਤੀ ਜਾਵੇਗੀ। ਇਸ ਤੋਂ ਇਲਾਵਾ ਗੰਨਾ ਕਾਸ਼ਤਕਾਰਾਂ ਦੀਆਂ ਮੰਗਾਂ ਸਬੰਧੀ ਜਲੰਧਰ ਕੈਂਟ `ਚ ਕੌਮੀ ਰਾਹ ਸਥਿਤ ਧੰਨੋਵਾਲੀ ਫਾਟਕ ’ਤੇ 29 ਸਤੰਬਰ ਨੂੰ 24 ਘੰਟਿਆਂ ਤੱਕ ਜਾਮ ਲਗਾਇਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ, ਕੇਂਦਰ ਸਰਕਾਰ ਤੋਂ ਕੀਤੀ ਮੁਆਵਜ਼ੇ ਦੀ ਮੰਗ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਲਖੀਮਪੁਰ ਖੀਰੀ ਘਟਨਾ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਗੱਡੀਆਂ ਰੋਕਣ ਦਾ ਐਲਾਨ ਵੀ ਕੀਤਾ ਗਿਆ ਹੈ। ਜਿਸਦੇ ਚਲਦਿਆਂ 3 ਅਕਤੂਬਰ ਨੂੰ ਦੁਪਿਹਰ 12 ਵਜੇ ਤੋਂ ਤਿੰਨ ਵਜੇ ਤੱਕ ਗੱਡੀਆਂ ਰੋਕਿਆਂ ਜਾਣਗੀਆਂ। ਇਸਦੇ ਨਾਲ ਹੀ ਜਥੇਬੰਦੀ ਨੇ ਯੂਪੀ ਪੁਲੀਸ ਵੱਲੋਂ ਨਿਰਦੋਸ਼ ਫੜੇ ਕਿਸਾਨ ਮਜ਼ਦੂਰਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਹੈ।
Summary in English: Protest on September 29 by the United Kisan Morcha