ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਨੂੰ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ, ਦਰਅਸਲ, ਸੂਬਾ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਿਰਫ਼ ਪ੍ਰਮਾਣਿਤ ਸੰਸਥਾਵਾਂ ਵੱਲੋਂ ਪ੍ਰਕਾਸ਼ਿਤ ਕਿਤਾਬਾਂ ਹੀ ਲਾਏ ਜਾਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਪੰਜਾਬ ਸਰਕਾਰ ਨੇ ਸੀ.ਬੀ.ਐਸ.ਈ., ਆਈ.ਸੀ.ਐਸ.ਈ. ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ ਸਾਰੇ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਪ੍ਰਮਾਣਿਤ ਸੰਸਥਾਵਾਂ ਵੱਲੋਂ ਪ੍ਰਕਾਸ਼ਿਤ ਕਿਤਾਬਾਂ ਲਾਏ ਜਾਣ ਦੇ ਨਿਰਦੇਸ਼ ਦਿੱਤੇ ਹਨ।
ਬੋਰਡ ਦੇ ਬੁਲਾਰੇ ਨੇ ਦਿੱਤੀ ਜਾਣਕਾਰੀ
ਇਸ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ ਸਿੱਖਿਆ ਵਿਭਾਗ (ਸੈਂ.ਸਿੱ) ਨੇ ਇਸ ਬਾਰੇ ਸੀ.ਬੀ.ਐਸ.ਈ., ਆਈ.ਸੀ.ਐਸ.ਈ. ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ ਸਾਰੇ ਪ੍ਰਾਈਵੇਟ ਸਕੂਲਾਂ ਦੀ ਮੈਨਜਮੈਂਟਾਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ। ਬੁਲਾਰੇ ਅਨੁਸਾਰ ਇਸ ਦਾ ਉਦੇਸ਼ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ।
ਬੁਲਾਰੇ ਅਨੁਸਾਰ ਪ੍ਰਾਈਵੇਟ ਸਕੂਲਾਂ ਦੀਆਂ ਕੁਝ ਮੈਨਜਮੈਂਟਾਂ ਵੱਲੋਂ ਆਪਣੇ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਪ੍ਰਕਾਸ਼ਕਾਂ ਵੱਲੋਂ ਪ੍ਰਕਾਸ਼ਿਤ ਕਿਤਾਬਾਂ ਲਾਈਆਂ ਜਾ ਰਹੀਆਂ ਹਨ। ਇਹ ਕਿਤਾਬਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮਹਿੰਗੇ ਮੁੱਲ ’ਤੇ ਖਰੀਦਣੀਆਂ ਪੈ ਰਹੀਆਂ ਹਨ। ਇਸ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਉਪਰੋਕਤ ਫੈਸਲਾ ਲਿਆ ਹੈ।
Summary in English: Punjab government issued new guidelines for private schools, read full news