ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਬਾਰੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਅਨੁਸਾਰ ਹੁਣ ਇਨ੍ਹਾਂ ਮੁਲਾਜ਼ਮਾਂ ਨੂੰ 58 ਸਾਲ ਤੱਕ ਬਰਖਾਸਤ ਨਹੀਂ ਕੀਤਾ ਜਾਵੇਗਾ। ਜਦੋਂ ਇਹ ਕਰਮਚਾਰੀ 58 ਸਾਲ ਦੀ ਸੇਵਾ ਪੂਰੀ ਕਰਨ ਤੋਂ ਬਾਅਦ ਸੇਵਾਮੁਕਤ ਹੋਣਗੇ ਤਾਂ ਇਨ੍ਹਾਂ ਦੀ ਪੋਸਟ ਆਪਣੇ ਆਪ ਖਤਮ ਹੋ ਜਾਵੇਗੀ।
ਪੰਜਾਬ ਸਰਕਾਰ ਨੇ ਸੂਬੇ `ਚ ਰੈਗੂਲਰਾਈਜ਼ੇਸ਼ਨ ਨੀਤੀ (Regularization Policy) ਲਾਗੂ ਕਰ ਦਿੱਤੀ ਹੈ। ਇਸ ਪਾਲਿਸੀ ਤਹਿਤ ਸਪੈਸ਼ਲ ਕੇਡਰ ਬਣਾ ਕੇ 36000 ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਇਸ ਸਬੰਧੀ ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਇਹ ਨੀਤੀ ਆਪਣੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਭੇਜ ਦਿੱਤੀ ਹੈ।
ਮਾਨ ਨੇ ਕਿਹਾ ਕਿ ਅਧਿਆਪਕ ਲੰਮੇ ਸਮੇਂ ਤੋਂ ਠੇਕੇ ਦੀਆਂ ਅਸਾਮੀਆਂ 'ਤੇ ਕੰਮ ਕਰ ਰਹੇ ਹਨ, ਉਨ੍ਹਾਂ `ਚੋਂ ਕੁਝ ਪਿਛਲੇ 14 ਸਾਲਾਂ ਤੋਂ ਆਪਣੀ ਡਿਊਟੀ ਨਿਭਾ ਰਹੇ ਹਨ। ਜਿਸਦੇ ਚਲਦਿਆਂ ਅਧਿਆਪਕਾਂ ਦੀ ਰੋਜ਼ੀ-ਰੋਟੀ ਨੂੰ ਸੁਰੱਖਿਅਤ ਬਣਾਉਣ ਦੇ ਲਈ ਇਹ ਰੈਗੂਲਰਾਈਜ਼ੇਸ਼ਨ ਨੀਤੀ ਲਾਗੂ ਕੀਤੀ ਗਈ ਹੈ। ਇਸ ਨੀਤੀ ਅਨੁਸਾਰ ਵੱਖ-ਵੱਖ ਵਿਭਾਗਾਂ `ਚ ਤੇ ਐਡਹਾਕ `ਤੇ 10 ਸਾਲ ਤੋਂ ਵੱਧ ਕੰਮ ਕਰ ਰਹੇ 36,000 ਮੁਲਾਜ਼ਮਾਂ ਦਾ ਵਿਸ਼ੇਸ਼ ਕੇਡਰ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ : ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟੇਡ ਵੱਲੋਂ ਗੈਸ ਸਿਲੰਡਰ ਲਈ ਨਵਾਂ ਨਿਯਮ ਜਾਰੀ
ਇਹ ਗੱਲ ਮੁੱਖ ਮੰਤਰੀ ਮਾਨ ਨੇ ਇਕ ਟਵੀਟ ਰਾਹੀਂ ਲੋਕਾਂ ਅੱਗੇ ਰੱਖੀ ਹੈ। ਉਨ੍ਹਾਂ ਕਿਹਾ ''ਇੱਕ ਖੁਸ਼ਖਬਰੀ ਸਾਂਝੀ ਕਰ ਰਿਹਾ ਹਾਂ। ਅਧਿਆਪਕਾਂ ਨੂੰ ਪੱਕੇ ਕਰਨ ਦਾ ਫੈਸਲਾ ਅਧਿਆਪਕ ਦਿਵਸ ਵਾਲੇ ਦਿਨ ਲਿਆ ਸੀ ਤੇ ਹੁਣ ਉਸ ਨੂੰ ਬੂਰ ਪੈ ਗਿਆ ਹੈ। ਲਗਭਗ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹੁਣ ਬਾਕੀਆਂ ਲਈ ਕੰਮ ਕਰਾਂਗੇ। ਵਾਅਦੇ ਮੁਤਾਬਕ 36 ਹਜ਼ਾਰ ਨੂੰ ਪੱਕਾ ਕਰਾਂਗੇ। ਜੋ ਕਹਿੰਦੇ ਹਾਂ, ਉਹ ਕਰਦੇ ਹਾਂ।''
ਜ਼ਿਕਰਯੋਗ ਹੈ ਕਿ ਅਧਿਆਪਕ ਦਿਵਸ ਮੌਕੇ ਸੀ.ਐਮ ਮਾਨ ਨੇ ਕਿਹਾ ਸੀ ਕਿ ਜਲਦ ਹੀ 8,736 ਅਧਿਆਪਕਾਂ ਨੂੰ ਰੈਗੂਲਰ ਕੀਤਾ ਜਾਵੇਗਾ। ਦੱਸ ਦੇਈਏ ਕਿ ਇਹ ਐਲਾਨ ਮੁੱਖ ਮਤੰਰੀ ਭਗਵੰਤ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਮੀਟਿੰਗ ਦੌਰਾਨ ਕੀਤਾ ਸੀ।
Summary in English: The Punjab government gave Diwali gifts to the teachers