ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਗਰੁੱਪ 'ਸੀ' ਅਤੇ 'ਡੀ' ਦੀਆਂ ਅਸਾਮੀਆਂ ਲਈ ਅਪਲਾਈ ਕਰਨ ਵਾਲਿਆਂ ਲਈ ਪੰਜਾਬੀ ਭਾਸ਼ਾ ਲਾਜ਼ਮੀ ਕਰ ਦਿੱਤੀ ਹੈ।
ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਗਰੁੱਪ ਸੀ ਅਤੇ ਡੀ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਲਈ ਪੰਜਾਬੀ ਭਾਸ਼ਾ ਦਾ ਟੈਸਟ ਘੱਟੋ-ਘੱਟ 50 ਫੀਸਦੀ ਅੰਕਾਂ ਨਾਲ ਪਾਸ ਕਰਨਾ ਲਾਜ਼ਮੀ ਕਰ ਦਿੱਤਾ ਹੈ। ਇੱਕ ਅਧਿਕਾਰਤ ਬਿਆਨ ਅਨੁਸਾਰ, ਇਸ ਕਦਮ ਦਾ ਉਦੇਸ਼ ਪੰਜਾਬੀ ਭਾਸ਼ਾ ਨੂੰ ਉਤਸ਼ਾਹਿਤ ਕਰਨਾ ਹੈ। ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਲਿਆ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹੁਣ ਉਮੀਦਵਾਰਾਂ ਨੂੰ ਗਰੁੱਪ ਸੀ ਅਤੇ ਡੀ ਦੀਆਂ ਅਸਾਮੀਆਂ ਲਈ ਹੋਣ ਵਾਲੀ ਭਰਤੀ ਪ੍ਰੀਖਿਆ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਪੰਜਾਬੀ ਭਾਸ਼ਾ ਦੇ ਟੈਸਟ ਵਿੱਚ ਘੱਟੋ ਘੱਟ 50 ਪ੍ਰਤੀਸ਼ਤ ਅੰਕ ਪ੍ਰਾਪਤ ਕਰਨੇ ਹੋਣਗੇ।
ਭਰਤੀ 26,454 ਨੌਕਰੀਆਂ ਨਾਲ ਸ਼ੁਰੂ
ਮੀਟਿੰਗ ਵਿੱਚ ਗੱਲਬਾਤ ਤੋਂ ਬਾਅਦ ਦੱਸਿਆ ਗਿਆ ਕਿ ਸੂਬਾ ਸਰਕਾਰ ਨੇ ਗਰੁੱਪ ਸੀ ਅਤੇ ਡੀ ਸ਼੍ਰੇਣੀ ਦੀਆਂ ਲਗਭਗ 26,454 ਅਸਾਮੀਆਂ ਲਈ ਭਰਤੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੁੱਖ ਸਕੱਤਰ ਅਨਿਰੁਧ ਤਿਵਾੜੀ, ਸਕੱਤਰ ਏ. ਵੇਣੂ ਪ੍ਰਸਾਦ ਤੋਂ ਇਲਾਵਾ ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਅਤੇ ਭਾਸ਼ਾ ਜਸਪ੍ਰੀਤ ਤਲਵਾੜ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ: ਐਕਸ਼ਨ ਮੋਡ ਵਿੱਚ ਮਾਨ ਸਰਕਾਰ! ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ਤੋਂ ਕੱਢਿਆ ਬਾਹਰ!
ਜਿਕਰਯੋਗ ਹੈ ਕਿ ਸੂਬਾ ਸਰਕਾਰ ਨੇ 5 ਮਈ ਨੂੰ ਗਰੁੱਪ ਸੀ ਅਤੇ ਡੀ ਸਮੇਤ 26,454 ਅਸਾਮੀਆਂ 'ਤੇ ਭਰਤੀ ਲਈ ਮੁਹਿੰਮ ਸ਼ੁਰੂ ਕੀਤੀ ਸੀ। ਦੱਸ ਦਈਏ ਕਿ ਇਸ ਭਰਤੀ ਵਿੱਚ ਗ੍ਰਹਿ, ਸਕੂਲ ਸਿੱਖਿਆ, ਸਿਹਤ, ਬਿਜਲੀ ਅਤੇ ਤਕਨੀਕੀ ਸਿੱਖਿਆ ਵਿਭਾਗ ਸ਼ਾਮਲ ਹੋਣਗੇ। ਪ੍ਰਸ਼ਾਸਨਿਕ ਵਿਭਾਗਾਂ ਨੂੰ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਭਰਤੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
Summary in English: Punjab News: Punjabi language test must be given in recruitment of Group C and D of Punjab!