KVK Sangrur: ਕ੍ਰਿਸ਼ੀ ਵਿਗਆਨ ਕੇਂਦਰ ਵੱਲੋਂ ਸਮੇਂ-ਸਮੇਂ 'ਤੇ ਕਿੱਤਾ ਮੁੱਖੀ ਸਿਖਲਾਈ ਕੋਰਸਾਂ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਦਾ ਮਕਸਦ ਬੇਰੁਜ਼ਗਾਰੀ ਦੀ ਸਮੱਸਿਆ ਨੂੰ ਠੱਲ੍ਹ ਪਾਉਣਾ ਅਤੇ ਪਰਿਵਾਰ ਦੀ ਆਮਦਨ ਵਿੱਚ ਵਾਧਾ ਕਰਨਾ ਹੈ, ਤਾਂ ਜੋ ਵੱਧ ਤੋਂ ਵੱਧ ਲੋਕ ਆਤਮ-ਨਿਰਭਰ ਬਣ ਸਕਣ।
ਇਸ ਲੜੀ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU), ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਵਿਖੇ 21-28 ਅਗਸਤ ਤੱਕ "ਬੇਕਰੀ ਅਤੇ ਕਨਫੈਕਸ਼ਨਰੀ" ਵਿੱਚ ਹੁਨਰ ਸਿਖਾਉਣ ਸਬੰਧੀ ਪੰਜ-ਦਿਨਾਂ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ ਗਿਆ।
ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਅਤੇ ਆਈ.ਸੀ.ਏ.ਆਰ.-ਅਟਾਰੀ, ਜ਼ੋਨ 1, ਲੁਧਿਆਣਾ ਦੀ ਅਗਵਾਈ ਹੇਠ 21.08.2024 ਤੋਂ 28.08.2024 ਤੱਕ "ਬੇਕਰੀ ਅਤੇ ਕਨਫੈਕਸ਼ਨਰੀ" ਵਿੱਚ ਹੁਨਰ ਸਿਖਾਉਣ ਸਬੰਧੀ ਪੰਜ-ਦਿਨਾਂ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ ਗਿਆ। ਜਿਸ ਵਿੱਚ ਜ਼ਿਲ੍ਹਾ ਸੰਗਰੂਰ ਦੀਆਂ 30 ਕਿਸਾਨ ਬੀਬੀਆਂ ਅਤੇ ਨੌਜਵਾਨ ਕਿਸਾਨਾਂ ਨੇ ਭਾਗ ਲਿਆ।
ਡਾ. ਮਨਦੀਪ ਸਿੰਘ, ਐਸੋਸੀਏਟ ਡਾਇਰੈਕਟਰ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਭਾਗ ਲੈਣ ਵਾਲਿਆਂ ਦਾ ਨਿੱਘਾ ਸੁਆਗਤ ਕੀਤਾ ਅਤੇ ਸਿਖਿਆਰਥੀਆਂ ਨੂੰ ਸਵੈ ਸਹਾਇਤਾ ਸਮੂਹ ਬਣਾਉਣ ਅਤੇ ਵਪਾਰਕ ਉੱਦਮ ਦੇ ਮੌਕਿਆਂ ਦੀ ਖੋਜ ਕਰਨ ਲਈ ਉਤਸ਼ਾਹਿਤ ਕੀਤਾ। ਡਾ. ਮਨਦੀਪ ਸਿੰਘ ਨੇ ਸਿਖਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੇ ਉਤਪਾਦ ਤਿਆਰ ਕਰਨ ਅਤੇ ਨੈਤਿਕ ਨਿਯਮਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ।
ਡਾ. ਵਿਪਨ ਕੁਮਾਰ ਰਾਮਪਾਲ, ਐਸੋਸੀਏਟ ਡਾਇਰੈਕਟਰ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਫਤਹਿਗੜ੍ਹ ਸਾਹਿਬ ਨੇ ਵੀ ਆਪਣੀ ਵਿਸ਼ੇਸ਼ ਹਾਜ਼ਰੀ ਨਾਲ ਸਮਾਪਤੀ ਦਿਵਸ ਦੀ ਸ਼ੋਭਾ ਵਧਾਈ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਮਹਿਲਾ ਕਿਸਾਨ ਬੇਕਰੀ ਅਤੇ ਕਨਫੈਕਸ਼ਨਰੀ ਨੂੰ ਉਦਯੋਗ ਵਜੋਂ ਅਪਣਾ ਕੇ ਆਪਣੀ ਪਰਿਵਾਰਕ ਆਮਦਨ ਵਧਾ ਸਕਦੀਆਂ ਹਨ। ਉਨ੍ਹਾਂ ਨੇ ਭਾਗੀਦਾਰਾਂ ਨੂੰ ਇਸ ਸਿਖਲਾਈ ਤੋਂ ਪ੍ਰਾਪਤ ਗਿਆਨ ਦੀ ਵਰਤੋਂ ਸਵੈ-ਰੁਜ਼ਗਾਰ ਵੱਲ ਵਧਣ ਦੀ ਅਪੀਲ ਕੀਤੀ।
ਡਾ. ਵਿਤਸਤਾ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਅਤੇ ਸਿਖਲਾਈ ਪ੍ਰੋਗਰਾਮ ਦੇ ਕੋਰਸ ਕੋਆਰਡੀਨੇਟਰ ਨੇ ਕੇਕ, ਬਿਸਕੁਟ, ਕੁਕੀਜ਼ ਅਤੇ ਚਾਕਲੇਟਾਂ ਸਮੇਤ ਵੱਖ-ਵੱਖ ਬੇਕਰੀ ਉਤਪਾਦਾਂ ਨੂੰ ਤਿਆਰ ਕਰਨ ਦੀ ਸਿਖਲਾਈ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਉਤਪਾਦਾਂ ਨੂੰ ਮੁਲਵਾਨ ਬਨਾਉਣ ਲਈ ਡੈਕੋਰੇਸ਼ਨ ਕਰਨ ਦੀਆਂ ਤਕਨੀਕਾਂ ‘ਤੇ ਵੀ ਚਾਨਣਾ ਪਾਇਆ।
Summary in English: Women Farmer can increase their family income through bakery and confectionery: Dr. Vipan Kumar Rampal