Weather Forecast: ਭਾਰਤ ਦੇ ਵੱਖ-ਵੱਖ ਸੂਬਿਆਂ 'ਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਕਾਰਨ ਲੋਕਾਂ ਦਾ ਬੁਰਾ ਹਾਲ ਹੋ ਰਿਹਾ ਹੈ। ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ ਇੱਥੇ ਪਿਛਲੇ ਕੁਝ ਦਿਨਾਂ ਤੋਂ ਤਾਪਮਾਨ ਲਗਾਤਾਰ ਵਧ ਰਿਹਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਜਲਦ ਹੀ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਹਲਕੀ ਬਾਰਿਸ਼ ਹੋ ਸਕਦੀ ਹੈ, ਜਿਸ ਨਾਲ ਦੇਸ਼ ਵਾਸੀਆਂ ਨੂੰ ਪੈ ਰਹੀ ਗਰਮੀ ਤੋਂ ਰਾਹਤ ਮਿਲ ਸਕਦੀ ਹੈ।
ਮੌਨਸੂਨ ਦੀ ਗੱਲ ਕਰੀਏ ਤਾਂ IMD ਨੇ ਦੱਖਣ-ਪੱਛਮੀ ਮੌਨਸੂਨ ਦੱਖਣੀ ਅੰਡੇਮਾਨ ਸਾਗਰ, ਦੱਖਣ-ਪੂਰਬੀ ਬੰਗਾਲ ਦੀ ਖਾੜੀ ਅਤੇ ਨਿਕੋਬਾਰ ਦੇ ਕੁਝ ਹਿੱਸਿਆਂ ਵਿੱਚ ਤੇਜ਼ੀ ਨਾਲ ਅੱਗੇ ਵਧਣ ਦੀ ਗੱਲ ਕਹੀ ਹੈ।
ਦਿੱਲੀ ਦਾ ਮੌਸਮ
ਮੌਸਮ ਵਿਭਾਗ ਨੇ ਰਾਜਧਾਨੀ ਦਿੱਲੀ ਵਿੱਚ 25 ਮਈ ਤੱਕ ਹੀਟ ਵੇਵ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਤੇਜ਼ ਗਰਮ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਅਨੁਮਾਨ ਹੈ ਕਿ ਦਿੱਲੀ 'ਚ ਇਸ ਹਫਤੇ ਤਾਪਮਾਨ 45 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਆਈਐਮਡੀ ਮੁਤਾਬਕ ਇਸ ਪੂਰੇ ਹਫ਼ਤੇ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 44 ਤੋਂ 45 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ। ਜਦੋਂਕਿ, ਘੱਟੋ-ਘੱਟ ਤਾਪਮਾਨ 28 ਤੋਂ 30 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਦਿੱਲੀ ਦਾ ਨਜਫਗੜ੍ਹ ਇਲਾਕਾ ਐਤਵਾਰ ਨੂੰ ਵੀ ਦੇਸ਼ ਦਾ ਸਭ ਤੋਂ ਗਰਮ ਰਿਹਾ। ਇੱਥੇ ਵੱਧ ਤੋਂ ਵੱਧ ਤਾਪਮਾਨ 47.8 ਡਿਗਰੀ ਰਿਹਾ, ਜੋ ਆਮ ਨਾਲੋਂ ਸੱਤ ਡਿਗਰੀ ਵੱਧ ਹੈ।
ਪੰਜਾਬ-ਹਰਿਆਣਾ ਦਾ ਮੌਸਮ
ਪੰਜਾਬ ਵਿੱਚ ਅੱਤ ਦੀ ਗਰਮੀ ਦਾ ਕਹਿਰ ਜਾਰੀ ਹੈ। ਸੂਬੇ ਵਿੱਚ ਦਿਨੋਂ ਦਿਨ ਤਾਪਮਾਨ ਵਧਦਾ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਦਾ ਜਿਊਣਾ ਮੁਸ਼ਕਿਲ ਹੋ ਗਿਆ ਹੈ। ਗਰਮ ਹਵਾਵਾਂ ਕਾਰਨ ਸੂਬੇ ਦੇ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਤਾਪਮਾਨ 44 ਡਿਗਰੀ ਨੂੰ ਪਾਰ ਕਰ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਲੁਧਿਆਣਾ ਜ਼ਿਲ੍ਹੇ ਦਾ ਸਮਰਾਲਾ ਸ਼ਨੀਵਾਰ ਨੂੰ ਵੀ ਸਭ ਤੋਂ ਗਰਮ ਰਿਹਾ। ਇੱਥੇ ਤਾਪਮਾਨ 46.1 ਦਰਜ ਕੀਤਾ ਗਿਆ, ਜੋ ਆਮ ਨਾਲੋਂ 5.5 ਡਿਗਰੀ ਵੱਧ ਹੈ। ਫਿਲਹਾਲ ਮੌਸਮ ਵਿਭਾਗ ਨੇ ਪੰਜਾਬ ਦੇ ਚਾਰ ਜ਼ਿਲ੍ਹਿਆਂ ਮਾਨਸਾ, ਬਠਿੰਡਾ, ਮੁਕਤਸਰ ਅਤੇ ਫਾਜ਼ਿਲਕਾ ਲਈ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।
