Hemkund Sahib Story: ਉੱਤਰਾਖੰਡ ਸਥਿਤ ਗੁਰਦੁਆਰਾ ਹੇਮਕੁੰਟ ਸਾਹਿਬ ਦੇ ਕਿਵਾੜ ਸ਼ਰਧਾਲੂਆਂ ਲਈ ਖੁੱਲ੍ਹ ਗਏ ਹਨ ਅਤੇ ਯਾਤਰਾ ਦੀ ਸ਼ੁਰੂਆਤ ਹੋ ਗਈ ਹੈ। ਗੁਰਦੁਆਰਾ ਗੋਬਿੰਦਘਾਟ ਦੇ ਮੈਨੇਜਰ ਸੇਵਾ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਗੋਬਿੰਦਘਾਟ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸੰਗਤਾਂ ਦਾ ਜਥਾ ਹੇਮਕੁੰਟ ਸਾਹਿਬ ਪੁੱਜ ਗਿਆ ਹੈ।
Gurdwara Sri Hemkund Sahib: ਉਤਰਾਖੰਡ ਦੇ ਚਮੋਲੀ ਵਿੱਚ ਸਥਿਤ ਲਗਭਗ 15 ਹਜ਼ਾਰ ਫੁੱਟ ਦੀ ਉਚਾਈ 'ਤੇ ਸਥਾਪਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਿਵਾੜ ਸੰਗਤਾਂ ਦੇ ਜੈਕਾਰਿਆਂ ਦੀ ਗੂੰਜ ਵਿੱਚ ਖੋਲ੍ਹ ਦਿੱਤੇ ਗਏ ਹਨ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਪਹਿਲੇ ਦਿਨ ਪੰਜ ਹਜ਼ਾਰ ਤੋਂ ਵੱਧ ਸੰਗਤਾਂ ਨਤਮਸਤਕ ਹੋਈਆਂ।
ਪੰਜ ਪਿਆਰਿਆਂ ਦੀ ਅਗਵਾਈ ਹੇਠ ਸਿੱਖ ਸੰਗਤ ਦਾ ਪਹਿਲਾ ਜਥਾ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਪਹੁੰਚਿਆ, ਜਿਥੇ ਗੁਰਦੁਆਰੇ ਦੇ ਮੁੱਖ ਗ੍ਰੰਥੀ ਭਾਈ ਮਿਲਾਪ ਸਿੰਘ, ਸਹਾਇਕ ਗ੍ਰੰਥੀ ਭਾਈ ਕੁਲਵੰਤ ਸਿੰਘ ਤੇ ਮੈਨੇਜਰ ਗੁਰਨਾਮ ਸਿੰਘ ਤੇ ਹੋਰ ਪ੍ਰਬੰਧਕਾਂ ਨੇ ਸੰਗਤ ਦੇ ਸਹਿਯੋਗ ਨਾਲ ਸੁਖ ਆਸਨ ਵਾਲੇ ਸਥਾਨ ਤੋਂ ਪਾਵਨ ਸਰੂਪ ਗੁਰਦੁਆਰੇ ਵਿੱਚ ਲਿਆਂਦਾ। ਗੁਰਦੁਆਰੇ ਵਿੱਚ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ ਗਿਆ ਤੇ ਮਗਰੋਂ ਗੁਰਬਾਣੀ ਦਾ ਕੀਰਤਨ ਹੋਇਆ।
ਇਸ ਮੌਕੇ ਭਾਰਤੀ ਫੌਜ ਦੇ ਜਵਾਨਾਂ ਦੀ ਮਦਦ ਨਾਲ ਗੁਰਦੁਆਰੇ ਦੇ ਨਿਸ਼ਾਨ ਸਾਹਿਬ ਦਾ ਚੋਲਾ ਬਦਲਿਆ ਗਿਆ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸੰਗਤ ਦਾ ਜਥਾ ਗੁਰਦੁਆਰਾ ਗੋਬਿੰਦਧਾਮ ਤੋਂ ਰਵਾਨਾ ਹੋ ਕੇ ਲਗਭਗ 6 ਕਿਲੋਮੀਟਰ ਦੀ ਪੈਦਲ ਯਾਤਰਾ ਕਰਨ ਮਗਰੋਂ ਇਥੇ ਪੁੱਜਿਆ। ਇਸ ਜਥੇ ਵਿੱਚ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਸਣੇ ਹੋਰਨਾਂ ਸੂਬਿਆਂ ਤੋਂ ਵੀ ਸੰਗਤਾਂ ਪੁੱਜੀਆਂ। ਗੁਰਦੁਆਰਾ ਗੋਬਿੰਦਘਾਟ ਦੇ ਮੈਨੇਜਰ ਸੇਵਾ ਸਿੰਘ ਨੇ ਦੱਸਿਆ ਕਿ ਯਾਤਰੂਆਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।
ਇਹ ਵੀ ਪੜ੍ਹੋ: ਵਿਸਾਖੀ ਦੇ ਮੌਕੇ ਸਿੱਖ ਜਥਾ ਕਰੇਗਾ ਪਾਕਿਸਤਾਨ ਦੇ ਗੁਰਦੁਆਰਾ ਸਾਹਿਬ ਦੇ ਦਰਸ਼ਨ !
ਉਤਰਾਖੰਡ ਦੇ ਚਮੋਲੀ ਵਿੱਚ ਸਥਿਤ ਹੇਮਕੁੰਟ ਸਾਹਿਬ ਪੂਰੀ ਦੁਨੀਆ ਵਿੱਚ ਮਸ਼ਹੂਰ ਹੈ। ਇਸ ਗੁਰਦੁਆਰੇ ਨੂੰ ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ ਦਾ ਤਪੱਸਿਆ ਸਥਾਨ ਮੰਨਿਆ ਜਾਂਦਾ ਹੈ। ਇਸ ਗੁਰਦੁਆਰੇ ਤੱਕ ਪਹੁੰਚਣ ਲਈ ਤੁਹਾਨੂੰ ਬਦਰੀਨਾਥ ਨੇੜੇ ਗੋਵਿੰਦ ਘਾਟ ਤੋਂ ਪੁਲਨਾ ਪਿੰਡ ਤੱਕ ਮੋਟਰ ਰੋਡ ਰਾਹੀਂ ਜਾਣਾ ਪਵੇਗਾ ਅਤੇ ਇਸ ਤੋਂ ਬਾਅਦ ਤੁਹਾਨੂੰ ਕਰੀਬ 17 ਕਿਲੋਮੀਟਰ ਪੈਦਲ ਚੱਲਣਾ ਪਵੇਗਾ। ਔਖੇ ਰਸਤੇ ਦੇ ਬਾਵਜੂਦ ਹਰ ਰੋਜ਼ 5000 ਤੋਂ ਵੱਧ ਯਾਤਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਪਹੁੰਚਦੇ ਹਨ।
Summary in English: Sri Hemkund Sahib: Doors of Gurdwara Sri Hemkund Sahib open! Sangat arrives in large numbers!