ਮਿਲੀ ਖ਼ਬਰ ਦੇ ਅਨੁਸਾਰ ਪੰਜਾਬ-ਹਰਿਆਣਾ ਹਾਈਕੋਰਟ ਦੇ ਡਿਵੀਜ਼ਨ ਬੈਂਚ ਨੇ ਭਗਵੰਤ ਮਾਨ ਸਰਕਾਰ ਦੀ ਆਟਾ-ਦਾਲ ਸਕੀਮ 'ਤੇ ਮੁੜ ਰੋਕ ਲਗਾ ਦਿੱਤੀ ਹੈ। ਦੱਸ ਦੇਈਏ ਕਿ ਬਠਿੰਡਾ ਦੀ ਐਨ.ਐਫ.ਐਸ.ਏ ਡਿਪੂ ਹੋਲਡਰ ਵੈਲਫੇਅਰ ਐਸੋਸੀਏਸ਼ਨ ਨੇ ਪਟੀਸ਼ਨ ਦਾਇਰ ਕਰਕੇ ਇਸ ਸਕੀਮ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਇਸਦੇ ਨਾਲ ਹੀ ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪੰਜਾਬ ਸਰਕਾਰ ਨੂੰ ਪੰਜਾਬ `ਚ ਜਨਤਕ ਵੰਡ ਪ੍ਰਣਾਲੀ ਨਾਲ ਛੇੜਛਾੜ ਨਾ ਕਰਨ ਦੇ ਹੁਕਮ ਦਿੱਤੇ ਜਾਣ।
ਇਸਤੋਂ ਪਹਿਲਾਂ ਵੀ ਇਸ ਯੋਜਨਾ `ਤੇ ਰੋਕ ਲਗਾਈ ਜਾ ਚੁੱਕੀ ਹੈ। ਪਹਿਲਾਂ ਹਾਈ ਕੋਰਟ ਦੀ ਸਿੰਗਲ ਬੈਂਚ ਨੇ ਇਸ ਯੋਜਨਾ 'ਤੇ ਰੋਕ ਲਗਾਈ ਸੀ ਤੇ ਹੁਣ ਪੰਜਾਬ-ਹਰਿਆਣਾ ਹਾਈਕੋਰਟ ਦੇ ਡਿਵੀਜ਼ਨ ਬੈਂਚ ਨੇ ਭਗਵੰਤ ਮਾਨ ਸਰਕਾਰ ਦੀ ਆਟਾ-ਦਾਲ ਸਕੀਮ `ਤੇ ਮੁੜ ਰੋਕ ਲਗਾ ਦਿੱਤੀ ਹੈ।
ਸਿੰਗਲ ਬੈਂਚ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਇਸ ਸਕੀਮ 'ਤੇ ਰੋਕ ਲਗਾ ਦਿੱਤੀ ਸੀ। ਪਾਬੰਦੀ ਦੇ ਖਿਲਾਫ ਪੰਜਾਬ ਸਰਕਾਰ ਬੈਂਚ ਅੱਗੇ ਪਹੁੰਚ ਗਈ, ਜਿਸ `ਤੇ ਡਿਵੀਜ਼ਨ ਬੈਂਚ ਨੇ ਸਿੰਗਲ ਬੈਂਚ ਨੂੰ ਆਪਣੇ ਹੁਕਮ 'ਤੇ ਮੁੜ ਵਿਚਾਰ ਕਰਨ ਲਈ ਕਿਹਾ ਸੀ। ਇਸ ਤੋਂ ਬਾਅਦ ਸਿੰਗਲ ਬੈਂਚ ਨੇ ਰੋਕ ਹਟਾਉਂਦੇ ਹੋਏ ਪਟੀਸ਼ਨ ਨੂੰ ਡਿਵੀਜ਼ਨ ਬੈਂਚ ਕੋਲ ਭੇਜ ਦਿੱਤਾ ਸੀ। ਹੁਣ ਡਿਵੀਜ਼ਨ ਬੈਂਚ ਨੇ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਇਸ ਸਕੀਮ ਤਹਿਤ ਤੀਜੀ ਧਿਰ ਨੂੰ ਮਿਲਣ ਵਾਲੇ ਲਾਭ 'ਤੇ ਰੋਕ ਲਗਾ ਦਿੱਤੀ ਹੈ।
ਯੋਜਨਾ ਬਾਰੇ ਜਾਣਕਾਰੀ:
ਪੰਜਾਬ ਸਰਕਾਰ ਨੇ ਦਿੱਲੀ ਦੀ 'ਆਪ' ਸਰਕਾਰ ਦੀ ਤਰਜ਼ 'ਤੇ ਘਰ-ਘਰ ਰਾਸ਼ਨ ਪਹੁੰਚਾਉਣ ਦੀ ਯੋਜਨਾ ਬਣਾਈ ਸੀ। ਇਸ ਸਕੀਮ `ਚ ਡਿਪੂ ਹੋਲਡਰਾਂ ਦੀ ਬਜਾਏ ਹੋਰ ਏਜੰਸੀਆਂ ਰਾਹੀਂ ਘਰ-ਘਰ ਰਾਸ਼ਨ ਪਹੁੰਚਾਉਣ ਦੀ ਯੋਜਨਾ ਬਣਾਈ ਗਈ ਸੀ। ਪੰਜਾਬ ਸਰਕਾਰ ਨੇ ਇਸ ਨੂੰ ਲਾਗੂ ਕਰਨ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਸਨ ਤੇ ਇਹ ਸਕੀਮ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣੀ ਸੀ।
ਇਹ ਵੀ ਪੜ੍ਹੋ : ਦੇਸ਼ ਦੇ ਆਰਥਿਕ ਵਿਕਾਸ ਲਈ ਖੇਤੀ ਯੋਗਦਾਨ ਨੂੰ ਵਧਾਉਣਾ ਕਿਉਂ ਜ਼ਰੂਰੀ?
