ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ। ਲੋਕਾਂ `ਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ। ਇਸ ਮੌਕੇ ਦੇਸ਼ ਸਮੇਤ ਦੁਨੀਆ ਦੇ ਸਾਰੇ ਗੁਰਦੁਆਰੇ ਸਜਾਏ ਗਏ ਹਨ। ਇਸ ਦੇ ਨਾਲ ਹੀ ਵੱਖੋ ਵੱਖ ਥਾਵਾਂ `ਤੇ ਨਗਰ ਕੀਰਤਨ ਸਜਾਏ ਜਾ ਰਹੇ ਹਨ। ਹਰ ਸਾਲ ਵਾਂਗ ਇਸ ਵਾਰ ਵੀ ਗੁਰਪੁਰਬ ਤੋਂ ਕਈ ਦਿਨ ਪਹਿਲਾਂ ਹੀ ਗੁਰਦੁਆਰਿਆਂ `ਚ ਵਿਸ਼ੇਸ਼ ਪ੍ਰੋਗਰਾਮ ਸ਼ੁਰੂ ਹੋ ਗਏ ਹਨ। ਨਗਰ ਕੀਰਤਨ `ਚ ਗਤਕੇ ਦੇ ਜੌਹਰ ਦਿਖਾਏ ਜਾ ਰਹੇ ਹਨ ਤੇ ਗੁਰੂ ਦੇ ਲੰਗਰ ਵੀ ਅਟੁੱਟ ਵਰਤ ਰਹੇ ਹਨ।
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਸੁਲਤਾਨਪੁਰ ਲੋਧੀ ਵਿਖੇ ਮਹਾਨ ਨਗਰ ਕੀਰਤਨ ਕੱਢਿਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸਜੀ ਪਾਲਕੀ `ਚ ਸੁਸ਼ੋਭਿਤ ਕੀਤਾ ਗਿਆ। ਇਹ ਨਗਰ ਕੀਰਤਨ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਤੋਂ ਸ਼ੁਰੂ ਹੋ ਕੇ ਦਾਣਾ ਮੰਡੀ, ਤਲਵੰਡੀ ਪੁਲ, ਸਬਜ਼ੀ ਮੰਡੀ, ਆਰੀਆ ਸਮਾਜ ਚੌਕ, ਚੌਕ ਚੇਲੀਆ, ਪੁਰਾਣੀ ਦਾਣਾ ਮੰਡੀ, ਰੇਲਵੇ ਰੋਡ, ਸਦਰ ਬਾਜ਼ਾਰ, ਥਾਣਾ ਰੋਡ, ਬੇਬੇ ਨਾਨਕੀ ਰੋਡ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਬੇਰ ਸਾਹਿਬ ਪਹੁੰਚਣ ਤੋਂ ਬਾਅਦ ਸਮਾਪਤ ਹੋਇਆ।
ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਭਾਰਤ ਤੋਂ 910 ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਰਵਾਨਾ ਹੋਇਆ। ਸਿੱਖ ਸ਼ਰਧਾਲੂਆਂ ਦੇ ਜਥੇ ਦਾ ਗੁਰਦੁਆਰਾ ਨਨਕਾਣਾ ਸਾਹਿਬ `ਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਔਕਾਫ ਬੋਰਡ ਦੇ ਅਧਿਕਾਰੀਆਂ ਵਲੋਂ ਸਵਾਗਤ ਕੀਤਾ ਗਿਆ।
ਇਹ ਵੀ ਪੜ੍ਹੋ : 12 ਨਵੰਬਰ ਨੂੰ ਮਨਾਇਆ ਜਾਵੇਗਾ 550 ਵਾ ਗੁਰੂ ਨਾਨਕ ਗੁਰੂਪੁਰਵ, ਪੜੋ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ
ਸਿੱਖ ਸ਼ਰਧਾਲੂਆਂ ਨੂੰ ਵਾਹਗਾ ਰੇਲਵੇ ਸਟੇਸ਼ਨ ਤੋਂ ਵਿਸ਼ੇਸ਼ ਰੇਲ ਗੱਡੀਆਂ ਰਾਹੀਂ ਗੁਰਦੁਆਰਾ ਨਨਕਾਣਾ ਸਾਹਿਬ ਲਿਜਾਇਆ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਲੂਆਂ ਦੇ ਇਮੀਗ੍ਰੇਸ਼ਨ ਫਾਰਮ ਭਰਨ, ਲੰਗਰ ਤੇ ਇਮੀਗ੍ਰੇਸ਼ਨ ਤੋਂ ਅਟਾਰੀ ਸਰਹੱਦ ਤੱਕ ਪੰਜ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਸੀ। 8 ਨਵੰਬਰ ਨੂੰ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰੂ ਸਾਹਿਬ ਦਾ ਪ੍ਰਕਾਸ਼ ਦਿਹਾੜਾ ਮਨਾਉਣ ਤੋਂ ਬਾਅਦ 15 ਨਵੰਬਰ ਨੂੰ ਸਿੱਖ ਜਥਾ ਨਨਕਾਣਾ ਸਾਹਿਬ ਤੋਂ ਵਾਪਸ ਵਤਨ ਪਰਤੇਗਾ।
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਸੰਨ 1469 ਨੂੰ ਤਲਵੰਡੀ ਨਨਕਾਣਾ ਸਾਹਿਬ ਵਿਖੇ ਹੋਇਆ ਸੀ। ਗੁਰੂ ਨਾਨਕ ਦੇਵ ਜੀ ਨੂੰ ਸਿੱਖ ਕੌਮ ਦੇ ਪਹਿਲੇ ਗੁਰੂ ਤੇ ਇਸ ਧਰਮ ਦੇ ਮੋਢੀ ਮੰਨਿਆ ਜਾਂਦਾ ਹੈ। ਉਨ੍ਹਾਂ ਨੂੰ ਨਾਨਕ ਦੇਵ, ਬਾਬਾ ਨਾਨਕ ਤੇ ਨਾਨਕ ਸ਼ਾਹ ਵੀ ਕਿਹਾ ਜਾਂਦਾ ਹੈ। ਗੁਰੂ ਨਾਨਕ ਦੇਵ ਜੀ ਨੇ ਜੀਵਨ ਨਾਲ ਸਬੰਧਤ ਬਹੁਤ ਸਾਰੀਆਂ ਸਿੱਖਿਆਵਾਂ ਦਿੱਤੀਆਂ ਹਨ, ਜਿਨ੍ਹਾਂ ਦਾ ਲੋਕ ਅੱਜ ਵੀ ਪਾਲਣ ਕਰਦੇ ਹਨ। ਗੁਰੂ ਨਾਨਕ ਦੇਵ ਜੀ ਨੇ ਆਪਣਾ ਜੀਵਨ ਮਨੁੱਖੀ ਸਮਾਜ ਦੀ ਭਲਾਈ ਲਈ ਸਮਰਪਿਤ ਕਰ ਦਿੱਤਾ।
Summary in English: The birth anniversary of Shri Guru Nanak Dev ji, Sangats are paying homage to Gurdwara Sahib