Shrimp Farming in Punjab: ਪੰਜਾਬ ਸਰਕਾਰ ਸੂਬੇ ਵਿੱਚ ਝੀਂਗਾ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਹੀ ਕਾਰਨ ਹੈ ਕਿ ਸਰਕਾਰ ਸਮੇਂ-ਸਮੇਂ 'ਤੇ ਸ਼ਿਲਾਘਯੋਗ ਉਪਰਾਲਿਆਂ ਰਾਹੀਂ ਝੀਂਗਾ ਪਾਲਣ ਦੇ ਕਿੱਤੇ ਨੂੰ ਹੁਲਾਰਾ ਦੇਣ ਦਾ ਕੰਮ ਕਰਦੀ ਰਹਿੰਦੀ ਹੈ। ਇਸੇ ਲਾਡੀ 'ਚ ਹੁਣ ਮੱਛੀ ਪਾਲਣ ਵਿਭਾਗ ਵੱਲੋਂ ਫਾਈਨ ਆਰਟ ਦੀ ਵਿਦਿਆਰਥਣ ਤੋਂ ਤਿਆਰ ਕਰਵਾਇਆ ਪੋਸਟਰ ਕੀਤਾ ਜਾਰੀ ਗਿਆ ਅਤੇ ਵਿਦਿਆਰਥਣ ਨੂੰ 10,000 ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ।
ਪੰਜਾਬ ਸਰਕਾਰ ਚਾਹੁੰਦੀ ਹੈ ਕਿ ਸੂਬੇ ਦਾ ਹਰ ਵਰਗ ਖੁਸ਼ਹਾਲ ਹੋਵੇ ਅਤੇ ਆਪਣੇ ਕਿੱਤੇ ਵਿੱਚ ਵਧੀਆ ਪ੍ਰਦਰਸ਼ਨ ਕਰਕੇ ਚੰਗਾ ਮੁਨਾਫਾ ਹਾਸਲ ਕਰੇ। ਇਸ ਮੰਤਵ ਲਈ ਮੱਛੀ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਵਿੱਚ ਝੀਂਗਾ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਨੂੰ ਇਸ ਧੰਦੇ ਪ੍ਰਤੀ ਜਾਗਰੂਕ ਕਰਨ ਲਈ ਮੱਛੀ ਪਾਲਣ ਵਿਭਾਗ ਦੇ ਫਾਈਨ ਆਰਟ ਦੇ ਵਿਦਿਆਰਥੀ ਵੱਲੋਂ ਤਿਆਰ ਕੀਤਾ ਇੱਕ ਪੋਸਟਰ ਜਾਰੀ ਕੀਤਾ।
ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਮੱਛੀ ਪਾਲਣ ਵਿਭਾਗ ਵੱਲੋਂ ਪੋਸਟਰ ਬਣਵਾਉਣ ਲਈ ਸਰਕਾਰੀ ਫ਼ਾਈਨ ਆਰਟ ਕਾਲਜ, ਸੈਕਟਰ-10, ਚੰਡੀਗੜ੍ਹ ਦੇ ਵਿਦਿਆਰਥੀਆਂ ਦਾ ਵਿਸ਼ੇਸ਼ ਮੁਕਾਬਲਾ ਕਰਵਾਇਆ ਗਿਆ ਸੀ, ਜਿਸ ਵਿੱਚ ਵਿਦਿਆਰਥਣ ਪ੍ਰਨੀਤ ਕੌਰ ਨੇ ਬਾਜ਼ੀ ਮਾਰੀ ਅਤੇ ਉਨ੍ਹਾਂ ਦੇ ਪੋਸਟਰ ਦੀ ਚੋਣ ਕੀਤੀ ਗਈ।
ਵਿਦਿਆਰਥਣ ਨੂੰ ਮਿਲਿਆ ਇਨਾਮ
ਸੂਬਾ ਸਰਕਾਰ ਵੱਖ-ਵੱਖ ਪਹਿਲਕਦਮੀਆਂ ਕਰ ਰਹੀ ਹੈ ਤਾਂ ਜੋ ਕਿਸਾਨ ਆਪਣੇ ਕਾਰੋਬਾਰ ਤੋਂ ਵੱਧ ਤੋਂ ਵੱਧ ਲਾਭ ਲੈ ਸਕਣ। ਇਸੇ ਲੜੀ 'ਚ ਝੀਂਗਾ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਦਿਆਰਥਣ ਪ੍ਰਨੀਤ ਕੌਰ ਨੂੰ 10 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ।
ਪੰਜਾਬ ਦੇ 5 ਜ਼ਿਲ੍ਹੇ ਝੀਂਗਾ ਪਾਲਣ ਲਈ ਲਾਭਕਾਰੀ
ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਝੀਂਗਾ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਦੱਖਣੀ-ਪੱਛਮੀ 5 ਜ਼ਿਲ੍ਹਿਆਂ ਦੀਆਂ ਜ਼ਮੀਨਾਂ ਸੇਮ ਅਤੇ ਖਾਰੇਪਣ ਦੀ ਮਾਰ ਹੇਠ ਹਨ ਅਤੇ ਖੇਤੀ ਤੋਂ ਵਾਂਝੀਆਂ ਪਈਆਂ ਗਈਆਂ ਹਨ, ਜਿਨ੍ਹਾਂ ਵਿੱਚ ਝੀਂਗਾ ਪਾਲਣ ਬਹੁਤ ਲਾਭਕਾਰੀ ਸਿੱਧ ਹੋ ਰਿਹਾ ਹੈ। ਦੱਸ ਦੇਈਏ ਕਿ ਇਨ੍ਹਾਂ ਜ਼ਿਲ੍ਹਿਆਂ 'ਚ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਫ਼ਰੀਦਕੋਟ ਅਤੇ ਫ਼ਾਜ਼ਿਲਕਾ ਹਨ।
ਇਹ ਵੀ ਪੜ੍ਹੋ : ਮੱਛੀ ਪਾਲਕਾਂ ਲਈ ਸੁਨਹਿਰੀ ਮੌਕਾ, ਪੰਜਾਬ ਸਰਕਾਰ ਮੱਛੀ ਪਾਲਣ ਲਈ ਦੇ ਰਹੀ ਹੈ 40% ਸਬਸਿਡੀ
ਝੀਂਗਾ ਪਾਲਣ ਲਈ ਟ੍ਰੇਨਿੰਗ ਸੈਂਟਰ
ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਝੀਂਗਾ ਪਾਲਣ ਨੂੰ ਪ੍ਰਫੁੱਲਿਤ ਕਰਨ ਲਈ ਮੱਛੀ ਪਾਲਣ ਵਿਭਾਗ ਦਾ ਇੱਕ ਟ੍ਰੇਨਿੰਗ ਸੈਂਟਰ, ਪਿੰਡ ਈਨਾ ਖੇੜਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕਿਸਾਨਾਂ ਨੂੰ ਵੱਖ-ਵੱਖ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। ਇਸ ਸੈਂਟਰ ਤੋਂ ਕਿਸਾਨ ਝੀਂਗਾ ਪਾਲਣ ਦੀ ਮੁਫ਼ਤ ਟ੍ਰੇਨਿੰਗ ਪ੍ਰਾਪਤ ਕਰ ਸਕਦੇ ਹਨ। ਇਸ ਤੋਂ ਇਲਾਵਾ ਮਿੱਟੀ ਪਾਣੀ ਦੇ ਨਮੂਨਿਆਂ ਦੀ ਪਰਖ ਸਹੂਲਤ ਵੀ ਇਸ ਸੈਂਟਰ ’ਤੇ ਪ੍ਰਦਾਨ ਕੀਤੀ ਜਾਂਦੀ ਹੈ।
ਸਰਕਾਰ ਵੱਲੋਂ 40 ਤੋਂ 60 ਫ਼ੀਸਦੀ ਸਬਸਿਡੀ
ਮੱਛੀ ਪਾਲਣ ਮੰਤਰੀ ਨੇ ਦੱਸਿਆ ਕਿ ਝੀਂਗਾ ਪਾਲਣ ਦਾ ਸੂਬੇ ਵਿੱਚ ਪਸਾਰ ਕਰਨ ਲਈ ਸਰਕਾਰ ਵੱਲੋਂ 40 ਤੋਂ 60 ਫ਼ੀਸਦੀ ਸਬਸਿਡੀ ਪ੍ਰਦਾਨ ਕੀਤੀ ਜਾ ਰਹੀ ਹੈ। ਸੂਬੇ ਦੇ ਦੱਖਣ-ਪੱਛਮੀ ਜ਼ਿਲ੍ਹਿਆਂ ਦੇ ਕਿਸਾਨ ਇਸ ਸਹੂਲਤ ਦਾ ਲਾਭ ਉਠਾ ਸਕਦੇ ਹਨ ਅਤੇ ਇਹ ਕਾਰੋਬਾਰ ਸ਼ੁਰੂ ਕਰਕੇ ਵੱਧ ਮੁਨਾਫ਼ਾ ਕਮਾ ਸਕਦੇ ਹਨ।
ਅਪ੍ਰੈਲ ਮਹੀਨੇ 'ਚ ਕਰੋ ਝੀਂਗਾ ਪਾਲਣ
ਜਾਣਕਾਰੀ ਲਈ ਦੱਸ ਦੇਈਏ ਕਿ ਝੀਂਗਾ ਪਾਲਣ 120 ਦਿਨਾਂ ਦੀ ਗਰਮੀ ਰੁੱਤ ਦੀ ਫ਼ਸਲ ਹੈ। ਪੰਜਾਬ ਵਿੱਚ ਝੀਂਗੇ ਦੇ ਪੂੰਗ ਦੀ ਸਟਾਕਿੰਗ ਅਪ੍ਰੈਲ ਦੇ ਮਹੀਨੇ ਵਿੱਚ ਕੀਤੀ ਜਾਂਦੀ ਹੈ ਅਤੇ ਇਸ ਦੀ ਫ਼ਸਲ ਅਗਸਤ ਮਹੀਨੇ ਵਿੱਚ ਪ੍ਰਾਪਤ ਕਰ ਲਈ ਜਾਂਦੀ ਹੈ।
Summary in English: These 5 districts of Punjab are profitable for shrimp farming: Laljit Bhullar