ਡਿਪੂ ਹੋਲਡਰ ਵੈਲਫੇਅਰ ਐਸੋਸੀਏਸ਼ਨ ਦਾ ਪਟੀਸ਼ਨ ਦਾਇਰ ਕਰਨ ਦਾ ਕਾਰਨ:
ਡਿਪੂ ਹੋਲਡਰ ਵੈਲਫੇਅਰ ਐਸੋਸੀਏਸ਼ਨ (Depot Holders Welfare Association) ਦਾ ਕਹਿਣਾ ਹੈ ਕਿ ਉਨ੍ਹਾਂ ਦੇ ਮੈਂਬਰ ਪੰਜਾਬ `ਚ ਵਾਜਬ ਕੀਮਤ ਦੀਆਂ ਦੁਕਾਨਾਂ ਚਲਾਉਂਦੇ ਹਨ। ਉਨ੍ਹਾਂ ਕੋਲ ਡਿਪੂ ਲਈ ਉਚਿਤ ਲਾਇਸੈਂਸ ਹਨ ਤੇ ਹੁਣ ਤੱਕ ਉਹ ਲਾਭਪਾਤਰੀਆਂ ਤੱਕ ਰਾਸ਼ਨ ਪਹੁੰਚਾਉਣ ਦਾ ਕੰਮ ਕਰ ਰਹੇ ਹਨ। ਹੁਣ ਸਰਕਾਰ ਨੇ ਇੱਕ ਨਿੱਜੀ ਕੰਪਨੀ ਰਾਹੀਂ ਆਟਾ ਸਿੱਧਾ ਲਾਭਪਾਤਰੀਆਂ ਦੇ ਘਰਾਂ ਤੱਕ ਪਹੁੰਚਾਉਣ ਦੀ ਯੋਜਨਾ ਬਣਾਈ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਦਾ ਇਹ ਫੈਸਲਾ ਸੰਵਿਧਾਨ ਵਿੱਚ ਮੌਜੂਦ ਧਾਰਾਵਾਂ ਦੇ ਉਲਟ ਹੈ। ਭਾਰਤ ਸਰਕਾਰ ਨੇ ਜਨਤਕ ਵੰਡ ਪ੍ਰਣਾਲੀ ਤਿਆਰ ਕੀਤੀ ਹੈ ਤੇ ਇਸ ਪ੍ਰਣਾਲੀ ਰਾਹੀਂ ਹੀ ਅਨਾਜ ਵੰਡਿਆ ਜਾਣਾ ਚਾਹੀਦਾ ਹੈ। ਪਰ ਪੰਜਾਬ ਸਰਕਾਰ ਅਜਿਹਾ ਨਹੀਂ ਕਰ ਰਹੀ। ਪੰਜਾਬ ਸਰਕਾਰ ਨੇ ਪ੍ਰਾਈਵੇਟ ਕੰਪਨੀਆਂ ਲਿਆ ਕੇ ਵਾਜਬ ਮੁੱਲ ਦੀਆਂ ਦੁਕਾਨਾਂ ਨੂੰ ਬਾਈਪਾਸ ਕਰ ਦਿੱਤਾ ਹੈ।
Summary in English: The High Court has again put a stay on the flour-dal scheme in Punjab