Paddy Cultivation: ਜੇਕਰ ਅਸੀਂ ਝੋਨੇ ਦੀ ਫਸਲ ਦੀ ਗੱਲ ਕਰੀਏ ਤਾਂ ਝੋਨੇ ਦੇ ਰੋਪਣ ਕਾਰਨ ਜ਼ਮੀਨ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦੀ ਹੈ, ਜਿਸਦੇ ਨਤੀਜੇ ਵਜੋਂ ਉੱਪਰੀ ਜ਼ਮੀਨ ਅਤੇ ਫਸਲ ਨੂੰ ਨੁਕਸਾਨ ਹੁੰਦਾ ਹੈ। ਖੇਤੀਬਾੜੀ ਮਾਹਿਰਾਂ ਮੁਤਾਬਕ ਝੋਨੇ ਦੀ ਸਿੱਧੀ ਬਿਜਾਈ ਨਾਲ ਪਨੀਰੀ ਅਤੇ ਕੱਦੂ ਕਰਨ ਦਾ ਕੰਮ ਅਤੇ ਮਿੱਟੀ ਦਾ ਨੁਕਸਾਨ ਘੱਟ ਜਾਂਦਾ ਹੈ। ਅਜਿਹੇ 'ਚ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦਿੱਤੀ ਜਾ ਰਹੀ ਹੈ।
ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਜੰਗੀ ਪੱਧਰ 'ਤੇ ਉਪਰਾਲੇ ਕਰ ਰਹੀ ਹੈ। ਇਸੇ ਲੜੀ ਨੂੰ ਅੱਗੇ ਤੋਰਦਿਆਂ ਪੰਜਾਬ ਸਰਕਾਰ ਦੇ ਨੁਮਾਇੰਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਤਕਨੀਕੀ ਜਾਣਕਾਰੀ ਦੇ ਰਹੇ ਹਨ ਅਤੇ ਕਿਸਾਨਾਂ ਨੂੰ ਰਜਿਸਟ੍ਰੇਸ਼ਨ ਕਰਵਾਉਣ ਲਈ ਜਾਗਰੂਕ ਵੀ ਕਰ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500/- ਰੁਪਏ ਪ੍ਰਤੀ ਏਕੜ ਸਬਸਿਡੀ ਪ੍ਰੋਤਸ਼ਾਹਨ ਰਾਸ਼ੀ ਵੱਜੋਂ ਦਿੱਤੀ ਜਾ ਰਹੀ ਹੈ।
ਫਤਿਹਗੜ੍ਹ ਸਾਹਿਬ ਦੇ ਮੁੱਖ ਖੇਤੀਬਾੜੀ ਅਫ਼ਸਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀ/ਕਰਮਚਾਰੀ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੇ ਖੇਤਾਂ ਦਾ ਲਗਾਤਾਰ ਦੌਰਾ ਕਰਕੇ ਕਿਸਾਨਾਂ ਨੂੰ ਸਿੱਧੀ ਬਿਜਾਈ ਸਬੰਧੀ ਤਕਨੀਕੀ ਜਾਣਕਾਰੀ ਦੇ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਦਾ Keshopur Chhamb ਬਣੇਗਾ ਪ੍ਰਮੁੱਖ Tourist spot
ਕਿਸਾਨਾਂ ਨੂੰ ਰਜਿਸਟ੍ਰੇਸ਼ਨ ਕਰਵਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500/- ਰੁਪਏ ਪ੍ਰਤੀ ਏਕੜ ਸਬਸਿਡੀ ਪ੍ਰੋਤਸ਼ਾਹਨ ਰਾਸ਼ੀ ਦਿੱਤੀ ਜਾਵੇਗੀ। ਝੋਨੇ ਦੀ ਸਿੱਧੀ ਬਿਜਾਈ ਤੋਂ 1500 ਰੁਪਏ ਦਾ ਲਾਭ ਲੈਣ ਲਈ agrimachinerypb.com ਤੇ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੈ।