ਪੰਜਾਬ ਨਾਲ ਲੱਗਦੇ ਗੁਆਂਢੀ ਸੂਬੇ ਹਰਿਆਣਾ ਵਿੱਚ ਗਰਮੀ ਦਾ ਕਹਿਰ ਲੋਕਾਂ ਨੂੰ ਤੜਫਾਉਣ ਦਾ ਕੰਮ ਕਰ ਰਿਹਾ ਹੈ, ਜਿਸਦੇ ਚਲਦਿਆਂ 11 ਜ਼ਿਲ੍ਹਿਆਂ ਦੇ ਸਕੂਲਾਂ 'ਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਕਰਨਾਲ, ਕੈਥਲ ਅਤੇ ਰੇਵਾੜੀ ਵਿੱਚ 5ਵੀਂ ਜਮਾਤ ਤੱਕ, ਹਿਸਾਰ, ਕੁਰੂਕਸ਼ੇਤਰ, ਸਿਰਸਾ, ਜੀਂਦ, ਸੋਨੀਪਤ, ਨੂਹ ਅਤੇ ਪਾਣੀਪਤ ਵਿੱਚ ਅੱਠਵੀਂ ਜਮਾਤ ਤੱਕ ਅਤੇ ਚਰਖੀ ਦਾਦਰੀ ਵਿੱਚ 24 ਮਈ ਤੱਕ ਸਕੂਲ ਬੰਦ ਰਹਿਣਗੇ।
ਮੌਸਮ ਦੀਆਂ ਗਤੀਵਿਧੀਆਂ
ਅਗਲੇ 7 ਦਿਨਾਂ ਦੌਰਾਨ ਯਾਨਮ, ਤੇਲੰਗਾਨਾ ਅਤੇ ਰਾਇਲਸੀਮਾ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਦਾ ਕਹਿਣਾ ਹੈ ਕਿ 22 ਮਈ ਤੱਕ ਤੱਟਵਰਤੀ ਕਰਨਾਟਕ ਅਤੇ ਦੱਖਣੀ ਅੰਦਰੂਨੀ ਕਰਨਾਟਕ ਵਿੱਚ ਅਲੱਗ-ਥਲੱਗ ਭਾਰੀ ਬਾਰਿਸ਼ ਹੋ ਸਕਦੀ ਹੈ। ਅੱਜ ਤਾਮਿਲਨਾਡੂ, ਪੁਡੂਚੇਰੀ, ਕਰਾਈਕਲ, ਕੇਰਲ ਅਤੇ ਮਾਹੇ 'ਚ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਅੱਜ ਕੋਂਕਣ, ਗੋਆ, ਮੱਧ ਮਹਾਰਾਸ਼ਟਰ, ਮਰਾਠਵਾੜਾ ਅਤੇ ਮੱਧ ਪ੍ਰਦੇਸ਼ ਵਿੱਚ ਬਿਜਲੀ ਅਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਮੀਂਹ ਪੈ ਸਕਦਾ ਹੈ।
ਅਗਲੇ 7 ਦਿਨਾਂ ਦੌਰਾਨ ਓਡੀਸ਼ਾ, ਗੰਗਾ ਪੱਛਮੀ ਬੰਗਾਲ, ਛੱਤੀਸਗੜ੍ਹ, ਬਿਹਾਰ ਅਤੇ ਝਾਰਖੰਡ ਵਿੱਚ ਮੀਂਹ ਪੈ ਸਕਦਾ ਹੈ। ਇਸ ਦੌਰਾਨ, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜੰਮੂ-ਕਸ਼ਮੀਰ-ਲਦਾਖ-ਗਿਲਗਿਤ-ਬਾਲਟਿਸਤਾਨ-ਮੁਜ਼ੱਫਰਾਬਾਦ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ 'ਚ ਅਗਲੇ 7 ਦਿਨਾਂ ਦੌਰਾਨ ਹਲਕੀ ਬਾਰਿਸ਼ ਅਤੇ ਬਿਜਲੀ ਡਿੱਗਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਮੌਸਮ ਵਿਭਾਗ ਦੇ ਅਨੁਸਾਰ, ਰਾਜਸਥਾਨ, ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਗੁਜਰਾਤ ਵਿੱਚ ਕੁਝ ਥਾਵਾਂ 'ਤੇ ਵੱਧ ਤੋਂ ਵੱਧ ਤਾਪਮਾਨ 43-46 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ। ਬਿਹਾਰ 'ਚ ਜ਼ਿਆਦਾਤਰ ਥਾਵਾਂ 'ਤੇ ਤਾਪਮਾਨ 40-42 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਰਾਜਸਥਾਨ, ਪੰਜਾਬ, ਹਰਿਆਣਾ-ਚੰਡੀਗੜ੍ਹ-ਦਿੱਲੀ ਦੇ ਕਈ ਇਲਾਕਿਆਂ ਵਿੱਚ ਹੀਟ ਵੇਵ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਕੋਂਕਣ, ਗੋਆ ਅਤੇ ਉਪ-ਹਿਮਾਲਿਆ ਪੱਛਮੀ ਬੰਗਾਲ ਵਿੱਚ 20 ਮਈ ਦੌਰਾਨ ਗਰਮ ਅਤੇ ਨਮੀ ਵਾਲਾ ਮੌਸਮ ਹੋਣ ਦੀ ਸੰਭਾਵਨਾ ਹੈ।
Summary in English: Punjab Alert: Red alert of heat wave in these four districts of Punjab, Ludhiana district is the hottest, hope to get relief from this day