ਇਹ ਰਜਿਸਟ੍ਰੇਸ਼ਨ 22 ਮਈ ਤੋਂ 25 ਜੂਨ, 2023 ਤੱਕ ਕੀਤੀ ਜਾ ਸਕਦੀ ਹੈ। ਧਰਤੀ ਹੇਠਲੇ ਪਾਣੀ ਦੇ ਗਿਰਦੇ ਪੱਧਰ ਨੂੰ ਸੰਭਾਲਣ ਲਈ ਵੱਧ ਤੋਂ ਵੱਧ ਰਕਬਾ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣ ਦੇ ਮੰਤਵ ਨੂੰ ਪੂਰਾ ਕਰਨ ਲਈ ਸਮੂਹ ਬਲਾਕਾਂ ਵਿੱਚ ਬਲਾਕ ਅਤੇ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਏ ਗਏ ਹਨ।
ਇਹ ਵੀ ਪੜ੍ਹੋ : PAU ਅਤੇ ACIAR ਵਿਚਾਲੇ ਸਾਂਝ ਲਈ ਗੱਲਬਾਤ
ਡਿਪਟੀ ਪ੍ਰੋਜੈਕਟ ਡਾਇਰੈਕਟਰ ਜਤਿੰਦਰ ਸਿੰਘ ਨੇ ਮਿੱਟੀ ਅਤੇ ਪਾਣੀ ਪਰਖ ਕਰਵਾ ਕੇ ਮਿੱਟੀ ਸਿਹਤ ਕਾਰਡ ਬਣਾਉਣ ਬਾਰੇ ਪਿੰਡ ਵਜੀਦਪੁਰ ਬਲਾਕ ਬਸੀ ਪਠਾਣਾ ਦੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਦਾ ਮੰਤਵ ਪਾਣੀ ਸੰਜਮ ਨਾਲ ਵਰਤ ਕੇ ਧਰਤੀ ਨੂੰ ਬੰਜਰ ਹੋਣ ਤੋਂ ਰੋਕਣਾ ਹੈ ਅਤੇ ਆਉਣ ਵਾਲੀਆਂ ਪੀੜੀਆਂ ਲਈ ਪਾਣੀ ਬਚਾ ਕੇ ਪੰਜਾਬ ਦੀ ਖੁਸ਼ਹਾਲੀ ਨੂੰ ਕਾਇਮ ਰੱਖਣ ਵਿੱਚ ਯੋਗਦਾਨ ਪਾਉਣਾ ਹੈ।
ਇਹ ਵੀ ਪੜ੍ਹੋ : ਮਾਲੀ ਤੋਂ ਆਏ Delegation ਵੱਲੋਂ ਕਣਕ ਖੋਜ 'ਤੇ ਵਿਚਾਰ-ਵਟਾਂਦਰਾ
ਉਨ੍ਹਾਂ ਨੇ ਕਿਸਾਨਾਂ ਨੂੰ ਝੋਨੇ ਦਾ ਬੀਜ ਸੋਧ ਕੇ ਬੀਜਣ ਅਤੇ ਝੋਨੇ ਦੀ ਫਸਲ ਵਿੱਚ ਖਾਦਾਂ ਦੀ ਘਾਟ ਨੂੰ ਪੂਰਾ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਸਿਫਾਰਿਸ਼ ਅਨੁਸਾਰ ਸਹੀ ਮਿਕਦਾਰ ਵਿੱਚ ਖਾਦਾਂ ਪਾਉਣ ਬਾਰੇ ਤਕਨੀਕੀ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਵਿੱਚ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਦੱਸਿਆ ਅਤੇ ਲੋੜ ਅਨੁਸਾਰ ਖਾਦਾਂ ਪਾਉਣ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ।
ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਝੋਨੇ ਦੀ ਸਿੱਧੀ ਬਿਜਾਈ ਕਰਨ ਅਤੇ ਫ਼ਸਲੀ ਵਿਭਿੰਨਤਾ ਅਪਣਾਉਣ ਦੀ ਅਪੀਲ ਕੀਤੀ।
ਸਰੋਤ: ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਫ਼ਤਹਿਗੜ੍ਹ ਸਾਹਿਬ (District Public Relations Office Fatehgarh Sahib)
Summary in English: Scheme for Farmers, Registration required by June 25 to avail benefits